ਜਲੰਧਰ, 11 ਸਤੰਬਰ – ਪੰਜਾਬ ਸਰਕਾਰ ਵਲੋਂ ਸਿਹਤ ਸੰਭਾਲ ਪੇਸ਼ੇ ਨਾਲ ਜੁੜੇ ਕਰਮੀਆਂ ਦੀ ਸੁਰੱਖਿਆ ਪ੍ਰਤੀ ਜੀਰੋ ਸਹਿਣਸ਼ੀਲਤਾ ਨੀਤੀ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪ੍ਰਸ਼ਾਸਨ ਜ਼ਿਲ੍ਹੇ ਦੀਆਂ ਸਿਹਤ ਸੰਭਾਲ ਸੰਸਥਾਵਾਂ ਦੀ ਰਾਖੀ ਲਈ ਵਚਨਬੱਧ ਹੈ।
ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿਹਤ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ.ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮੈਡੀਕਲ ਸੰਸਥਾਵਾਂ ਦੀ ਕਿਸੇ ਵੀ ਤਰ੍ਹਾਂ ਦੀ ਹਿੰਸਾਂ ਤੋਂ ਸੁਰੱਖਿਆ ਕਰਨ ਲਈ ਪਾਬੰਦ ਹੈ।
ਜਲੰਧਰ ਨੂੰ ਸਿਹਤ ਸੰਭਾਲ ਖੇਤਰ ਦਾ ਸਭ ਤੋਂ ਵੱਡਾ ਕੇਂਦਰ ਦੱਸਦਿਆਂ ਡਾ.ਅਗਰਵਾਲ ਨੇ ਸਿਹਤ ਸੰਭਾਲ ਦੇ ਪੇਸ਼ੇ ਨਾਲ ਜੁੜੇ ਲੋਕਾਂ ਦੀ ਸੁਰੱਖਿਆ ’ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਿਹਤ ਸੰਭਾਲ ਸੰਸਥਾਵਾਂ ਨੂੰ ਸਥਾਨਿਕ ਪੁਲਿਸ ਥਾਣਿਆਂ ਨਾਲ ਜੋੜ ਕੇ ਸੁਰੱਖਿਆ ਦੇ ਮਾਪਦੰਡਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤਾਂ ਕੀਤੀਆਂ ਕਿ ਜ਼ਿਲ੍ਹੇ ਦੇ ਹਸਪਤਾਲਾਂ ਵਿੱਚ ਪੰਜਾਬ ਪ੍ਰੋਟੈਕਸ਼ਨ ਆਫ਼ ਮੈਡੀਕੇਅਰ ਸਰਵਿਸ ਪਰਸਨਸ ਐਂਡ ਮੈਡੀਕੇਅਰ ਸਰਵਿਸ ਇੰਸਟੀਚਿਊਸ਼ਨ ਐਕਟ 2008 ਸਮੇਤ ਪੁਲਿਸ ਸਹਾਇਤਾ ਨੰਬਰ 112 ਸਬੰਧੀ ਪ੍ਰਦਰਸ਼ਿਤ ਬੋਰਡ ਲਗਾਉਣ ਤੋਂ ਇਲਾਵਾ ਹਸਪਤਾਲਾਂ ਦੀ ਨਿਯਮਤ ਗਸ਼ਤ ਕਰਨ ਨੂੰ ਯਕੀਨੀ ਬਣਾਇਆ ਜਾਵੇ।
ਡਾ.ਅਗਰਵਾਲ ਨੇ ਸਿਹਤ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਤੋਂ ਇਲਾਵਾ ਹਨੇਰੇ ਵਾਲੀਆਂ ਥਾਵਾਂ ਵਿੱਚ ਸੁਰੱਖਿਆ ਨੂੰ ਵਧਾਉਣ ਦੇ ਮੱਦੇਨਜ਼ਰ ਰੌਸ਼ਨੀ ਆਦਿ ਦੇ ਸੁਚੱਜੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਹਸਪਤਾਲ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਸਿਹਤ ਸੰਸਥਾਵਾਂ ਵਿਖੇ ਜੇਕਰ ਕੋਈ ਹਿੰਸਾ ਵਾਪਰਦੀ ਹੈ ਤਾਂ ਉਸ ਦੀ ਐਫ.ਆਈ.ਆਰ.ਦਰਜ ਕਰਵਾਈ ਜਾਵੇ। ਇਸ ਮੌਕੇ ਸਿਵਲ ਸਰਜਨ ਡਾ. ਜੋਤੀ ਸ਼ਰਮਾ, ਨਰਸਿੰਗ ਸੰਸਥਾਵਾਂ ਦੇ ਨੁਮਾਇੰਦੇ ਅਤੇ ਪੈਰਾ ਮੈਡੀਕਲ ਸਟਾਫ਼ ਤੇ ਪੁਲਿਸ ਅਧਿਕਾਰੀ ਮੀਟਿੰਗ ਵਿੱਚ ਹਾਜ਼ਰ ਸਨ।
————-

















































