ਵੋਟਾਂ ਦੀ ਗਿਣਤੀ 4 ਜੂਨ ਨੂੰ, ਪ੍ਰਸ਼ਾਸਨ ਵੱਲੋਂ ਗਿਣਤੀ ਅਮਲੇ ਨੂੰ ਸਿਖ਼ਲਾਈ ਪ੍ਰਦਾਨ

ਜਲੰਧਰ, 20 ਮਈ : ਲੋਕ ਸਭਾ ਹਲਕਾ 04-ਜਲੰਧਰ (ਅ.ਜ.) ਲਈ 1 ਜੂਨ ਨੂੰ ਵੋਟਾਂ ਪੈਣ ਉਪਰੰਤ 4 ਜੂਨ ਨੂੰ ਵੋਟਾਂ ਦੀ ਗਿਣਤੀ ਦੇ ਕੰਮ ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੋਮਵਾਰ ਨੂੰ ਸੀਟੀ ਇੰਸਟੀਚਿਊਟ ਕੈਂਪਸ ਵਿਖੇ ਗਿਣਤੀ ਸਟਾਫ਼ ਦੀ ਪਹਿਲੀ ਰਿਹਰਸਲ ਕਰਵਾਈ ਗਈ, ਜਿਸ ਦੌਰਾਨ ਉਨ੍ਹਾਂ ਨੂੰ ਵੋਟਾਂ ਦੀ ਗਿਣਤੀ ਸਬੰਧੀ ਵਿਸਥਾਰਪੂਰਵਕ ਸਿਖ਼ਲਾਈ ਪ੍ਰਦਾਨ ਕੀਤੀ ਗਈ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਖ਼ਲਾਈ ਦੌਰਾਨ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਸਬੰਧਤ ਸਹਾਇਕ ਰਿਟਰਨਿੰਗ ਅਫ਼ਸਰਾਂ (ਏ.ਆਰ.ਓਜ਼) ਅਤੇ ਮਾਸਟਰ ਟ੍ਰੇਨਰਾਂ ਵੱਲੋਂ ਸਟਾਫ਼ ਨੂੰ ਵੋਟਾਂ ਦੀ ਗਿਣਤੀ ਸਬੰਧੀ ਅਹਿਮ ਨੁਕਤਿਆਂ ਬਾਰੇ ਜਾਣੂ ਕਰਵਾਇਆ ਗਿਆ।
ਉਨ੍ਹਾਂ ਦੱਸਿਆ ਕਿ ਸਟਾਫ਼ ਨੂੰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਤੋਂ ਵੋਟਾਂ ਦੀ ਗਿਣਤੀ ਕਰਨ ਦੇ ਢੰਗ ਬਾਰੇ ਜਾਣਕਾਰੀ ਦਿੱਤੀ ਗਈ । ਉਨ੍ਹਾਂ ਅੱਗੇ ਦੱਸਿਆ ਕਿ ਵੋਟਾਂ ਦੀ ਗਿਣਤੀ ਦੇ ਕੰਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਰਕਾਰੀ ਸਪੋਰਟਸ ਤੇ ਆਰਟ ਕਾਲਜ, ਸਟੇਟ ਪਟਵਾਰ ਸਕੂਲ, ਦਫ਼ਤਰ ਡਾਇਰੈਕਟਰ ਲੈਂਡ ਰਿਕਾਰਡ ਅਤੇ ਸਰਕਾਰੀ ਸਪੋਰਟਸ ਸਕੂਲ ਹੋਸਟਲ ਵਿਖੇ ਗਿਣਤੀ ਕੇਂਦਰ ਬਣਾਏ ਗਏ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ ਅਤੇ ਵੱਡੀ ਗਿਣਤੀ ਵਿੱਚ ਮੁਲਾਜ਼ਮ ਇਸ ਵਿਸ਼ਾਲ ਕਾਰਜ ਨੂੰ ਨੇਪਰੇ ਚਾੜ੍ਹਨਗੇ।
ਹਰੇਕ ਵਿਧਾਨ ਸਭਾ ਹਲਕੇ ਵਿੱਚ ਹਰੇਕ ਟੇਬਲ ‘ਤੇ ਗਿਣਤੀ ਅਮਲੇ ਨੂੰ ਵੱਖ-ਵੱਖ ਟੀਮਾਂ ਵਿੱਚ ਵੰਡਿਆ ਜਾਵੇਗਾ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਵੋਟਾਂ ਦੀ ਗਿਣਤੀ ਸ਼ਾਂਤੀਪੂਰਨ ਅਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਡਾ. ਅਗਰਵਾਲ ਨੇ ਕਿਹਾ ਕਿ ਵੋਟਾਂ ਦੀ ਗਿਣਤੀ ਨੂੰ ਨਿਰਵਿਘਨ ਢੰਗ ਨਾਲ ਸਿਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਚੋਣ ਡਿਊਟੀ ਰਾਸ਼ਟਰੀ ਸੇਵਾ ਹੈ ਅਤੇ ਹਰ ਕਿਸੇ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ।

ਕੈਪਸ਼ਨ: ਪਹਿਲੀ ਰਿਹਰਸਲ ਦੌਰਾਨ ਗਿਣਤੀ ਅਮਲਾ ਸਿਖ਼ਲਾਈ ਪ੍ਰਾਪਤ ਕਰਦੇ ਹੋਏ।

Leave a Comment

Your email address will not be published. Required fields are marked *

Scroll to Top