ਜਲੰਧਰ, 5 ਅਗਸਤ – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਲੋੜਵੰਦਾਂ ਦੀ ਸਹਾਇਤਾ ਲਈ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਕੀਤੀਆਂ ਜਾਂਦੀਆਂ ਲੋਕ ਭਲਾਈ ਗਤੀਵਿਧੀਆਂ ਵਿੱਚ ਹੋਰ ਵਾਧਾ ਕਰਨ ’ਤੇ ਜ਼ੋਰ ਦਿੱਤਾ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀ ਸਲਾਨਾ ਜਨਰਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੈੱਡ ਕਰਾਸ ਵੱਲੋਂ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਤੋਂ ਆਮ ਜਨਤਾ ਨੂੰ ਜਾਣੂ ਕਰਵਾਇਆ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਦਾ ਲਾਭ ਮਿਲ ਸਕੇ।
ਉਨ੍ਹਾਂ ਸ਼ਹਿਰੀ ਖੇਤਰ ਦੇ ਨਾਲ-ਨਾਲ ਪੇਂਡੂ ਇਲਾਕਿਆਂ ਵਿੱਚ ਵੀ ਰੈੱਡ ਕਰਾਸ ਦੀਆਂ ਸਰਗਰਮੀਆਂ ਵਧਾਉਣ ਲਈ ਕਿਹਾ। ਡਾ. ਅਗਰਵਾਲ ਨੇ ਐਸ.ਡੀ.ਐਮਜ਼ ਨੂੰ ਨਿਰਦੇਸ਼ ਦਿੱਤੇ ਕਿ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਪਿੰਡਾਂ ਵਿੱਚ ਰੈੱਡ ਕਰਾਸ ਸੁਸਾਇਟੀ ਦੀ ਮਦਦ ਨਾਲ ਸਮਾਜ ਭਲਾਈ ਦੇ ਕੰਮ ਕਰਵਾਏ ਜਾਣ।
ਉਨ੍ਹਾਂ ਕਿਹਾ ਕਿ ਲੋਕ ਭਲਾਈ ਕਾਰਜਾਂ ਲਈ ਵੱਧ ਤੋਂ ਵੱਧ ਐਨ.ਜੀ.ਓਜ਼ ਨੂੰ ਰੈੱਡ ਕਰਾਸ ਸੁਸਾਇਟੀ ਨਾਲ ਜੋੜਿਆ ਜਾਵੇ ਤਾਂ ਜੋ ਹਰੇਕ ਲੋੜਵੰਦ ਦੀ ਮਦਦ ਕੀਤੀ ਜਾ ਸਕੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਰੈੱਡ ਕਰਾਸ ਸੁਸਾਇਟੀ ਵੱਲੋਂ ਗਰੀਬ ਮਰੀਜ਼ਾਂ ਨੂੰ ਦਵਾਈਆਂ, ਖੂਨਦਾਨ ਕੈਂਪ, ਵੀਲ੍ਹ ਚੇਅਰ, ਟਰਾਈ ਸਾਈਕਲ ਤੇ ਸਿਲਾਈ ਮਸ਼ੀਨਾਂ ਦੀ ਵੰਡ, ਗਰੀਬ ਤੇ ਲੋੜਵੰਦ ਮਰੀਜ਼ਾਂ ਨੂੰ ਰਾਸ਼ਨ ਦੀ ਵੰਡ ਸਮੇਤ ਹੋਰ ਲੋਕ ਭਲਾਈ ਗਤੀਵਿਧੀਆਂ ਦਾ ਜਾਇਜ਼ਾ ਲਿਆ।
ਉਨ੍ਹਾਂ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵੱਖ-ਵੱਖ ਉਦਯੋਗਾਂ ਵਿੱਚ ਕੰਮ ਕਰਦੇ ਕਿਰਤੀਆਂ ਨੂੰ ਰੈੱਡ ਕਰਾਸ ਵੱਲੋਂ ਕਰਵਾਈ ਜਾਂਦੀ ਮੁੱਢਲੀ ਸਹਾਇਤਾ ਦੀ ਸਿਖ਼ਲਾਈ ਮੁਹੱਈਆ ਕਰਵਾਈ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਰੈੱਡ ਕਰਾਸ ਸੁਸਾਇਟੀ ਨੂੰ ਫਸਟ ਏਡ, ਨੈਨੀ ਤੇ ਹੋਮ ਕੇਅਰ ਕੋਰਸ ਸ਼ੁਰੂ ਕਰਨ ਦੀ ਪ੍ਰਵਾਨਗੀ ਦੇਣ ਤੋਂ ਇਲਾਵਾ ਸਕੂਲ/ਕਾਲਜ ਦੇ ਵਿਦਿਆਰਥੀਆਂ ਨੂੰ ਲਾਈਫ਼ ਸੇਵਿੰਗ ਸਕਿੱਲ ਸਬੰਧੀ ਟ੍ਰੇਨਿੰਗ ਪ੍ਰਦਾਨ ਕਰਨ ਲਈ ਅਧਿਆਪਕਾਂ ਨੂੰ ਮੁਫ਼ਤ ਸਿਖ਼ਲਾਈ ਦੇਣ ਬਾਰੇ ਪ੍ਰਸਤਾਵ ਤਿਆਰ ਕਰਨ ਦੀਆਂ ਹਦਾਇਤਾਂ ਦਿੱਤੀਆਂ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ, ਐਸ.ਡੀ.ਐਮ. ਜੈ ਇੰਦਰ ਸਿੰਘ, ਬਲਬੀਰ ਰਾਜ ਸਿੰਘ, ਰਿਸ਼ਭ ਬਾਂਸਲ, ਸਿਵਲ ਸਰਜਨ ਡਾ. ਜਗਦੀਪ ਚਾਵਲਾ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਭੋਗਲ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਇੰਦਰਦੇਵ ਸਿੰਘ ਮਿਨਹਾਸ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਰੈੱਡ ਕਰਾਸ ਸੁਸਾਇਟੀ ਦੇ ਕਾਰਜਕਾਰੀ ਮੈਂਬਰ ਵੀ ਮੌਜੂਦ ਸਨ।
ਕੈਪਸ਼ਨ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਰੈੱਡ ਕਰਾਸ ਸੁਸਾਇਟੀ ਦੀ ਸਲਾਨਾ ਜਨਰਲ ਮੀਟਿੰਗ ਦੌਰਾਨ ਸੁਸਾਇਟੀ ਦੇ ਕੰਮਕਾਜ ਦਾ ਜਾਇਜ਼ਾ ਲੈਂਦੇ ਹੋਏ।

















































