ਵੋਟਾਂ ਦੀ ਗਿਣਤੀ ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਨੇ ਗਿਣਤੀ ਅਮਲੇ ਦੀ ਦੂਜੀ ਰਿਹਰਸਲ ਕਰਵਾਈ

ਜਲੰਧਰ, 27 ਮਈ:- ਜਲੰਧਰ ਲੋਕ ਸਭਾ ਚੋਣ ਦੌਰਾਨ 1 ਜੂਨ ਨੂੰ ਵੋਟਾਂ ਪੈਣ ਉਪਰੰਤ 4 ਜੂਨ ਨੂੰ ਗਿਣਤੀ ਦੇ ਕਾਰਜ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੋਮਵਾਰ ਨੂੰ ਸੀਟੀ ਇੰਸਟੀਚਿਊਟ ਕੈਂਪਸ ਵਿਖੇ ਗਿਣਤੀ ਅਮਲੇ ਦੀ ਦੂਜੀ ਰਿਹਰਸਲ ਕਰਵਾਈ ਗਈ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਿਣਤੀ ਅਮਲੇ ਨੂੰ ਵੋਟਾਂ ਦੀ ਗਿਣਤੀ ਸਬੰਧੀ ਸਿਖ਼ਲਾਈ ਪ੍ਰਦਾਨ ਕਰਨ ਲਈ ਅੱਜ ਉਨ੍ਹਾਂ ਦੀ ਦੂਜੀ ਰਿਹਰਸਲ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਰਿਹਰਸਲ ਦੌਰਾਨ ਵੋਟਾਂ ਦੀ ਗਿਣਤੀ ਲਈ ਤਾਇਨਾਤ ਲਗਭਗ 580 ਗਿਣਤੀ ਸਟਾਫ਼, ਜਿਸ ਵਿੱਚ ਕਾਊਂਟਿੰਗ ਸੁਪਰਵਾਈਜ਼ਰ, ਕਾਊਂਟਿੰਗ ਅਸਿਸਟੈਂਟ ਅਤੇ ਕਾਊਂਟਿੰਗ ਮਾਈਕਰੋ ਆਬਜ਼ਰਵਰ ਸ਼ਾਮਿਲ ਹਨ, ਨੂੰ ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਵੱਲੋਂ ਗਿਣਤੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਟ੍ਰੇਨਿੰਗ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਰਿਹਰਸਲ ਦੌਰਾਨ ਸਮੁੱਚੇ ਗਿਣਤੀ ਅਮਲੇ ਨੂੰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਰਾਹੀਂ ਵੋਟਾਂ ਦੀ ਗਿਣਤੀ ਬਾਰੇ ਟ੍ਰੇਨਿੰਗ ਦੇਣ ਤੋਂ ਇਲਾਵਾ ਇਸ ਮਹੱਤਵਪੂਰਨ ਕਾਰਜ ਸਬੰਧੀ ਅਹਿਮ ਨੁਕਤੇ ਵੀ ਸਾਂਝੇ ਕੀਤੇ ਗਏ ਤਾਂ ਜੋ ਗਿਣਤੀ ਦੇ ਕਾਰਜ ਨੂੰ ਬਿਨਾਂ ਕਿਸੇ ਰੁਕਾਵਟ ਦੇ ਸਿਰੇ ਚਾੜ੍ਹਿਆ ਜਾ ਸਕੇ।
ਗਿਣਤੀ ਅਮਲੇ ਨੂੰ ਆਪਣੀ ਡਿਊਟੀ ਪੂਰੀ ਲਗਨ ਤੇ ਤਨਦੇਹੀ ਨਾਲ ਨਿਭਾਉਣ ਦੀਆਂ ਹਦਾਇਤਾਂ ਕਰਦਿਆਂ ਡਾ. ਅਗਰਵਾਲ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਦੇ ਕਾਰਜ ਨੂੰ ਅਮਨ-ਅਮਾਨ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ ਸਰਕਾਰੀ ਸਪੋਰਟਸ ਤੇ ਆਰਟ ਕਾਲਜ, ਸਟੇਟ ਪਟਵਾਰ ਸਕੂਲ, ਦਫ਼ਤਰ ਡਾਇਰੈਕਟਰ ਲੈਂਡ ਰਿਕਾਰਡ ਅਤੇ ਸਰਕਾਰੀ ਸਪੋਰਟਸ ਸਕੂਲ ਹੋਸਟਲ ਵਿਖੇ ਗਿਣਤੀ ਕੇਂਦਰ ਬਣਾਏ ਗਏ ਹਨ ਅਤੇ ਹਰੇਕ ਵਿਧਾਨ ਸਭਾ ਹਲਕੇ ਵਿੱਚ ਹਰੇਕ ਟੇਬਲ ’ਤੇ ਗਿਣਤੀ ਅਮਲੇ ਨੂੰ ਵੱਖ-ਵੱਖ ਟੀਮਾਂ ਵਿੱਚ ਵੰਡਿਆ ਗਿਆ ਹੈ, ਜਿਨ੍ਹਾਂ ਵੱਲੋਂ 4 ਜੂਨ ਨੂੰ ਇਸ ਅਹਿਮ ਕਾਰਜ ਨੂੰ ਸਿਰੇ ਚਾੜ੍ਹਿਆ ਜਾਵੇਗਾ।
ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰ ਕਰਨ ਸ਼ਰਮਾ ਅਤੇ ਹਰਬਿਲਾਸ ਹੀਰਾ ਵੱਲੋਂ ਗਿਣਤੀ ਅਮਲੇ ਨੂੰ ਵੋਟਾਂ ਦੀ ਗਿਣਤੀ ਸਬੰਧੀ ਸਿਖ਼ਲਾਈ ਦਿੱਤੀ ਗਈ।
ਇਸ ਮੌਕੇ ਡਿਪਟੀ ਡੀ.ਈ.ਓ. (ਸੈਕੰਡਰੀ) ਰਾਜੀਵ ਜੋਸ਼ੀ ਅਤੇ ਸਹਾਇਕ ਨੋਡਲ ਅਫ਼ਸਰ ਮੈਨ ਪਾਵਰ ਮੈਨੇਜਮੈਂਟ ਰਾਜੀਵ ਹਾਂਡਾ ਵੀ ਮੌਜੂਦ ਸਨ।

Leave a Comment

Your email address will not be published. Required fields are marked *

Scroll to Top