ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ’ਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਲਈ ਕੀਤੇ ਜਾ ਰਹੇ ਸੰਜੀਦਾ ਉਪਰਾਲੇ- ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ

ਜਲੰਧਰ, 27 ਜੁਲਾਈ:- ਸਿੱਖਿਆ ਦੇ ਖੇਤਰ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਕੇ ਹੋਰ ਮਿਹਨਤ ਤੇ ਦ੍ਰਿੜਤਾ ਤੇ ਲਗਨ ਨਾਲ ਪੜ੍ਹਾਈ ਕਰਨ ਲਈ ਉਤਸ਼ਾਹਿਤ ਕਰਨ ਦੇ ਮੰਤਵ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਾੜੀ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਸਿੱਖਿਆ ਸਕੱਤਰ, ਪੰਜਾਬ ਕਮਲ ਕਿਸ਼ੋਰ ਯਾਦਵ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਇਸ ਮੌਕੇ ਉਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਵੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ।



ਹੋਣਹਾਰ ਵਿਦਿਆਰਥੀਆਂ ਦੇ ਸਨਮਾਨ ਸਮਾਰੋਹ ਦੌਰਾਨ ਵਿਦਿਆਰਥੀਆਂ ਨਾਲ ਰੂਬਰੂ ਹੁੰਦਿਆਂ  ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਵਲੋਂ ਵਿਦਿਆਰਥੀਆਂ ਨੂੰ ਸੂਬੇ, ਦੇਸ਼ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕਰਨ ਲਈ ਆਪਣਾ ਟੀਚਾ ਨਿਰਧਾਰਿਤ ਕਰਕੇ ਪੂਰੀ ਲਗਨ ਤੇ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ ਗਿਆ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਲਈ ਸੰਜੀਦਾ ਉਪਰਾਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਉਪਰਾਲਿਆਂ ਸਦਕਾ ਸੂਬੇ ਅੰਦਰ ਸਕੂਲ ਆਫ਼ ਐਕਸੀਲੈਂਸ ਦੀ ਸ਼ੁਰੂਆਤ ਕੀਤੀ ਗਈ ਹੈ ਜਿਥੇ ਵਿਦਿਆਰਥੀਆਂ ਨੂੰ ਨਵੀਨਤਮ ਢੰਗ ਤਰੀਕਿਆਂ ਨਾਲ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ।



ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵੀ ਸਿੱਖਿਆ ਮੁਹੱਈਆ ਕਰਵਾਉਣ ਦੇ ਆਧੁਨਿਕ ਵਿਧੀਆਂ ਬਾਰੇ ਜਾਣੂੰ ਕਰਵਾਉਣ ਲਈ ਵਿਸ਼ੇਸ਼ ਦੌਰੇ ਕਰਵਾਕੇ ਸਿਖਲਾਈ ਦਿੱਤੀ ਜਾ ਰਹੀ ਹੈ।

ਇਸ ਮੌਕੇ ਸਿੱਖਿਆ ਸਕੱਤਰ ਵਲੋਂ ਵੱਖ-ਵੱਖ ਕਲਾਸਾਂ ਵਿੱਚ ਜਾ ਕੇ ਵਿਦਿਆਰਥੀਆਂ  ਨਾਲ ਗੱਲਬਾਤ ਵੀ ਕੀਤੀ ਗਈ ਅਤੇ ਵਾਤਾਵਰਣ ਦੀ ਸੰਭਾਲ ਨੂੰ ਮੁੱਖ ਰੱਖਦਿਆਂ ਆਈਆਂ ਸਖ਼ਸ਼ੀਅਤਾਂ ਨਾਲ ਸਕੂਲ ਵਿਖੇ ਪੌਦੇ ਵੀ ਲਗਾਏ ਗਏ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸੁਰੇਸ਼ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਹਰਜਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ, ਪ੍ਰਿੰਸੀਪਲ ਸੁਮਨ ਸ਼ਰਮਾ, ਲੈਕਚਰਾਰ ਡਾ.ਸੁਰਜੀਤ ਲਾਲ, ਸਰਪੰਚ ਬਲਜਿੰਦਰ ਕੌਰ ਤੇ ਸਮੂਹ ਐਸ.ਐਮ.ਸੀ. ਮੈਂਬਰ (ਕਰੀਅਰ ਕੌਸਲਿੰਗ ਬਿਜਨਸ ਬਲਾਸਟਰ) ਅਤੇ ਸਮੂਹ ਸਕੂਲ ਸਟਾਫ਼ ਤੋਂ ਇਲਾਵਾ ਹੋਰ ਉਘੀਆਂ ਸਖ਼ਸੀਅਤਾਂ ਮੌਜੂਦ ਸਨ। ਇਸ ਮੌਕੇ ਪ੍ਰਿੰਸੀਪਲ ਸੁਮਨ ਸ਼ਰਮਾ ਵਲੋਂ ਸਕੂਲ ਦੀ ਸਾਲਾਨਾ ਰਿਪੋਰਟ ਪੜੀ ਗਈ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।

Leave a Comment

Your email address will not be published. Required fields are marked *

Scroll to Top