ਕਰਤਾਰਪੁਰ/ਜਲੰਧਰ , 12 ਅਕਤੂਬਰ: ਹਲਕਾ ਵਿਧਾਇਕ ਅਤੇ ਸਾਬਕਾ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪੰਜਾਬ ਸਰਕਾਰ ਝੋਨੇ ਦਾ ਇੱਕ ਇੱਕ ਦਾਣਾ ਚੁੱਕਣ ਲਈ ਵਚਨਬੱਧ ਹੈ। ਉਹ ਅੱਜ ਕਰਤਾਰਪੁਰ ਮੰਡੀ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਉਣ ਅਤੇ ਅਧਿਕਾਰੀਆਂ ਕੋਲੋਂ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਹੋਏ ਸਨ। ਇਸ ਮੌਕੇ ਐਸ.ਡੀ.ਐਮ. ਬਲਬੀਰ ਰਾਜ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਬਲਕਾਰ ਸਿੰਘ ਨੇ ਖ਼ਰੀਦ ਏਜੰਸੀਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੰਡੀ ਵਿੱਚ ਆਏ ਝੋਨੇ ਦੀ ਨਾਲੋ-ਨਾਲ ਖ਼ਰੀਦ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਲਿਫ਼ਟਿੰਗ ਦੌਰਾਨ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਦੀ ਨੀਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਖ਼ਰੀਦ ਕੀਤੀ ਫ਼ਸਲ ਦੀ ਸਮੇਂ-ਸਿਰ ਅਦਾਇਗੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਝੋਨੇ ਦੀ ਆਮਦ ਮੰਡੀਆਂ ਵਿੱਚ ਤੇਜ਼ੀ ਨਾਲ ਹੋ ਜਾਵੇਗੀ, ਇਸ ਲਈ ਸੁਚਾਰੂ ਢੰਗ ਨਾਲ ਝੋਨੇ ਦੀ ਖ਼ਰੀਦ ਕੀਤੀ ਜਾਵੇ ਅਤੇ ਲਿਫ਼ਟਿੰਗ ਵੀ ਨਾਲੋ-ਨਾਲ ਯਕੀਨੀ ਬਣਾਈ ਜਾਵੇ।
ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ, ਤਾਂ ਜੋ ਉਸ ਦੀ ਖ਼ਰੀਦ ਤੁਰੰਤ ਕੀਤੀ ਜਾ ਸਕੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਸਾਰੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਸਹੂਲਤਾਂ ਤੋਂ ਇਲਾਵਾ ਬਾਰਦਾਨੇ ਆਦਿ ਦੀ ਵੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

















































