ਜਲੰਧਰ – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਖਾਸ ਕਰ ਫਸਟ ਟਾਈਮ ਵੋਟਰਾਂ ਨੂੰ ਪੰਜਾਬ ਦੀ ਅਮੀਰ ਵਿਰਾਸਤ ਨਾਲ ਜੋੜਨ ਅਤੇ ਲੋਕ ਸਭਾ ਚੋਣਾਂ ਦੌਰਾਨ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਉਤਸ਼ਾਹਿਤ ਕਰਨ ਲਈ 14 ਮਈ ਨੂੰ ‘ਹੈਰੀਟੇਜ ਵਾਕ’ ਕਰਵਾਈ ਜਾ ਰਹੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਲੋਕ ਸਭਾ ਚੋਣਾਂ-2024 ਦੌਰਾਨ ਵੋਟਰਾਂ ਵਿਸ਼ੇਸ਼ ਕਰ ਨੌਜਵਾਨਾਂ ਨੂੰ ਆਪਣੀ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਪਹਿਲੀ ਵਾਰ ਵੋਟ ਪਾਉਣ ਵਾਲੇ (ਫਸਟ ਟਾਈਮ) ਵੋਟਰਾਂ ਨੂੰ 14 ਮਈ ਨੂੰ ਮਹਾਰਾਜਾ ਰਣਜੀਤ ਸਿੰਘ ਕਿਲ੍ਹਾ ਫਿਲੌਰ ਅਤੇ ਨੂਰਮਹਿਲ ਸਰਾਂ ਦੀ ‘ਹੈਰੀਟੇਜ ਵਾਕ’ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਵਿਰਾਸਤੀ ਸੈਰ ਦਾ ਮੰਤਵ ਨੌਜਵਾਨ ਵੋਟਰਾਂ ਨੂੰ ਪੰਜਾਬ ਦੇ ਅਮੀਰ ਵਿਰਸੇ ਦੇ ਨਾਲ ਰੂ-ਬਰੂ ਕਰਵਾਉਣ ਦੇ ਨਾਲ-ਨਾਲ ਆਉਣ ਵਾਲੀ 1 ਜੂਨ ਨੂੰ ਵੋਟਾਂ ਵਾਲੇ ਦਿਨ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਜਾਗਰੂਕ ਕਰਨਾ ਵੀ ਹੈ।
ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਸ ਹੈਰੀਟੇਜ ਵਾਕ ਵਿੱਚ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ 1000 ਦੇ ਕਰੀਬ ਨੌਜਵਾਨ ਵੋਟਰ ਭਾਗ ਲੈਣਗੇ, ਜਿਨ੍ਹਾਂ ਲਈ ਟਰਾਂਸਪੋਟੇਸ਼ਨ, ਸੁਰੱਖਿਆ, ਸੁਚਾਰੂ ਟ੍ਰੈਫਿਕ ਵਿਵਸਥਾ, ਮੈਡੀਕਲ ਟੀਮਾਂ, ਫਾਇਰ ਬ੍ਰਿਗੇਡ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਲੋਕ ਸਭਾ ਹਲਕਾ ਜਲੰਧਰ ਲਈ 70 ਫੀਸਦੀ ਤੋਂ ਵੱਧ ਵੋਟਿੰਗ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਭਰ ’ਚ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਚੋਣਾਂ ਦੌਰਾਨ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਜ਼ਿਲ੍ਹੇ ਦੇ ਵੋਟਰਾਂ ਖਾਸ ਕਰ ਨੌਜਵਾਨ ਵੋਟਰਾਂ ਨੂੰ 1 ਜੂਨ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਬਿਨਾਂ ਕਿਸੇ ਡਰ, ਭੈਅ ਤੋਂ ਨਿਰਪੱਖ ਹੋ ਕੇ ਕਰਨ ਦੀ ਅਪੀਲ ਵੀ ਕੀਤੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਫਿਲੌਰ ਅਮਨਪਾਲ ਸਿੰਘ ਨੇ ਦੱਸਿਆ ਕਿ ‘ਹੈਰੀਟੇਜ ਵਾਕ’ ਲਈ ਸੁਚੱਜੇ ਇੰਤਜ਼ਾਮ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਕੂਲਾਂ/ਕਾਲਜਾਂ ਤੋਂ ਹੈਰੀਟੇਜ ਵਾਕ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨ ਵਿਦਿਆਰਥੀਆਂ ਦੀਆਂ ਸੂਚੀਆਂ ਮੁਹੱਈਆ ਕਰਵਾਉਣ, ਨੌਜਵਾਨ ਵੋਟਰਾਂ ਦੀ ਸੁਰੱਖਿਆ, ਨਿਰਵਿਘਨ ਆਵਾਜਾਈ, ਸਾਫ਼-ਸਫ਼ਾਈ, ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਮੈਡੀਕਲ ਟੀਮਾਂ ਦੀ ਤਾਇਨਾਤੀ ਸਮੇਤ ਹੋਰ ਜ਼ਰੂਰੀ ਪ੍ਰਬੰਧਾਂ ਲਈ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਪਹਿਲਾਂ ਹੀ ਸੌਂਪ ਦਿੱਤੀਆਂ ਗਈਆਂ ਹਨ।

















































