ਜਲੰਧਰ (ਬਿਊਰੋ ਰਿਪੋਰਟ) – ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਚੋਣ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕ ਸਭਾ ਚੋਣਾਂ ਦੌਰਾਨ ਹਰੇਕ ਵਿਅਕਤੀ ਨੂੰ ਬਿਨਾਂ ਕਿਸੇ ਪਰੇਸ਼ਾਨੀ ਦੇ ਵੋਟ ਪਾਉਣ ਲਈ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਪਾਬੰਦ ਹੈ।
ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਲੋਕ ਸਭਾ ਚੋਣਾਂ-2024 ਨੂੰ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜਨ ਲਈ ਕੀਤੇ ਜਾਣ ਵਾਲੇ ਸਾਰੇ ਪ੍ਰਬੰਧਾਂ ਨੂੰ ਸਮੇਂ ਸਿਰ ਨੇਪਰੇ ਚਾੜਨ ਨੂੰ ਯਕੀਨੀ ਬਣਾਇਆ ਜਾਵੇ।
ਉਨਾਂ ਲੋਕ ਸਭਾ ਚੋਣਾਂ-2024 ਨੂੰ ਨਿਰਪੱਖ, ਸ਼ਾਂਤਮਈ ਅਤੇ ਪਾਰਦਰਸ਼ੀ ਢੰਗ ਨਾਲ ਕਰਵਾੳਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਕੀਤੇ ਜਾ ਰਹੇ ਵੱਖ-ਵੱਖ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਲੋਕ ਸਭਾ ਚੋਣਾਂ-2024 ਦੌਰਾਨ 85 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਘਰ ਤੋਂ ਵੋਟ ਪਾਉਣ ਲਈ ਪੁਖ਼ਤਾ ਇੰਤਜ਼ਾਮ ਕੀਤੇ ਜਾਣ ਤਾਂ ਜੋ ਇਨਾਂ ਬਜ਼ੁਰਗਾਂ ਨੂੰ ਵੋਟਾਂ ਵਾਲੇ ਦਿਨ ਵੋਟ ਪਾਉਣ ਵਿੱਚ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਡਾ.ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਲੋਕ ਸਭਾ ਚੋਣਾਂ ਦੌਰਾਨ 70 ਫੀਸਦੀ ਵੋਟਾਂ ਦੇ ਨਿਸ਼ਚਿਤ ਟੀਚੇ ਨੂੰ ਹਾਸਿਲ ਕਰਨ ਲਈ ਜ਼ਿਲ੍ਹੇ ਵਿੱਚ ਪਿਛਲੀਆਂ ਚੋਣਾਂ ਦੌਰਾਨ ਘੱਟ ਵੋਟ ਫੀਸਦੀ ਵਾਲੇ ਇਲਾਕਿਆਂ ਵਿੱਚ ਸਵੀਪ ਪ੍ਰੋਗਰਾਮ ਤਹਿਤ ਵੱਧ ਤੋਂ ਵੱਧ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣ ਤਾਂ ਜੋ ਲੋਕਾਂ ਨੂੰ ਨੈਤਿਕ ਵੋਟਿੰਗ ਪ੍ਰਕਿਰਿਆ ਬਾਰੇ ਜਾਗਰੂਕ ਕਰਦਿਆਂ ਲੋਕਤੰਤਰੀ ਪ੍ਰਕਿਰਿਆ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ ਜਾ ਸਕੇ।

ਉਨਾਂ ਕਿਹਾ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਵੋਟਿੰਗ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਉਹ ਲੋਕਤੰਤਰ ਵਿੱਚ ਭਾਗੀਦਾਰ ਬਣ ਸਕਣ । ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਹਲਕੇ ਵਿੱਚ 18 ਤੋਂ 19 ਸਾਲ ਦੇ ਲਗਭਗ 40 ਹਜ਼ਾਰ ਵੋਟਰ ਹਨ ।
ਉਨ੍ਹਾਂ ਜ਼ਿਲ੍ਹੇ ਦੀਆਂ ਸਮੂਹ ਵਿਦਿਅਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਵੀ ਹਦਾਇਤ ਕੀਤੀ ਕਿ ਲੋਕ ਸਭਾ ਚੋਣਾਂ ਦੌਰਾਨ ਵੱਧ ਤੋਂ ਵੱਧ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਸਕੂਲਾਂ ’ਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਸਬੰਧੀ ਜਾਣੂੰ ਕਰਵਾਉਂਦਿਆਂ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਪ੍ਰਣ ਦੁਆਇਆ ਜਾਵੇ।
ਉਨ੍ਹਾਂ ਦੱਸਿਆ ਕਿ ਬੀ.ਐਲ.ਓਜ਼, ਵਲੰਟੀਅਰਾਂ, ਵਿਦਿਆਰਥੀਆਂ, ਆਂਗਣਵਾੜੀ ਵਰਕਰਾਂ, ਸੈਲਪ ਹੈਲਪ ਗਰੁੱਪਾਂ, ਨਹਿਰੂ ਯੁਵਾ ਕੇਂਦਰਾਂ, ਸਮਾਜ ਸੇਵੀ ਸੰਸਥਾਵਾਂ ਆਦਿ ਦੇ ਸਹਿਯੋਗ ਨਾਲ ਵਿਸ਼ੇਸ਼ ਜਾਗਰੂਕਤਾ ਮੁਹਿੰਮਾਂ ਵੀ ਚਲਾਈਆਂ ਜਾਣ।
ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ਹੋਰਨਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵੀਲ੍ਹ ਚੇਅਰਾਂ ਅਤੇ ਰੈਂਪ ਆਦਿ ਦੇ ਪੁਖ਼ਤਾ ਇੰਤਜ਼ਾਮ ਕਰਨ ਤੋਂ ਇਲਾਵਾ ਪੀਣ ਵਾਲੇ ਪਾਣੀ ਅਤੇ ਸਾਫ਼-ਸਫ਼ਾਈ ਦਾ ਖਾਸ ਧਿਆਨ ਰੱਖਿਆ ਜਾਵੇ।
ਉਨ੍ਹਾਂ ਇਹ ਵੀ ਕਿਹਾ ਕਿ ਇਸ ਤੋਂ ਇਲਾਵਾ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ਸਹੂਲਤ ਲਈ ਹਰੇਕ ਪੋਲਿੰਗ ਬੂਥ ਉਪਰ ਰੈਂਪ ਅਤੇ ਵੀਲ੍ਹ ਚੇਅਰ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮੇਜਰ ਅਮਿਤ ਮਹਾਜਨ , ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਤੇ ਜ਼ਿਲ੍ਹੇ ਦੇ ਸਮੂਹ ਸਹਾਇਕ ਰਿਟਰਨਿੰਗ ਅਫ਼ਸਰ ਅਤੇ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਪ੍ਰਿੰਸੀਪਲ ਤੇ ਨੁਮਾਇੰਦੇ ਹਾਜ਼ਰ ਸਨ।

















































