ਜਲੰਧਰ, 3 ਨਵੰਬਰ: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਡੀ.ਏ.ਪੀ. ਖਾਦ ਦੀ ਜਮ੍ਹਾਖੋਰੀ ਅਤੇ ਕਾਲਾਬਾਜ਼ਾਰੀ ’ਤੇ ਸਖ਼ਤ ਨਜ਼ਰ ਰੱਖਣ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਕਿ ਡੀ.ਏ.ਪੀ. ਖਾਦ ਦੀ ਕਾਲਾਬਾਜ਼ਾਰੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਅਜਿਹਾ ਕਰਦਾ ਪਾਇਆ ਤਾਂ ਉਸ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਡਾ. ਅਗਰਵਾਲ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਖਾਦ ਵਿਕਰੇਤਾਵਾਂ ਦੀ ਲਗਾਤਾਰ ਚੈਕਿੰਗ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਖਾਦ ਵਿਕਰੇਤਾ ਖਾਦ ਦਾ ਭੰਡਾਰਨ ਨਾ ਕਰ ਸਕੇ ਤਾਂ ਜੋ ਕਿਸਾਨਾਂ ਨੂੰ ਡੀ.ਏ.ਪੀ. ਖਾਦ ਲਈ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਡੀ.ਏ.ਪੀ. ਖਾਦ ਦੀ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਈ ਵੀ ਪ੍ਰਾਈਵੇਟ ਖਾਦ ਵਿਕਰੇਤਾ ਅਤੇ ਸਹਿਕਾਰੀ ਸੁਸਾਇਟੀਆਂ ਕਿਸਾਨਾਂ ਨੂੰ ਡੀ.ਏ.ਪੀ. ਖਾਦ ਦੇ ਨਾਲ ਕੋਈ ਵੀ ਹੋਰ ਸਮੱਗਰੀ ਖਰੀਦਣ ਲਈ ਮਜਬੂਰ ਨਹੀਂ ਕਰਨਗੇ ਅਤੇ ਨਾ ਹੀ ਨਿਰਧਾਰਿਤ ਕੀਮਤ ਤੋਂ ਵੱਧ ਰੇਟ ਵਸੂਲ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਖਾਦ ਵਿਕਰੇਤਾ ਕਿਸਾਨਾਂ ਕੋਲੋਂ ਖਾਦ ਦੇ ਤੈਅ ਰੇਟ ਤੋਂ ਵੱਧ ਕੀਮਤ ਵਸੂਲਦਾ ਪਾਇਆ ਗਿਆ ਤਾਂ ਉਸ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਖਾਦ ਵਿਕਰੇਤਾ ਨਿਰਧਾਰਤ ਰੇਟ ਤੋਂ ਵੱਧ ਕੀਮਤ ਮੰਗਦਾ ਹੈ ਤਾਂ ਉਸਦੀ ਸ਼ਿਕਾਇਤ ਖੇਤੀਬਾੜੀ ਵਿਭਾਗ ਜਾਂ ਪ੍ਰਸ਼ਾਸਨ ਨੂੰ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਸਾਨਾਂ ਨੂੰ ਡੀ.ਏ.ਪੀ. ਦੇ ਬਦਲਵੇਂ ਸਰੋਤਾਂ ਐਨ.ਪੀ.ਕੇ. 12:32:16, 20:20:0:13, 15:15:15, 16:16:16 ਅਤੇ ਸੁਪਰ ਫਾਸਫੇਟ (ਸਿੰਗਲ), ਟ੍ਰਿਪਲ ਫਾਸਫੇਟ ਆਦਿ ਦੀ ਵਰਤੋਂ ਬਾਰੇ ਜਾਗਰੂਕ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ।
- +91 99148 68600
- info@livepunjabnews.com