ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਐਨ.ਜੀ.ਓਜ਼ ਤੇ ਕਲੱਬਾਂ ਨੂੰ ਵੋਟਰ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣਨ ਦਾ ਸੱਦਾ

ਜਲੰਧਰ- ਲੋਕ ਸਭਾ ਚੋਣਾਂ-2024 ਦੌਰਾਨ ਵੋਟਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਗੈਰ ਸਰਕਾਰੀ ਸੰਗਠਨਾਂ ਤੇ ਕਲੱਬਾਂ ਨੂੰ ਵੋਟਰ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ ਹੈ।

ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਵੱਖ-ਵੱਖ ਐਨ.ਜੀ.ਓਜ਼ ਅਤੇ ਕਲੱਬਾਂ ਦੇ ਨੁਮਾਇੰਦਿਆਂ ਨੂੰ ਆਪਣੀਆਂ ਸੰਸਥਾਵਾਂ ਦੇ ਮੈਂਬਰਾਂ ਅਤੇ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਨੂੰ 1 ਜੂਨ ਨੂੰ ਵੋਟਾਂ ਵਾਲੇ ਦਿਨ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਹਾਜ਼ਰ ਪ੍ਰਤੀਨਿਧਾਂ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਸਾਰੇ ਵਰਗਾਂ ਨੂੰ ਇਸ ਲੋਕਤੰਤਰੀ ਪ੍ਰਕਿਰਿਆ ਨਾਲ ਜੋੜਨ ਲਈ ਅੱਗੇ ਆਉਣ ਦਾ ਹੌਕਾ ਦਿੱਤਾ ਤਾਂ ਜੋ ਕੋਈ ਵੀ ਯੋਗ ਵੋਟਰ ਆਪਣੀ ਵੋਟ ਦੇ ਅਧਿਕਾਰ ਦੇ ਇਸਤੇਮਾਲ ਤੋਂ ਵਾਂਝਾ ਨਾ ਰਹੇ।

ਡਾ. ਹਿਮਾਂਸ਼ੂ ਨੇ ਕਿਹਾ ਕਿ ਇਹ ਸੰਸਥਾਵਾਂ, ਜੋ ਕਿ ਸਮਾਜ ਭਲਾਈ ਦੇ ਕੰਮਾਂ ਰਾਹੀਂ ਲੋਕਾਂ ਨਾਲ ਜੁੜੀਆਂ ਹੋਈਆਂ ਹਨ, ਵੋਟਰਾਂ ਨੂੰ ਚੋਣ ਪ੍ਰਕਿਰਿਆ ਵਿੱਚ ਵਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਸਕਦੀਆਂ ਹਨ।

ਉਨ੍ਹਾਂ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਵੋਟਰਾਂ ਖਾਸ ਕਰ ਬਜ਼ੁਰਗ, ਦਿਵਿਆਂਗਜਨ ਅਤੇ ਨੌਜਵਾਨ ਵੋਟਰਾਂ ਨੂੰ ਨੈਤਿਕ ਮਤਦਾਨ ਲਈ ਉਤਸ਼ਾਹਿਤ ਕੀਤਾ ਜਾਵੇ ਤਾਂ ਜੋ ਲੋਕਤੰਤਰ ਦੇ ਇਸ ਸਭ ਤੋਂ ਵੱਡੇ ਤਿਉਹਾਰ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾ ਸਕੇ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਇਨ੍ਹਾਂ ਸੰਸਥਾਵਾਂ ਵੱਲੋਂ ਸਮਾਜ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਸਮਾਜ ਭਲਾਈ, ਲੋਕ ਭਲਾਈ, ਜਲੰਧਰ ਨੂੰ ਸਾਫ-ਸੁਥਰਾ, ਹਰਿਆ-ਭਰਿਆ ਬਣਾਉਣ ਲਈ ਹੋਰ ਕੰਮ ਕਰਨ ਲਈ ਹੱਲਾਸ਼ੇਰੀ ਦਿੱਤੀ।

ਉਨ੍ਹਾਂ ਇਹ ਕਿਹਾ ਕਿ ਪ੍ਰਸ਼ਾਸਨ ਵੱਲੋਂ ਨਿਯਮਿਤ ਤੌਰ ’ਤੇ ਐਨ.ਜੀ.ਓਜ਼ ਅਤੇ ਕਲੱਬਾਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ, ਐਸ.ਡੀ.ਐਮ. ਡਾ. ਜੈ ਇੰਦਰ ਸਿੰਘ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਇੰਦਰਦੇਵ ਸਿੰਘ ਮਿਨਹਾਸ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ ਅਤੇ ਵੱਖ-ਵੱਖ ਗੈਰ ਸਰਕਾਰੀ ਸੰਗਠਨਾਂ ਅਤੇ ਕਲੱਬਾਂ ਦੇ ਨੁਮਾਇੰਦੇ ਵੀ ਮੌਜੂਦ ਸਨ।

ਕੈਪਸ਼ਨ:  ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹੇ ਦੇ ਗੈਰ ਸਰਕਾਰੀ ਸੰਗਠਨਾਂ ਤੇ ਕਲੱਬਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ।

Leave a Comment

Your email address will not be published. Required fields are marked *

Scroll to Top