ਜਲੰਧਰ 7 ਅਗਸਤ : ਚਾਇਨਾ ਡੋਰ ਦੀ ਵਰਤੋਂ ਦੇ ਖ਼ਤਰਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਅੱਜ ਜ਼ਿਲ੍ਹੇ ਵਿੱਚ ਜਾਗਰੂਕਤਾ ਕੈਂਪ ਲਾਇਆ ਗਿਆ। ਕਾਰਜਕਾਰੀ ਇੰਜਨੀਅਰ ਸੰਜੀਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕੈਂਪ ਲਾਇਲਪੁਰ ਖਾਲਸਾ ਕਾਲਜ, ਸਰਕਾਰੀ ਸਕੂਲ ਜੰਡੂ ਸਿੰਘਾ ਤੇ ਸੁੱਚੀ ਪਿੰਡ ਵਿਖੇ ਲਗਾਇਆ ਗਿਆ ਸੀ, ਜਿਥੇ ਬੱਚਿਆਂ ਅਤੇ ਨੌਜਵਾਨਾਂ ਨੂੰ ਇਸ ਡੋਰ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ।
ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਪੰਜਾਬ ਸਰਕਾਰ ਨੇ ਚਾਇਨਾ ਡੋਰ ਦੀ ਵਿਕਰੀ, ਖ਼ਰੀਦ, ਨਿਰਮਾਣ ਅਤੇ ਭੰਡਾਰਨ ‘ਤੇ ਮੁਕੰਮਲ ਪਾਬੰਦੀ ਲਗਾਈ ਹੋਈ ਹੈ। ਇਸ ਪਾਬੰਦੀ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਵਾਤਾਵਰਣ ਸੁਰੱਖਿਆ ਐਕਟ ਦੀ ਧਾਰਾ 15 ਤਹਿਤ ਮੁਕੱਦਮਾ ਚਲਾਇਆ ਜਾਵੇਗਾ, ਜਿਸ ਵਿਚ 5 ਸਾਲ ਤੱਕ ਦੀ ਕੈਦ, ਇਕ ਲੱਖ ਜੁਰਮਾਨਾ ਜਾਂ ਦੋਵੇਂ ਹੋ ਸਕਦੇ ਹਨ।
ਕਾਰਜਕਾਰੀ ਇੰਜੀਨੀਅਰ ਨੇ ਇਹ ਵੀ ਦੱਸਿਆ ਕਿ ਇਸ ਪਾਬੰਦੀ ਨੂੰ ਲਾਗੂ ਕਰਨ ਲਈ ਮਾਲ ਵਿਭਾਗ, ਸਥਾਨਕ ਸਰਕਾਰਾਂ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਅਧਿਕਾਰਤ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਚਾਇਨਾ ਡੋਰ ਦੀ ਵਰਤੋਂ ਖਿਲਾਫ਼ ਕਾਰਵਾਈ ਦੇ ਨਾਲ-ਨਾਲ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਬੰਦੀਸ਼ੁਦਾ ਡੋਰ ਦੀ ਵਰਤੋਂ, ਵਿਕਰੀ ਜਾਂ ਸਟੋਰੇਜ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

















































