ਜਲੰਧਰ, 30 ਸਤੰਬਰ :- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ, ਬਲਕਿ ਸੁਚਾਰੂ ਢੰਗ ਨਾਲ ਝੋਨੇ ਦੀ ਖ਼ਰੀਦ ਕੀਤੀ ਜਾਵੇਗੀ। ਉਹ ਅੱਜ ਕਿਸਾਨਾਂ, ਕੰਬਾਈਨ ਮਾਲਕਾਂ, ਆੜ੍ਹਤੀਆਂ ਅਤੇ ਰਾਈਸ ਮਿੱਲਰਾਂ ਨਾਲ ਮੀਟਿੰਗ ਕਰ ਰਹੇ ਸਨ। ਇਸ ਮੌਕੇ ਐਸ.ਐਸ.ਪੀ. (ਦਿਹਾਤੀ) ਹਰਕਮਲ ਪ੍ਰੀਤ ਸਿੰਘ ਖੱਖ ਵੀ ਮੌਜੂਦ ਸਨ।
ਡਾ. ਹਿਮਾਂਸ਼ੂ ਅਗਰਵਾਲ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਲਈ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ ਅਤੇ ਪੁੱਤਾਂ ਵਾਂਗ ਪਾਲੀ ਕਿਸਾਨਾਂ ਦੀ ਫ਼ਸਲ ਨੂੰ ਸੁਚੱਜੇ ਢੰਗ ਨਾਲ ਖ਼ਰੀਦਿਆ ਜਾਵੇਗਾ। ਉਨ੍ਹਾਂ ਰਾਈਸ ਮਿੱਲਰਾਂ ਅਤੇ ਆੜ੍ਹਤੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਜਲਦ ਹੱਲ ਦਾ ਵੀ ਭਰੋਸਾ ਦਿਵਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਆੜ੍ਹਤੀਆਂ ਦੇ ਨਾਲ ਖੜ੍ਹੀ ਹੈ ਅਤੇ ਕਿਸੇ ਨੂੰ ਵੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਸਮੂਹ ਕੰਬਾਈਨ ਮਾਲਕਾਂ ਨੂੰ ਝੋਨੇ ਦੀ ਕਟਾਈ ਸਿਰਫ਼ ਸੁਪਰ ਐਸ.ਐਮ.ਐਸ. ਵਾਲੀਆਂ ਕੰਬਾਈਨਾਂ ਨਾਲ ਹੀ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਝੋਨੇ ਦੀ ਕਟਾਈ ਲਈ ਬੀ.ਆਈ.ਐਸ. ਦਾ ਸਰਟੀਫਿਕੇਟ ਵਾਲੀਆਂ ਹਾਰਵੈਸਟਰ ਕੰਬਾਈਨਾਂ ਹੀ ਵਰਤੀਆਂ ਜਾਣ ਅਤੇ ਸੁਪਰ ਐਸ.ਐਮ.ਐਸ. ਤੋਂ ਬਿਨਾਂ ਕੋਈ ਕੰਬਾਈਨ ਨਾ ਚਲਾਈ ਜਾਵੇ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਕੰਬਾਈਨ ਮਾਲਕਾਂ ਨੂੰ ਕੰਬਾਈਨਾਂ ਨਾਲ ਸੁਪਰ ਐਸ.ਐਮ.ਐਸ. ਲਗਾਉਣ ਦੇ ਫਾਇਦਿਆਂ ਬਾਰੇ ਵੱਧ ਤੋਂ ਵੱਧ ਜਾਗੂਰਕ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਮਦਦ ਲਈ ਹੈਲਪਲਾਈਨ ਨੰਬਰ 0181-2225005 ਜਾਰੀ ਕੀਤਾ ਗਿਆ ਹੈ, ਜਿਸ ’ਤੇ ਕੰਬਾਈਨ ਮਾਲਕ ਆਪਣੀ ਕੰਬਾਈਨ ’ਤੇ ਸੁਪਰ ਐਸ.ਐਮ.ਐਸ. ਲਗਵਾਉਣ ਲਈ ਸਹਾਇਤਾ ਵਾਸਤੇ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਆਮ ਲੋਕ ਤੇ ਕਿਸਾਨ ਖੇਤਾਂ ਵਿੱਚ ਬਿਨਾਂ ਸੁਪਰ ਐਸ.ਐਮ.ਐਸ. ਲੱਗੀ ਕੰਬਾਈਨ ਚੱਲਣ ਬਾਰੇ ਵੀ ਇਸੇ ਨੰਬਰ ’ਤੇ ਸੂਚਨਾ ਦੇ ਸਕਦੇ ਹਨ।
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਕਿਹਾ ਕਿ ਪੁਲਿਸ ਅਤੇ ਖੇਤੀਬਾੜੀ ਵਿਭਾਗ ਦੀਆਂ ਸਾਂਝੀਆਂ ਟੀਮਾਂ ਵੱਲੋਂ ਪਿੰਡਾਂ ਵਿਚ ਗਸ਼ਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕੰਬਾਈਨ ਮਾਲਕ ਬਿਨਾਂ ਸੁਪਰ ਐਸ.ਐਮ.ਐਸ. ਤੋਂ ਕੰਬਾਈਨ ਚਲਾਉਂਦਾ ਪਾਇਆ ਗਿਆ ਤਾਂ ਕੰਬਾਈਨ ਜ਼ਬਤ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਬਾਹਰੋਂ ਆਉਣ ਵਾਲੀਆਂ ਕੰਬਾਈਨਾਂ ’ਤੇ ਵੀ ਨਜ਼ਰ ਰੱਖਣ ਲਈ ਕਿਹਾ, ਤਾਂ ਜੋ ਜ਼ਿਲ੍ਹੇ ਵਿੱਚ ਸੁਪਰ ਐਸ.ਐਮ.ਐਸ. ਤੋਂ ਬਗੈਰ ਕੰਬਾਈਨਾਂ ਦੇ ਸੰਚਾਲਨ ’ਤੇ ਰੋਕ ਲਾਈ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ’ਤੇ ਪਾਬੰਦੀ ਲਗਾਈ ਗਈ ਹੈ।
ਡਾ. ਅਗਰਵਾਲ ਅਤੇ ਸ਼੍ਰੀ ਖੱਖ ਨੇ ਕਿਸਾਨਾਂ ਨੂੰ ਜ਼ਿਲ੍ਹੇ ਵਿੱਚ ਪਰਾਲੀ/ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਇਕਜੁੱਟਤਾ ਦਾ ਪ੍ਰਗਟਾਵਾ ਕਰਦੇ ਹੋਏ ਵਾਤਾਵਰਣ ਦੇ ਰਾਖੇ ਬਣ ਕੇ ਚੌਗਿਰਦੇ ਦੀ ਸੰਭਾਲ ਲਈ ਅੱਗੇ ਆਉਣ । ਉਨ੍ਹਾਂ ਕਿਹਾ ਕਿ ਝੋਨੇ ਪਰਾਲੀ/ਰਹਿੰਦ-ਖੂੰਹਦ ਦਾ ਜ਼ਮੀਨ ਵਿੱਚ ਹੀ ਪ੍ਰਬੰਧਨ ਕਰਨ ਲਈ ਖੇਤੀਬਾੜੀ ਵਿਭਾਗ ਕੋਲ ਮਸ਼ੀਨਰੀ ਉਪਲਬਧ ਹੈ ਅਤੇ ਇਸ ਮਸ਼ੀਨਰੀ ਦੀ ਵਰਤੋਂ ਕਰਨ ਲਈ ਵਿਭਾਗ ਜਾਂ ਹੈਲਪਲਾਈਨ ਨੰਬਰ 0181-2225005 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ‘ਵਾਤਾਵਰਣ ਦੇ ਰਾਖੇ’ ਪਹਿਲਕਦਮੀ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਇਸ ਉਪਰਾਲੇ ਤਹਿਤ ਅੱਗ ਨਾ ਲਾਉਣ ਵਾਲੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਜਿਥੇ ਇਕ ਲੱਖ ਰੁਪਏ ਦੇ ਵਿਕਾਸ ਕਾਰਜ ਦਿੱਤੇ ਜਾਣਗੇ, ਉਥੇ ਵਿਅਕਤੀਗਤ ਕਿਸਾਨਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਪ੍ਰਸ਼ਾਸਨਿਕ ਸੇਵਾਵਾਂ ਪ੍ਰਾਪਤ ਕਰਨ ਵਿੱਚ ਤਰਜੀਹ ਦਿੱਤੀ ਜਾਵੇ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਸਹਿਕਾਰੀ ਸੁਸਾਇਟੀਆਂ, ਕਿਸਾਨ ਗਰੁੱਪਾਂ ਪਾਸ ਉਪਲਬਧ ਖੇਤੀ ਮਸ਼ੀਨਰੀ ਦੀ ਉਚਿਤ ਵਰਤੋਂ ਯਕੀਨੀ ਬਣਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ।