ਜ਼ਿਲ੍ਹਾਜਲੰਧਰ, 21 ਅਕਤੂਬਰ – ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਭਲਾਈ ਮੰਤਰੀ ਮਹਿੰਦਰ ਭਗਤ ਵੱਲੋਂ ਅੱਜ ਇਥੇ ਪੰਚਵਟੀ ਗਊਸ਼ਾਲਾ ਬਸਤੀ ਗੁੱਜਾਂ ਤੋਂ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ ਜ਼ਿਲ੍ਹਾ ਪੱਧਰੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।
ਇਸ ਮੌਕੇ ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਰਾਜ ਵਿਆਪੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਪਸ਼ੂਆਂ ਦਾ ਮੁਫ਼ਤ ਟੀਕਾਕਰਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਅਰਥਵਿਵਸਥਾ ਵਿੱਚ ਪਸ਼ੂਧਨ ਦਾ ਬਹੁਤ ਅਹਿਮ ਰੋਲ ਹੈ, ਜਿਸ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਸ਼ੂਆਂ ਅਤੇ ਪਸ਼ੂ ਪਾਲਕਾਂ ਦੀ ਬਿਹਤਰੀ ਲਈ ਲਗਾਤਾਰ ਯਤਨਸ਼ੀਲ ਹੈ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹਾ ਜਲੰਧਰ ਨੂੰ ਵੈਕਸੀਨ ਦੀਆਂ 3,38,600 ਖੁਰਾਕਾਂ ਪ੍ਰਾਪਤ ਹੋਈਆਂ ਹਨ ਅਤੇ ਇਸ ਮਹੱਤਵਪੂਰਨ ਕਾਰਜ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਵਿੱਚ ਕੁੱਲ 28 ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਪਸ਼ੂ ਪਾਲਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਪਸ਼ੂਆਂ ਦਾ ਟੀਕਾਕਰਨ ਕੀਤਾ ਜਾਵੇਗਾ। ਉਨ੍ਹਾਂ ਪਸ਼ੂਪਾਲਕਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਪਸ਼ੂ ਪਾਲਕ ਆਪਣੇ ਪਸ਼ੂਆਂ ਨੂੰ ਵੈਕਸੀਨ ਲਗਵਾਉਣ ਤੋਂ ਵਾਂਝਾ ਨਾ ਰਹੇ ਤਾਂ ਜੋ ਮੂੰਹ-ਖੁਰ ਦੀ ਬਿਮਾਰੀ ਤੋਂ ਹੋਣ ਵਾਲੇ ਨੁਕਸਾਨ ਤੋਂ ਪਸ਼ੂਆਂ ਨੂੰ ਬਚਾਇਆ ਜਾ ਸਕੇ।
ਇਸ ਮੌਕੇ ਕੈਬਨਿਟ ਮੰਤਰੀ ਨੇ ਆਪਣੇ ਅਖਤਿਆਰੀ ਫੰਡ ’ਚੋਂ ਪੰਚਵਟੀ ਗਊਸ਼ਾਲਾ ਨੂੰ 2 ਲੱਖ ਰੁਪਏ ਦੇਣ ਐਲਾਨ ਵੀ ਕੀਤਾ।
ਇਸ ਦੌਰਾਨ ਗਊ ਸੇਵਾ ਕਮਿਸ਼ਨ ਪੰਜਾਬ ਦੇ ਚੇਅਮੈਨ ਅਸ਼ੋਕ ਕੁਮਾਰ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗਊ ਭਲਾਈ ਕੈਂਪ ਵੀ ਲਗਾਇਆ ਗਿਆ, ਜਿਸ ਵਿੱਚ ਵਿਭਾਗ ਵੱਲੋਂ 25,000 ਰੁਪਏ ਦੀਆਂ ਦਵਾਈਆਂ ਗਊਸ਼ਾਲਾ ਦੇ ਪ੍ਰਬੰਧਕਾਂ ਨੂੰ ਭੇਟ ਕੀਤੀਆਂ ਗਈਆਂ ਤਾਂ ਜੋ ਲੋੜ ਪੈਣ ’ਤੇ ਬੇਸਹਾਰਾ ਪਸ਼ੂਆਂ ਦਾ ਇਲਾਜ ਕੀਤਾ ਜਾ ਸਕੇ।
ਇਸ ਤੋਂ ਪਹਿਲਾਂ ਪਸ਼ੂ ਪਾਲਣ ਵਿਭਾਗ ਜਲੰਧਰ ਦੇ ਡਿਪਟੀ ਡਾਇਰੈਕਟਰ ਡਾ. ਰਾਮ ਮੂਰਤੀ ਮੱਟੂ ਅਤੇ ਹੋਰ ਅਧਿਕਾਰੀਆਂ ਵੱਲੋਂ ਕੈਬਨਿਟ ਮੰਤਰੀ ਦਾ ਗਊਸ਼ਾਲਾ ਵਿਖੇ ਪਹੁੰਚਣ ’ਤੇ ਸਵਾਗਤ ਕੀਤਾ ਗਿਆ।
ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਸਹਾਇਕ ਡਾਇਰੈਕਟਰ ਡਾ. ਅਨਿਲ ਕੁਮਾਰ, ਸਹਾਇਕ ਡਾਇਰੈਕਟਰ ਡਾ. ਬਲਵੀਰ ਸਿੰਘ, ਸੀਨੀਅਰ ਵੈਟਨਰੀ ਅਫ਼ਸਰ ਡਾ. ਅਮਨਦੀਪ, ਡਾ. ਜਸਬੀਰ ਸਿੰਘ, ਡਾ. ਕੁਲਵਿੰਦਰ ਸਿੰਘ, ਪ੍ਰਧਾਨ ਵੈਟਨਰੀ ਅਫ਼ਸਰ ਐਸੋਸੀਏਸ਼ਨ ਡਾ. ਹਰਵਿੰਦਰ ਸਿੰਘ, ਵੈਟਨਰੀ ਅਫਸਰ ਡਾ: ਕੁਲਵਿੰਦਰ ਸਿੰਘ, ਡਾ. ਹਰਸ਼ ਸ਼ਵੇਤਾ, ਡਾ. ਵਿਨੋਦ ਕੁਮਾਰ, ਜ਼ਿਲਾ ਵੈਟਰਨਰੀ ਇੰਸਪੈਕਟਰ ਸੁਰਿੰਦਰਪਾਲ, ਸੀਨੀਅਰ ਵੈਟਨਰੀ ਇੰਸਪੈਕਟਰ ਅਸ਼ੋਕ ਕੁਮਾਰ, ਨਰਿੰਦਰ ਸਿੰਘ, ਵੈਟਨਰੀ ਇੰਸਪੈਕਟਰ ਜਸਕਰਨ ਸਿੰਘ, ਗਊਸ਼ਾਲਾ ਦੇ ਪ੍ਰਧਾਨ ਲੱਕੀ ਮਲਹੋਤਰਾ, ਯੋਗੇਸ਼ ਮਲਹੋਤਰਾ, ਵੀ.ਕੇ. ਮਨੀ, ਤਲਵਿੰਦਰ ਸੋਹੀ, ਅਸ਼ੋਕ ਚੱਡਾ, ਸਤਨਾਮ ਡੀ.ਸੀ., ਬੱਬੂ ਬਜ਼ਾਜ, ਰਾਣਾ ਨਈਅਰ, ਰਜੀਵ ਵਰਮਾ, ਰਮੇਸ਼ ਵਿੱਜ, ਚਮਨ ਲਾਲ ਸੱਭਰਵਾਲ, ਸਨੀ ਵਰਮਾ ਵੀ ਮੌਜੂਦ ਸਨ।

















































