ਜ਼ਿਲ੍ਹਾ ਪ੍ਰਸ਼ਾਸਨ ਚੋਣ ਪ੍ਰਕਿਰਿਆ ਨੂੰ ਅਮਨ-ਅਮਾਨ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ : ਜ਼ਿਲ੍ਹਾ ਚੋਣ ਅਫ਼ਸਰ

ਜਲੰਧਰ, 15 ਮਈ – ਜਲੰਧਰ ਪ੍ਰਸ਼ਾਸਨ ਵੱਲੋਂ ਬੁੱਧਵਾਰ ਨੂੰ ਜਨਰਲ ਆਬਜ਼ਰਵਰ ਸ੍ਰੀ ਜੇ ਮੇਗੰਥਾ ਰੈਡੀ ਆਈ.ਏ.ਐਸ. ਦੀ ਮੌਜੂਦਗੀ ਵਿੱਚ 1 ਜੂਨ ਨੂੰ ਵੋਟਾਂ ਵਾਲੇ ਦਿਨ ਤਾਇਨਾਤੀ ਲਈ ਚੋਣ ਅਮਲੇ ਦੀ ਦੂਜੀ ਰੈਂਡਮਾਈਜ਼ੇਸ਼ਨ ਕਰਵਾਈ ਗਈ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੀ ਮੌਜੂਦ ਸਨ। ਜ਼ਿਲ੍ਹਾ ਚੋਣ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਸਭਾ ਚੋਣਾਂ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਦੇ ਸਮੁੱਚੇ 1951 ਪੋਲਿੰਗ ਬੂਥਾਂ ਲਈ ਪੋਲਿੰਗ ਪਾਰਟੀਆਂ ਦੇ ਗਠਨ ਲਈ ਇਹ ਰੈਂਡਮਾਈਜ਼ੇਸ਼ਨ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਰੈਂਡਮਾਈਜ਼ੇਸ਼ਨ ਵਿੱਚ ਹਲਕਾ ਵਾਰ ਸਟਾਫ਼ ਦੀ ਵੰਡ ਕੀਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ 20 ਫੀਸਦੀ ਵਾਧੂ ਸਟਾਫ਼ ਨਾਲ ਪੋਲਿੰਗ ਪਾਰਟੀਆਂ ਦਾ ਗਠਨ ਕੀਤਾ ਗਿਆ ਹੈ।


ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ 1951 ਪੋਲਿੰਗ ਬੂਥਾਂ ਲਈ ਸਟਾਫ਼ ਵਿੱਚ 2356 ਪ੍ਰੀਜ਼ਾਈਡਿੰਗ ਅਫ਼ਸਰ, 2356 ਆਲਟਰਨੇਟਿਵ ਪ੍ਰੀਜ਼ਾਈਡਿੰਗ ਅਫ਼ਸਰ ਅਤੇ 4712 ਪੋਲਿੰਗ ਅਫ਼ਸਰ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਲੋਕ ਸਭਾ ਹਲਕਾ 04-ਜਲੰਧਰ (ਅ.ਜ.) ਲਈ ਵੋਟਾਂ 1 ਜੂਨ ਨੂੰ ਪੈਣਗੀਆਂ ਅਤੇ 4 ਜੂਨ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਮੁੱਚੀ ਚੋਣ ਪ੍ਰਕਿਰਿਆ ਨੂੰ ਅਮਨ-ਅਮਾਨ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ, ਜਿਸ ਦੇ ਲਈ ਜ਼ਿਲ੍ਹੇ ਵਿੱਚ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ, ਡੀ.ਆਈ.ਓ. ਰਣਜੀਤ ਸਿੰਘ ਆਦਿ ਵੀ ਮੌਜੂਦ ਸਨ।

Leave a Comment

Your email address will not be published. Required fields are marked *

Scroll to Top