ਜਲੰਧਰ, 26 ਅਗਸਤ : ਸਥਾਨਕ ਪੁਲਿਸ ਲਾਈਨਜ਼ ਵਿਖੇ ਹੋਏ ਇੱਕ ਸਨਮਾਨ ਸਮਾਰੋਹ ਦੌਰਾਨ, ਪੁਲਿਸ ਕਮਿਸ਼ਨਰ ਸ੍ਰੀਮਤੀ ਧਨਪ੍ਰੀਤ ਕੌਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਲਈ 18 ਪੁਲਿਸ ਅਧਿਕਾਰੀਆਂ ਨੂੰ ਕਲਾਸ-I (CC-1) ਅਤੇ ਕੁੱਲ 1,46,000 ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ । ਇਹ ਇਨਾਮ ਪ੍ਰਾਪਤ ਕਰਨ ਵਾਲਿਆਂ ਵਿੱਚ 2 ਸਬ-ਇੰਸਪੈਕਟਰ ਅਤੇ 16 ਅਸਿਸਟੈਂਟ ਸਬ-ਇੰਸਪੈਕਟਰ (ASI) ਸ਼ਾਮਿਲ ਹਨ।

ਇਸ ਮੌਕੇ ਪੁਲਿਸ ਕਮਿਸ਼ਨਰ ਸ੍ਰੀਮਤੀ ਧਨਪ੍ਰੀਤ ਕੌਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਵਿੱਚ ਇਨ੍ਹਾਂ ਅਧਿਕਾਰੀਆਂ ਦੀ ਮਿਹਨਤ ਬਹੁਤ ਹੀ ਮਹੱਤਵਪੂਰਣ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਨਿਸ਼ਠਾ, ਇਮਾਨਦਾਰੀ ਅਤੇ ਹਿੰਮਤ ਕਾਬਿਲ-ਏ-ਤਾਰੀਫ਼ ਹੈ, ਜੋ ਜਲੰਧਰ ਪੁਲਿਸ ਵੱਲੋਂ ਨਸ਼ਾ-ਮੁਕਤ ਸਮਾਜ ਸਿਰਜਣ ਲਈ ਕੀਤੀਆਂ ਜਾ ਰਹੀਆਂ ਲਗਾਤਾਰ ਕੋਸ਼ਿਸ਼ਾਂ ਨੂੰ ਹੋਰ ਮਜ਼ਬੂਤ ਬਣਾਉਂਦੀ ਹੈ।

ਇਸ ਸਮਾਗਮ ਵਿੱਚ ਡੀ.ਸੀ.ਪੀ (ਇਨਵੈਸਟੀਗੇਸ਼ਨ) ਸ਼੍ਰੀ ਮਨਪ੍ਰੀਤ ਸਿੰਘ ਢਿੱਲੋਂ ਅਤੇ ਏ.ਡੀ.ਸੀ.ਪੀ ਹੈੱਡਕੁਆਰਟਰਜ਼ ਸ਼੍ਰੀ ਸੁਖਵਿੰਦਰ ਸਿੰਘ ਵੀ ਹਾਜ਼ਰ ਸਨ। ਉਨ੍ਹਾਂ ਨੇ ਵੀ ਇਨ੍ਹਾਂ ਅਧਿਕਾਰੀਆਂ ਦੀ ਪ੍ਰਸ਼ੰਸਾ ਕੀਤੀ ਅਤੇ ਭਵਿੱਖ ਵਿੱਚ ਵੀ ਅਜਿਹੀ ਹੀ ਲਾਜਵਾਬ ਕਾਰਗੁਜ਼ਾਰੀ ਜਾਰੀ ਰੱਖਣ ਪ੍ਰੇਰਿਤ ਕੀਤਾ।
