ਜਲੰਧਰ, 17 ਜੁਲਾਈ: ਬਰਸਾਤੀ ਮੌਸਮ ਦੌਰਾਨ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਅਸਰਦਾਰ ਢੰਗ ਨਾਲ ਰੋਕਥਾਮ ਤੋਂ ਇਲਾਵਾ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ 0181-2242587 ਜਾਰੀ ਕੀਤਾ ਗਿਆ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਹ ਉਪਰਾਲਾ ਬਰਸਾਤ ਦੇ ਮੌਸਮ ਵਿੱਚ ਪਾਣੀ ਅਤੇ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਅਤੇ ਆਮ ਲੋਕਾਂ ਦੀ ਸਹੂਲਤ ਲਈ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਰਸਾਤੀ ਪਾਣੀ ਜਮ੍ਹਾ ਹੋਣ, ਸੜਕਾਂ ਤੇ ਘਰਾਂ ਦੇ ਨੁਕਸਾਨ ਆਦਿ ਕਿਸੇ ਵੀ ਤਰ੍ਹਾਂ ਦੀ ਦਿੱਕਤ ਸਬੰਧੀ ਸੂਚਿਤ ਕਰਨ ਲਈ ਲੋਕ ਇਸ ਫੋਨ ਨੰਬਰ ’ਤੇ ਸੰਪਰਕ ਕਰ ਸਕਦੇ ਹਨ।
ਇਸ ਤੋਂ ਇਲਾਵਾ ਸ਼ਹਿਰ ਵਿੱਚ ਦੂਸ਼ਿਤ ਪਾਣੀ ਦੀ ਸਪਲਾਈ ਅਤੇ ਅਜਿਹੀ ਕਿਸੇ ਵੀ ਸਮੱਸਿਆ ਸਬੰਧੀ ਰਿਪੋਰਟ ਕਰਨ ਲਈ ਜਲੰਧਰ ਨਗਰ ਨਿਗਮ ਵੱਲੋਂ ਜਾਰੀ ਵਟਸਐਪ ਨੰਬਰ 90415-83252 ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੈਲਪਲਾਈਨ ਅਤੇ ਵਟਸਐਪ ਨੰਬਰ ਦੋਵਾਂ ’ਤੇ ਪ੍ਰਾਪਤ ਹੋਣ ਵਾਲੀ ਸੂਚਨਾ ਸਬੰਧੀ ਬਣਦੀ ਕਰਵਾਈ ਤੁਰੰਤ ਅਮਲ ਵਿੱਚ ਲਿਆਉਣ ਲਈ ਅਧਿਕਾਰੀਆਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ।
ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਪੇਸ਼ ਆਉਣ ਵਾਲੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਦੱਸਿਆ ਕਿ ਇਸ ਮੰਤਵ ਲਈ ਸਬੰਧਤ ਵਿਭਾਗਾਂ ਨੂੰ ਜਲ ਸਪਲਾਈ ਅਤੇ ਸੀਵਰੇਜ ਦੀਆਂ ਪਾਈਪਾਂ ਦੀ ਮੁਰੰਮਤ, ਸੀਵਰੇਜ ਸਿਸਟਮ ਦੀ ਸਫਾਈ, ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਕਲੋਰੀਨੇਸ਼ਨ, ਫੋਗਿੰਗ ਸਮੇਤ ਰੋਕਥਾਮ ਸਬੰਧੀ ਹੋਰ ਉਪਾਅ ਕਰਨ ਦੇ ਦਿਸ਼ਾ-ਨਿਰਦੇਸ਼ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ।
- +91 99148 68600
- info@livepunjabnews.com