ਜਲੰਧਰ: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਦਿਵਾਲੀ ਦਾ ਤਿਉਹਾਰ ਮਨਾਇਆ। ਉਨ੍ਹਾਂ ਇਥੇ ਮੌਜੂਦ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇਸ ਪਵਿੱਤਰ ਤਿਉਹਾਰ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਰੌਸ਼ਨੀ ਦਾ ਇਹ ਤਿਉਹਾਰ ਸਾਰਿਆਂ ਦੀ ਜ਼ਿੰਦਗੀ ਨੂੰ ਖੁਸ਼ੀਆਂ ਨਾਲ ਭਰ ਦੇਵੇ।

ਇਸ ਦੌਰਾਨ ਉਨ੍ਹਾਂ ਡੀ.ਸੀ. ਦਫ਼ਤਰ ਦੇ ਕੁਝ ਮੁਲਾਜ਼ਮਾਂ ਨੂੰ ਪਦਉੱਨਤੀ ਦੇ ਪੱਤਰ ਦੇ ਕੇ ਦਿਵਾਲੀ ਦਾ ਤੋਹਫਾ ਦਿੱਤਾ। ਡਿਪਟੀ ਕਮਿਸ਼ਨਰ ਵੱਲੋਂ ਸੇਵਾਦਾਰ ਦੇ ਅਹੁਦੇ ’ਤੇ ਤਾਇਨਾਤ ਸੰਜੀਵ ਕੁਮਾਰ, ਅਨੀਤਾ ਭਾਰਤੀ, ਅਕਾਸ਼ਦੀਪ ਅਤੇ ਅਮਰਜੀਤ ਕੌਰ ਨੂੰ ਬਤੌਰ ਕਲਰਕ ਪਦਉੱਨਤ ਕਰਦੇ ਹੋਏ ਉਨ੍ਹਾਂ ਨੂੰ ਪਦਉੱਨਤੀ ਦੇ ਪੱਤਰ ਸੌਂਪੇ ਗਏ। ਇਸੇ ਤਰ੍ਹਾਂ ਉਨ੍ਹਾਂ ਤਰਸ ਦੇ ਆਧਾਰ ’ਤੇ ਪ੍ਰਭਜੋਤ ਸਿੰਘ ਨੂੰ ਨਿਯੁਕਤੀ ਪੱਤਰ ਸੌਂਪਿਆ, ਜਿਨ੍ਹਾਂ ਨੂੰ ਉਨ੍ਹਾਂ ਦੇ ਪਿਤਾ ਦੀ ਮੌਤ ਤੋਂ ਬਾਅਦ ਇਹ ਨੌਕਰੀ ਪ੍ਰਾਪਤ ਹੋਈ ਹੈ।

ਡਿਪਟੀ ਕਮਿਸ਼ਨਰ ਨੇ ਆਸ ਪ੍ਰਗਟ ਕੀਤੀ ਕਿ ਇਹ ਸਾਰੇ ਕਰਮਚਾਰੀ ਪੂਰੀ ਤਨਦੇਹੀ ਅਤੇ ਮਿਹਨਤ ਨਾਲ ਆਪਣੀ ਡਿਊਟੀ ਨਿਭਾਉਣਗੇ। ਸ਼੍ਰੀ ਅਗਰਵਾਲ ਨੇ ਕਿਹਾ ਕਿ ਸਰਕਾਰੀ ਨੌਕਰੀ ਜ਼ਰੀਏ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਉਹ ਪੂਰੀ ਲਗਨ, ਮਿਹਨਤ ਅਤੇ ਸਮਰਪਣ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣ। ਇਸ ਦੌਰਾਨ ਉਨ੍ਹਾਂ ਪਦਉੱਨਤ ਹੋਏ ਸਾਰੇ ਕਲਰਕਾਂ ਨੂੰ ਲੋਕਾਂ ਨਾਲ ਜੁੜੇ ਕੰਮਾਂ ਨੂੰ ਪਹਿਲ ਦੇਣ ਅਤੇ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਉਣ ਦੀ ਸਲਾਹ ਦਿੱਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਇਥੇ ਮੌਜੂਦ ਪ੍ਰਸ਼ਾਸਕੀ ਸਟਾਫ਼ ਨਾਲ ਗੱਲਬਾਤ ਵੀ ਕੀਤੀ।


















































