ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਨਿਪਟਾਰੇ ਲਈ ਭੋਗਪੁਰ ਖੰਡ ਮਿੱਲ ਖ਼ਰੀਦੇਗੀ 70,000 ਮੀਟ੍ਰਿਕ ਟਨ ਪਰਾਲੀ

ਜਲੰਧਰ, 25 ਸਤੰਬਰ : ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਸਬੰਧੀ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਤਹਿਤ ਦਿ ਭੋਗਪੁਰ ਸਹਿਕਾਰੀ ਖੰਡ ਮਿੱਲ ਵੱਲੋਂ ਇਸ ਸਾਲ 70,000 ਮੀਟ੍ਰਿਕ ਟਨ ਪਰਾਲੀ ਦੀ ਖ਼ਰੀਦ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮਿੱਲ ਵੱਲੋਂ 15 ਮੈਗਾਵਾਟ ਦੀ ਸਮਰੱਥਾ ਵਾਲਾ ਕੋ-ਜਨਰੇਸ਼ਨ ਪਲਾਂਟ ਦੇ ਨਾਲ 80 ਟਨ ਪ੍ਰਤੀ ਘੰਟਾ (ਟੀ.ਪੀ.ਐਚ.) ਬਾਇਲਰ ਲਗਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਪਿਛਲੇ ਸਾਲ (2023-24) ਵਿੱਚ ਮਿੱਲ ਵੱਲੋਂ 60,000 ਮੀਟ੍ਰਿਕ ਟਨ ਝੋਨੇ ਦੀ ਪਰਾਲੀ ਖ਼ਰੀਦੀ ਗਈ ਸੀ ਅਤੇ 22,376.6 ਮੈਗਾਵਾਟ ਬਿਜਲੀ ਪੈਦਾ ਕੀਤੀ ਗਈ। ਇਸ ਪਹਿਲਕਦਮੀ ਨੇ ਨਾ ਸਿਰਫ਼ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੇ ਮਸਲੇ ਨੂੰ ਹੱਲ ਕਰਨ ਵਿੱਚ ਮਦਦ ਕੀਤੀ ਸਗੋਂ ਸਥਾਈ ਊਰਜਾ ਉਤਪਾਦਨ ਵਿੱਚ ਵੀ ਮਹੱਤਵਪੂਰਣ ਯੋਗਦਾਨ ਪਾਇਆ।
ਡਾ. ਅਗਰਵਾਲ ਨੇ ਅੱਗੇ ਦੱਸਿਆ ਕਿ ਮਿੱਲ ਵੱਲੋਂ ਸਥਾਨਕ ਖੇਤਾਂ ਵਿੱਚੋਂ 1,750 ਰੁਪਏ ਪ੍ਰਤੀ ਟਨ ਦੀ ਦਰ ਨਾਲ ਪਰਾਲੀ ਦੀ ਖ਼ਰੀਦ ਕੀਤੀ ਜਾਂਦੀ ਹੈ, ਜਿਸ ਨਾਲ ਜਿਥੇ ਰਹਿੰਦ-ਖੂੰਹਦ ਤੋਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੁੰਦਾ ਹੈ ਉਥੇ ਖੇਤਰ ਵਿੱਚ ਰੋਜ਼ਗਾਰ ਦੇ ਮੌਕੇ ਵੀ ਪੈਦਾ ਹੁੰਦੇ ਹਨ।
ਮਿੱਲ ਨੇ 16 ਸਤੰਬਰ 2024 ਤੋਂ ਮੁੜ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਇਸਦਾ ਮੌਜੂਦਾ ਸਾਲ (2024-25) ਦੌਰਾਨ ਲਗਭਗ 70,000 ਮੀਟ੍ਰਿਕ ਟਨ ਝੋਨੇ ਦੀ ਪਰਾਲੀ ਖ਼ਰੀਦ ਕਰਨ ਦਾ ਟੀਚਾ ਹੈ। ਡਾ.ਅਗਰਵਾਲ ਨੇ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਅਤੇ ਪਰਾਲੀ ਸਾੜਨ ਨਾਲ ਹੋਣ ਵਾਲੇ ਵਾਤਾਵਰਣ ਪ੍ਰਦੂਸ਼ਣ ਨੂੰ ਘੱਟ ਕਰਨ ਵਿੱਚ ਮਿੱਲ ਵੱਲੋਂ ਮਹੱਤਵਪੂਰਨ ਭੂਮਿਕਾ ਨਿਭਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਿੱਲ ਦੀ ਇਹ ਨਿਵੇਕਲੀ ਪਹਿਲ ਵਾਤਾਵਰਣ ਅਤੇ ਕਿਸਾਨ ਭਾਈਚਾਰੇ ਦੋਵਾਂ ਲਈ ਲਾਹੇਬੰਦ ਸਾਬਤ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਦਿ ਭੋਗਪੁਰ ਸ਼ੂਗਰ ਮਿੱਲ ਦੇ ਯਤਨ ਜ਼ਿਲ੍ਹੇ ਵਿੱਚ ਵਾਤਾਵਰਣ ਨਾਲ ਸਬੰਧਿਤ ਮਸਲਿਆਂ ਨੂੰ ਹੱਲ ਕਰਨ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਆਧੁਨਿਕ ਪਹੁੰਚ ਦੀ ਤਰਜਮਾਨੀ ਕਰਦੇ ਹਨ।
ਪ੍ਰਦੂਸ਼ਣ ਕੰਟਰੋਲ ਬੋਰਡ ਦੇ ਵਾਤਾਵਰਣ ਇੰਜੀਨੀਅਰ ਸੰਦੀਪ ਕੁਮਾਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭੋਗਪੁਰ ਸਹਿਕਾਰੀ ਖੰਡ ਮਿੱਲ ਵਿਖੇ ਆਪਣੇ ਝੋਨੇ ਦੀ ਪਰਾਲੀ ਵੇਚਣ ਲਈ ਚਾਹਵਾਨ ਕਿਸਾਨ ਮੋਬਾਇਲ ਨੰ.78885-90170, 98775-56394 ’ਤੇ ਸੰਪਰਕ ਕਰ ਸਕਦੇ ਹਨ।

Leave a Comment

Your email address will not be published. Required fields are marked *

Scroll to Top