ਡਿਪਟੀ ਕਮਿਸ਼ਨਰ ਵੱਲੋਂ ਕਲੱਸਟਰ ਤੇ ਨੋਡਲ ਅਫ਼ਸਰਾਂ ਨੂੰ ਸ਼ਾਮ ਤੱਕ ਫੀਲਡ ’ਚ ਮੌਜੂਦ ਰਹਿਣ ਦੀਆਂ ਹਦਾਇਤਾਂ

ਜਲੰਧਰ, 2 ਨਵੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜ਼ਿਲ੍ਹੇ ਵਿੱਚ ਫ਼ਸਲ ਦੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਦਾ ਜਾਇਜ਼ਾ ਲੈਂਦਿਆਂ ਸਮੂਹ ਕਲੱਸਟਰ ਅਤੇ ਨੋਡਲ ਅਫ਼ਸਰਾਂ ਨੂੰ ਉਨ੍ਹਾਂ ਨੂੰ ਅਲਾਟ ਕੀਤੇ ਗਏ ਖੇਤਰਾਂ ਵਿੱਚ ਸ਼ਾਮ ਤੱਕ ਮੌਜੂਦ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ, ਸਮੂਹ ਐਸ.ਡੀ.ਐਮਜ਼, ਖੇਤੀਬਾੜੀ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਆਉਣ ਵਾਲੇ ਕੁਝ ਦਿਨ ਬੇਹੱਦ ਮਹੱਤਵਪੂਰਨ ਹਨ ਅਤੇ ਸਖ਼ਤ ਨਿਗਰਾਨੀ ਨਾਲ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਉਨ੍ਹਾਂ ਸਮੂਹ ਕਲੱਸਟਰ ਅਤੇ ਨੋਡਲ ਅਫ਼ਸਰਾਂ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਠੱਲ਼੍ਹ ਪਾਉਣ ਲਈ ਫੀਲਡ ਵਿੱਚ ਵਧੇਰੇ ਚੌਕਸੀ ਨਾਲ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ। 
ਡਾ. ਅਗਰਵਾਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਅੱਗ ਲੱਗਣ ਦੀ ਕੋਈ ਵੀ ਘਟਨਾ ਸਾਹਮਣੇ ਆਉਣ ’ਤੇ ਤੁਰੰਤ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਮੈਜਿਸਟ੍ਰੇਟਸ ਨੂੰ ਵੀ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਕਲੱਸਟਰ ਤੇ ਨੋਡਲ ਅਫ਼ਸਰਾਂ ਦੀਆਂ ਗਤੀਵਿਧੀਆਂ ’ਤੇ ਨਿਗ੍ਹਾ ਰੱਖਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਉਨ੍ਹਾਂ ਦੀ ਸਬ ਡਵੀਜ਼ਨ ਨਾਲ ਸਬੰਧਤ ਕਲੱਸਟਰ ਤੇ ਨੋਡਲ ਅਫ਼ਸਰ ਫੀਲਡ ਵਿੱਚ ਮੌਜੂਦ ਰਹਿਣ ਤਾਂ ਜੋ ਫ਼ਸਲ ਦੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਨਾ ਵਾਪਰ ਸਕਣ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਅਧਿਕਾਰੀਆਂ ਨੂੰ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂਹੰਦ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਇਸ ਸਬੰਧੀ ਪੂਰਾ ਸਹਿਯੋਗ ਦੇਣ ਲਈ ਵੀ ਕਿਹਾ।
ਇਸ ਮੌਕੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਸਹਿਕਾਰੀ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।

Leave a Comment

Your email address will not be published. Required fields are marked *

Scroll to Top