ਜਲੰਧਰ, 22 ਜੁਲਾਈ:- ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਵਲੋਂ ਅੱਜ ਸ਼ਹਿਰ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ। ਉਨ੍ਹਾਂ ਵਲੋਂ ਸਬੰਧਿਤ ਵਿਭਾਗਾਂ ਨੂੰ ਇਨ੍ਹਾਂ ਪ੍ਰਾਜੈਕਟਾਂ ਨੂੰ ਨਿਰਧਾਰਿਤ ਸਮੇਂ ਅਨੁਸਾਰ ਮੁਕੰਮਲ ਕਰਨ ਵਿੱਚ ਤੇਜ਼ੀ ਲਿਆਉਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ।
ਵੱਖ ਵੱਖ ਪ੍ਰਾਜੈਕਟਾਂ ਵਿੱਚ ਜਲੰਧਰ ਹਾਈਟਸ-2 ਤੋਂ ਪ੍ਰਤਾਪਪੁਰਾ ਤੱਕ 66 ਫੁੱਟੀ ਸੜਕ ਨੂੰ ਚੌੜਿਆਂ ਕਰਨਾ, ਇਹ ਪ੍ਰਾਜੈਕਟ ਜਿਸ ਵਿੱਚ ਸਟਰੀਟ ਲਾਈਟਾਂ ਲਗਾਉਣ ਅਤੇ ਪੰਜ ਸਾਲ ਤੱਕ ਸਾਂਭ-ਸੰਭਾਲ ਕਰਨਾ ਸ਼ਾਮਿਲ ਹੈ। ਡਾ.ਅਗਰਵਾਲ ਵਲੋਂ ਇਸ ਪ੍ਰੋਜੈਕਟ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਦੱਸਿਆ ਕਿ ਇਸ ਨਾਲ ਜਿਥੇ ਬੁਨਿਆਦੀ ਢਾਂਚੇ ਵਿੱਚ ਵਾਧਾ ਹੋਵੇਗਾ ਉਥੇ ਹੀ ਸ਼ਹਿਰ ਵਿੱਚ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਿਆ ਜਾ ਸਕੇਗਾ।

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵਲੋਂ ਕਈ ਪ੍ਰੋਾਜੈਕਟਾਂ ਜਿਵੇਂ ਕਿ ਸੜਕੀ ਨੈਟਵਰਕ ਜਿਸ ਵਿੱਚ ਸੜਕਾਂ ਦਾ 5 ਸਾਲ ਲਈ ਰੱਖ-ਰਖਾਵ, ਪਿੰਡ ਕਾਦੀਆਂਵਾਲੀ ਤੋਂ ਪਿੰਡ ਧਨਾਲ ਤੱਕ 1.84 ਕਿਲੋਮੀਟਰ ਤੱਕ ਸੜਕ ਨੂੰ ਚੌੜਾ ਕਰਨਾ ਅਤੇ ਪਿੰਡ ਫੋਲੜੀਵਾਲ ਤੋਂ ਕਾਦੀਆਂਵਾਲ ਤੱਕ 1.72 ਕਿਲੋਮੀਟਰ ਤੱਕ ਸੜਕ ਨੂੰ ਚੌੜਾ ਕਰਨਾ ਸ਼ਾਮਿਲ ਹੈ।
ਡਾ.ਅਗਰਵਾਲ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕਾਂ ਤੋਂ ਬਿਜਲੀ ਦੇ ਖੰਭਿਆਂ ਅਤੇ ਤਾਰਾਂ ਨੂੰ ਤਬਦੀਲ ਕਰਨ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਕੇ ਇਸ ਸਬੰਧੀ ਪ੍ਰਗਤੀ ਰਿਪੋਰਟ ਪੇਸ਼ ਕੀਤੀ ਜਾਵੇ।
ਇਸ ਜਾਇਜ਼ਾ ਮੀਟਿੰਗ ਵਿੱਚ ਮੁੱਖ ਪ੍ਰਸ਼ਾਸਕ ਜਲੰਧਰ ਵਿਕਾਸ ਅਥਾਰਟੀ ਅਮਨਪ੍ਰੀਤ ਕੌਰ, ਨਗਰ ਨਿਗਮ ਤੇ ਜਲੰਧਰ ਇੰਪਰੂਵਮੈਂਟ ਟਰੱਸਟ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਅਧਿਕਾਰੀ ਸ਼ਾਮਿਲ ਸਨ। ਇਸ ਸਾਂਝੀ ਮੀਟਿੰਗ ਵਿੱਚ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਵਿੱਚ ਆ ਰਹੀਆਂ ਅੜਚਨਾਂ ਨੂੰ ਦੂਰ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ।
ਡਾ.ਅਗਰਵਾਲ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦਾ ਮਕਸਦ ਇਨ੍ਹਾਂ ਪ੍ਰਾਜੈਕਟਾਂ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਕੇ ਸ਼ਹਿਰ ਵਾਸੀਆਂ ਨੂੰ ਲਾਭ ਪਹੁੰਚਾਉਣਾ ਅਤੇ ਸ਼ਹਿਰ ਦੇ ਬੁਨਿਆਦੀ ਢਾਂਚੇ ਵਿੱਚ ਵਾਧਾ ਕਰਨਾ ਹੈ।

















































