ਜਲੰਧਰ, 13 ਸਤੰਬਰ : ਸਮਾਜਿਕ ਅਤੇ ਆਰਥਿਕ ਤੌਰ ’ਤੇ ਪਛੜੇ ਵਰਗਾਂ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਫ਼ਤ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਮੁਫ਼ਤ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲਾਸਾਂ ਵਿੱਚ ਦਾਖ਼ਲਾ ਟੈਸਟ ਦੇ ਆਧਾਰ ’ਤੇ ਹੋਵੇਗਾ।
ਉਨ੍ਹਾਂ ਕਿਹਾ ਕਿ ਕੋਚਿੰਗ ਕਲਾਸਾਂ ਸ਼ੁਰੂ ਕਰਨ ਦਾ ਮਕਸਦ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨਾ ਹੈ ਤਾਂ ਜੋ ਉਹ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਢੁੱਕਵੀਂ ਤਿਆਰੀ ਕਰਕੇ ਆਪਣੀ ਪਸੰਦ ਦੀ ਨੌਕਰੀ ਹਾਸਲ ਕਰ ਸਕਣ।
ਡਾ. ਅਗਰਵਾਲ ਨੇ ਦੱਸਿਆ ਕਿ ਕੋਚਿੰਗ ਕਲਾਸਾਂ ਵਿੱਚ ਦਾਖ਼ਲਾ ਲੈਣ ਲਈ ਉਮੀਦਵਾਰ ਦੀ ਵਿੱਦਿਅਕ ਯੋਗਤਾ ਘੱਟੋ-ਘੱਟ ਗ੍ਰੈਜੂਏਸ਼ਨ ਹੋਣੀ ਚਾਹੀਦੀ ਹੈ ਅਤੇ ਚਾਹਵਾਨ ਨੌਜਵਾਨ ਗੂਗਲ ਲਿੰਕ http://forms.gle/yozU57UhbmJnu7Yb7 ’ਤੇ ਰਜਿਸਟਰ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਵਧ-ਚੜ੍ਹ ਕੇ ਇਨ੍ਹਾਂ ਕੋਚਿੰਗ ਕਲਾਸਾਂ ਲਈ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਦਾ ਸੱਦਾ ਦਿੱਤਾ।
ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜ਼ਿਲ ਸਥਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਦਫ਼ਤਰ ਕਮਰਾ ਨੰ. 313 ਵਿਖੇ ਪਹੁੰਚ ਕੀਤੀ ਜਾ ਸਕਦੀ ਹੈ ਜਾਂ ਦਫ਼ਤਰ ਦੇ ਹੈਲਪਲਾਈਨ ਨੰਬਰ 90569-20100 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

















































