ਜਲੰਧਰ, 18 ਅਕਤੂਬਰ – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਛੱਡਕੇ ਵਾਤਾਵਰਣ ਦੀ ਸੰਭਾਲ ਲਈ ਕਿਸਾਨਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ ਗਿਆ ਹੈ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਦੇਸ਼ ਭਗਤ ਯਾਦਗਾਰ ਹਾਲ ਵਿਖੇ ਕਰਵਾਏ ਗਏ ਸੈਮੀਨਾਰ ਦੌਰਾਨ ਡਾ. ਅਗਰਵਾਲ ਵਲੋਂ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਨੂੰ ਅੱਗ ਲਗਾਉਣ ਵਿਰੁੱਧ ਵੱਡੇ ਪੱਧਰ ’ਤੇ ਮੁਹਿੰਮ ਵਿੱਢਣ ’ਤੇ ਜ਼ੋਰ ਦਿੱਤਾ ਗਿਆ।
ਧੂੰਏਂ ਕਾਰਨ ਮੌਸਮ ਦੀ ਵਿਗੜਦੀ ਹਾਲਤ ਬਾਰੇ ਬੋਲਦਿਆਂ ਡਾ. ਅਗਰਵਾਲ ਨੇ ਕਿਹਾ ਕਿ ਹਰ ਕੋਈ ਇਸ ਦੇ ਬੁਰੇ ਪ੍ਰਭਾਵਾਂ ਨੂੰ ਮਹਿਸੂਸ ਕਰ ਸਕਦਾ ਹੈ ਅਤੇ ਇਹ ਸਾਡੀ ਸਭ ਦੀ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਵਾਤਾਵਰਣ ਦੀ ਸੁਰੱਖਿਆ ਲਈ ਸੰਜੀਦੇ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਹਵਾ ਹੀ ਪ੍ਰਦੂਸ਼ਿਤ ਨਹੀਂ ਹੁੰਦੀ, ਸਗੋਂ ਇਸ ਨਾਲ ਜਮੀਨ ਦੇ ਕਈ ਪੌਸ਼ਟਿਕ ਤੱਤ ਵੀ ਨਸ਼ਟ ਹੋ ਜਾਂਦੇ ਹਨ।
ਸੈਮੀਨਾਰ ਦੌਰਾਨ ਡਾ.ਅਗਰਵਾਲ ਵਲੋਂ 20 ਪ੍ਰਗਤੀਸ਼ੀਲ ਕਿਸਾਨਾਂ, ਜਿਨ੍ਹਾਂ ਵਲੋਂ ਖੇਤਾਂ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਈ ਜਾ ਰਹੀ, ਨੂੰ ‘ਵਤਨ ਦੇ ਰਖਵਾਲੇ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਵਲੋਂ ਇਨ੍ਹਾਂ ਕਿਸਾਨਾਂ ਦੁਆਰਾ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਜਿਥੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਰਿਹਾ ਹੈ, ਉਥੇ ਹੀ ਜਮੀਨ ਦੀ ਉਪਜਾਊ ਸ਼ਕਤੀ ਨੂੰ ਵੀ ਬਰਕਰਾਰ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਐਵਾਰਡੀਆਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਵਾਉਣ ਵਿੱਚ ਤਰਜੀਹ ਮਿਲੇਗੀ।
ਡਿਪਟੀ ਕਮਿਸ਼ਨਰ ਨੇ ਐਲਾਨ ਕੀਤਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੁਚੱਜੇ ਢੰਗ ਨਾਲ ਸੰਭਾਲ ਲਈ 6342 ਮਸ਼ੀਨਾਂ ਦੀ ਖ਼ਰੀਦ ਕੀਤੀ ਗਈ ਹੈ ਅਤੇ ਇਨ੍ਹਾਂ ਮਸ਼ੀਨਾਂ ਦੀ ਸੁਚਾਰੂ ਢੰਗ ਨਾਲ ਵਰਤੋਂ ਨੂੰ ਯਕੀਨੀ ਬਣਾਉਣ ਲਈ ਪਿੰਡ ਪੱਧਰ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਫਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਨਿਪਟਾਰੇ ਲਈ ਕਿਸਾਨਾਂ ਦੀ ਸਹੂਲਤ ਲਈ 200 ਬੇਲਰਜ ਦਾ ਪ੍ਰਬੰਧ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ‘ਵਤਨ ਦੇ ਰੱਖਵਾਲੇ’ ਪਹਿਲਕਦਮੀ ਸਦਕਾ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 1 ਲੱਖ ਰੁਪਏ ਦੀ ਆਰਥਿਕ ਸਹਾਇਤਾ ਵੀ ਦਿੱਤੀ ਜਾਂਦੀ ਹੈ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਨਿਪਟਾਰੇ ਲਈ ਲਗਾਈ ਗਈ ਪ੍ਰਦਰਸ਼ਨੀ ਨੂੰ ਵੀ ਦੇਖਿਆ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਵਰਤੀਆਂ ਜਾਣ ਵਾਲੀਆਂ ਵੱਖ-ਵੱਖ ਮਸ਼ੀਨਾਂ ਸਬੰਧੀ ਜਾਣਕਾਰੀ ਹਾਸਿਲ ਕੀਤੀ।
—————–

















































