ਜਲੰਧਰ, 05 ਸਤੰਬਰ – ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੱਜ ਅਧਿਆਪਕ ਦਿਵਸ ਮੌਕੇ ਜ਼ਿਲ੍ਹਾ ਰੈਡ ਕਰਾਸ ਭਵਨ ਜਲੰਧਰ ਵਿਖੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ‘ਚੇਤਨਾ’ ਮੁਹਿੰਮ ਤਹਿਤ ਮੁੱਢਲੀ ਜੀਵਨ ਸੁਰੱਖਿਆ ਸਿਖਲਾਈ ਪ੍ਰਦਾਨ ਕੀਤੀ ਗਈ।
ਇਸ ਮੌਕੇ ਪ੍ਰੈਕਟੀਕਲ ਸਿਖਲਾਈ ਦੀ ਪ੍ਰਧਾਨਗੀ ਕਰਦਿਆਂ ਸੁਨੀਲ ਫੋਗਟ ਆਈ.ਏ.ਐਸ. (ਯੂ.ਟੀ.) ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮੁੱਢਲੀ ਜੀਵਨ ਸੁਰੱਖਿਆ ਸਿਖਲਾਈ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਲੋੜ ਦੇ ਗੋਲਡਨ ਸਮੇਂ ਦੌਰਾਨ ਕਿਸੇ ਵੀ ਵਿਅਕਤੀ ਦੀ ਜਾਨ ਬਚਾਉਣ ਵਿੱਚ ਬੇਹੱਦ ਮਦਦਗਾਰ ਸਾਬਿਤ ਹੋਵੇਗੀ। ਉਨ੍ਹਾਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਇਸ ਸਿਖਲਾਈ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ ਅਤੇ ਲੋੜਵੰਦ ਵਿਅਕਤੀਆਂ ਦੀ ਮਦਦ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਦੌਰਾਨ ਇਹ ਸਿਖਲਾਈ ਜ਼ਿਲ੍ਹੇ ਦੇ ਪੇਂਡੂ ਅਤੇ ਸ਼ਹਿਰੀ ਸਕੂਲਾਂ ਵਿੱਚ ਵੀ ਕਰਵਾਈ ਜਾਵੇਗੀ।
ਇਸ ਮੌਕੇ ਡਾ.ਚਸ਼ਨ ਮਿਤਰਾ ਐਮ.ਡੀ. ਵਲੋਂ ਆਡੀਓ ਵੀਜੂਅਲ ਤਕਨੀਕ ਦੁਆਰਾ 200 ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਮੁੱਢਲੀ ਜੀਵਨ ਸੁਰੱਖਿਆ ਸਿਖਲਾਈ ਦਿੱਤੀ ਗਈ। ਇਸ ਤੋਂ ਇਲਾਵਾ ਸੀ.ਪੀ.ਆਰ., ਚੌਕਿੰਗ, ਸੱਪ ਦੇ ਕੱਟਣ, ਜ਼ਹਿਰ ਤੇ ਬਿਜਲੀ ਦਾ ਕਰੰਟ ਲੱਗਣ ਸਮੇਂ ਜੀਵਨ ਰੱਖਿਆ ਮੁੱਢਲੀ ਸਹਾਇਤਾ ਬਾਰੇ ਵੀ ਸਿਖਲਾਈ ਦਿੱਤੀ ਗਈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ.ਰਾਜੇਸ਼ ਚੋਪੜਾ, ਸਕੱਤਰ, ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਇੰਦਰਦੇਵ ਸਿੰਘ ਮਿਨਹਾਸ, ਲੈਕਚਰਾਰ ਡਾ.ਅਸ਼ੋਕ ਸਹੋਤਾ ਅਤੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਵੀ ਮੌਜੂਦ ਸਨ।
- +91 99148 68600
- info@livepunjabnews.com