ਚੰਡੀਗੜ੍ਹ, 30 ਸਤੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਟਾਲਾ-ਕਾਦੀਆਂ ਰੋਡ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 18 ਜ਼ਖਮੀ ਹੋ ਗਏ।
ਇਸ ਭਿਆਨਕ ਹਾਦਸੇ ‘ਤੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਦੁਖੀ ਪਰਿਵਾਰਾਂ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਸਾਂਝੀ ਕੀਤੀ। ਉਨ੍ਹਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਇਸ ਔਖੀ ਘੜੀ ਵਿਚ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ।
ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਲਗਾਤਾਰ ਪ੍ਰਸ਼ਾਸਨ ਦੇ ਸੰਪਰਕ ਵਿੱਚ ਹਨ ਅਤੇ ਸਥਿਤੀ ’ਤੇ ਨਜ਼ਰ ਰੱਖ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਜ਼ਖਮੀਆਂ ਦਾ ਮੁਫਤ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਜ਼ਖਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਵੀ ਕੀਤੀ।

















































