ਪੰਚਾਇਤੀ ਚੋਣਾਂ ਲਈ 13,187 ਨਾਮਜ਼ਦਗੀਆਂ ਦਾਖ਼ਲ:  ਡਿਪਟੀ ਕਮਿਸ਼ਨਰ

ਜਲੰਧਰ, 5 ਅਕਤੂਬਰ: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਦੱਸਿਆ ਅਗਾਮੀ ਪੰਚਾਇਤੀ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਹੁਣ ਤੱਕ ਕੁੱਲ 13187 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 10156 ਨਾਮਜ਼ਦਗੀਆਂ *ਪੰਚਾਂ* ਅਤੇ 3031 ਨਾਮਜ਼ਦਗੀਆਂ *ਸਰਪੰਚਾਂ* ਲਈ ਭਰੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਸ਼ਨੀਵਾਰ ਨੂੰ ਕੀਤੀ ਗਈ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 7 ਅਕਤੂਬਰ 2024 ਦੁਪਹਿਰ 3 ਵਜੇ ਤੱਕ ਹੈ। 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਲਈ ਵੋਟਾਂ ਪੈਣਗੀਆਂ ਅਤੇ 16 ਅਕਤੂਬਰ ਤੱਕ ਸਮੁੱਚੀ ਚੋਣ ਪ੍ਰਕਿਰਿਆ ਮੁਕੰਮਲ ਕਰ ਲਈ ਜਾਵੇਗੀ।
ਡਾ.ਅਗਰਵਾਲ ਨੇ ਦੱਸਿਆ ਕਿ ਆਜ਼ਾਦ, ਨਿਰਪੱਖ ਤੇ ਪਾਰਦਰਸ਼ੀ ਪੰਚਾਇਤੀ ਚੋਣਾਂ ਕਰਵਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕੀਤੇ ਜਾ ਚੁੱਕੇ ਹਨ। ਉਨ੍ਹਾਂ ਭਰੋਸਾ ਦੁਆਇਆ ਕਿ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਕਿਸੇ ਨੂੰ ਵੀ ਚੋਣ ਪ੍ਰਕਿਰਿਆ ਵਿੱਚ ਵਿਘਨ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਚੋਣ ਪ੍ਰਕਿਰਿਆ ਦੀ ਅਖੰਡਤਾ ਨੂੰ ਕਾਇਮ ਰੱਖਣ ਅਤੇ ਜ਼ਿਲ੍ਹਾ ਵਾਸੀਆਂ ਨੂੰ ਨਿਰਵਿਘਨ ਢੰਗ ਨਾਲ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਦੀ ਸਹੂਲਤ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਵੱਲੋਂ ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੋਣਾਂ ਕਰਵਾਉਣ ਲਈ ਪੋਲਿੰਗ ਸਟੇਸ਼ਨਾਂ ’ਤੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਦੱਸਿਆ ਕਿ ਵੋਟਾਂ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਅਤੇ ਇਸ ਉਪਰੰਤ ਤੁਰੰਤ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top