ਕਿਸਾਨਾਂ ਦੇ ਅਨਾਜ ਦਾ ਇਕ ਇਕ ਦਾਣਾ ਖਰੀਦਣ ਲਈ ਸਰਕਾਰ ਵਚਨਬੱਧ ਹੈ : ਮਹਿੰਦਰ ਭਗਤ

ਜਲੰਧਰ, 25 ਅਕਤੂਬਰ:- ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਅੱਜ ਜਲੰਧਰ ਦੀ ਦਾਣਾ ਮੰਡੀ ਦਾ ਦੌਰਾ ਕਰਕੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਕਿਸਾਨਾਂ ਦੀਆਂ ਫਸਲਾਂ ਦੀ ਖਰੀਦ ਸਬੰਧੀ ਸਰਕਾਰੀ ਹੁਕਮਾਂ ਦੀ ਪਾਲਣਾ ਕਰਨ ਦੇ ਆਦੇਸ਼ ਦਿੱਤੇ। ਗੱਲਬਾਤ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਖਰੀਦ, ਸਮੇਂ ਸਿਰ ਅਦਾਇਗੀ ਅਤੇ ਲਿਫਟਿੰਗ ਸਬੰਧੀ ਦਿੱਤੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਤੋਂ ਸਮੀਖਿਆ ਕੀਤੀ ਜਾ ਰਹੀ ਹੈ।
ਮਹਿੰਦਰ ਭਗਤ ਨੇ ਦੱਸਿਆ ਕਿ ਹੁਣ ਤੱਕ ਕਿਸਾਨਾਂ ਨੂੰ ਖਰੀਦੇ ਗਏ ਝੋਨੇ ਦੀ 609 ਕਰੋੜ ਰੁਪਏ ਦੀ ਅਦਾਇਗੀ ਯਕੀਨੀ ਬਣਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਅਨਾਜ ਮੰਡੀ ਵਿੱਚ ਹਰ ਰੋਜ਼ ਇੱਕ ਤਿਹਾਈ ਝੋਨਾ ਆਉਂਦਾ ਹੈ, ਜਿਸ ਵਿੱਚੋਂ ਇਸ ਦੀ ਲਿਫ਼ਟਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ਦੀਆਂ ਸਾਰੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਤੇਜ਼ੀ ਨਾਲ ਯਕੀਨੀ ਬਣਾਈ ਜਾ ਰਹੀ ਹੈ ਅਤੇ ਹੁਣ ਤੱਕ 50747 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਝੋਨੇ ਦੀ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ, ਇਸ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਦੇ ਦਿੱਤੀਆਂ ਗਈਆਂ ਹਨ।
ਮੰਤਰੀ ਨੇ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਝੋਨੇ ਦੀ ਖਰੀਦ ਪ੍ਰਕਿਰਿਆ ਵਿੱਚ ਦੇਰੀ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਣਗਹਿਲੀ ਵਰਤਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਢੁਕਵੀਂ ਅਤੇ ਪ੍ਰਭਾਵਸ਼ਾਲੀ ਲਿਫਟਿੰਗ ਨੂੰ ਯਕੀਨੀ ਬਣਾਇਆ ਜਾਵੇ।
ਮਹਿੰਦਰ ਭਗਤ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖ਼ਰੀਦ ਪ੍ਰਬੰਧ ਨੂੰ ਸਹੀ ਢੰਗ ਨਾਲ ਚਲਾਉਣ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ‘ਆਪ’ ਆਗੂ ਬੌਬੀ ਢੱਲ, ਡੀਐਫਐਸਓ ਮੁਨੀਸ਼ ਸ਼ਰਮਾ, ਫੂਡ ਇੰਸਪੈਕਟਰ ਕਸ਼ਮੀਰ ਸਿੰਘ ਸਮੇਤ ਕਈ ਕਿਸਾਨ ਉਨ੍ਹਾਂ ਨਾਲ ਹਾਜ਼ਰ ਸਨ।

Leave a Comment

Your email address will not be published. Required fields are marked *

Scroll to Top