25000 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 9 ਅਕਤੂਬਰ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਪਟਿਆਲਾ ਜ਼ਿਲ੍ਹੇ ਦੇ ਪਾਤੜਾਂ ਕਸਬੇ ਦੇ ਇੱਕ ਪ੍ਰਾਈਵੇਟ ਵਿਅਕਤੀ ਅਜੈਬ ਸਿੰਘ ਨੂੰ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਾਤੜਾਂ ਕਸਬੇ ਦੇ ਹੀ ਰਹਿਣ ਵਾਲੇ ਗੋਪੀ ਚੰਦਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਹ ਪਾਤੜਾਂ ਕਸਬੇ ਵਿੱਚ ਨੂਰਮਹਿਲ ਨਾਮੀ ਹੋਟਲ ਚਲਾ ਰਿਹਾ ਹੈ। ਉਸਨੇ ਅੱਗੇ ਦੱਸਿਆ ਕਿ ਹੋਟਲ ਨੂੰ  ਸੁਚਾਰੂ ਢੰਗ ਨਾਲ ਚਲਾਉਣ ਲਈ ਉਕਤ ਮੁਲਜ਼ਮ ਅਤੇ ਉਸ ਦੇ ਸਾਥੀ ਸਿਕੰਦਰ ਸਿੰਘ, ਜੋ ਪਾਤੜਾਂ ਨੇੜੇ ਪਿੰਡ ਦੁਗਾਲ ਦਾ ਰਹਿਣ ਵਾਲਾ ਹੈ, ਨੇ ਡੀ.ਐਸ.ਪੀ.ਪਾਤੜਾਂ ਦੇ ਨਾਂ ’ਤੇ ਉਸ ਤੋਂ 25,000 ਰੁਪਏ ਰਿਸ਼ਵਤ ਮੰਗੀ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਅਜੈਬ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top