ਜਲੰਧਰ ਪ੍ਰਸ਼ਾਸਨ ਨੇ ਇੱਕ ਦਿਨ ’ਚ 32 ਹਜ਼ਾਰ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਕਰਵਾਈ ਲਿਫ਼ਟਿੰਗ

ਜਲੰਧਰ, 5 ਨਵੰਬਰ – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਦੀ ਚੁਕਾਈ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾ ਰਹੀ ਹੈ, ਜਿਸ ਤਹਿਤ ਇੱਕ ਦਿਨ ਵਿੱਚ 32,629 ਮੀਟ੍ਰਿਕ ਟਨ ਫ਼ਸਲ ਦੀ ਲਿਫ਼ਟਿੰਗ ਕੀਤੀ ਗਈ ਹੈ।
ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖ਼ਰੀਦ ਏਜੰਸੀਆਂ ਵੱਲੋਂ ਹੁਣ ਤੱਕ ਕੁੱਲ 269520 ਮੀਟ੍ਰਿਕ ਟਨ ਫ਼ਸਲ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਨਿਰਵਿਘਨ ਖ਼ਰੀਦ, ਸਮੇਂ ਸਿਰ ਅਦਾਇਗੀ ਅਤੇ ਲਿਫ਼ਟਿੰਗ ਨੂੰ ਯਕੀਨੀ ਬਣਾਉਣ ਲਈ ਪ੍ਰਬੰਧਾਂ ਦੀ ਲਗਾਤਾਰ ਸਮੀਖਿਆ ਕੀਤੀ ਜਾ ਰਹੀ ਹੈ।
ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਕਿਸਾਨਾਂ ਤੋਂ ਖ਼ਰੀਦ ਕੀਤੇ ਗਏ ਝੋਨੇ ਦੀ ਹੁਣ ਤੱਕ 1471 ਕਰੋੜ ਰੁਪਏ ਦੀ ਅਦਾਇਗੀ ਯਕੀਨੀ ਬਣਾਈ ਜਾ ਚੁੱਕੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੁੱਚੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਤੇਜ਼ੀ ਨਾਲ ਲਿਫ਼ਟਿੰਗ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਲਿਫ਼ਟਿੰਗ ਦੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ, ਜਿਸ ਸਬੰਧੀ ਅਧਿਕਾਰੀਆਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕਰ ਕੀਤੀਆਂ ਜਾ ਚੁੱਕੀਆਂ ਹਨ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਪੱਸ਼ਟ ਕਿਹਾ ਕਿ ਖ਼ਰੀਦ ਪ੍ਰਕਿਰਿਆ ਵਿੱਚ ਕਿਸੇ ਤਰ੍ਹਾਂ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਣਗਹਿਲੀ ਵਰਤਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਲਿਫ਼ਟਿੰਗ ਹੋਰ ਸੁਚਾਰੂ ਢੰਗ ਨਾਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ।
ਡਾ. ਅਗਰਵਾਲ ਨੇ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦਹੁਰਾਉਂਦਿਆਂ ਕਿਹਾ ਕਿ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾਵੇਗਾ।
ਜ਼ਿਕਰਯੋਗ ਹੈ ਕਿ ਹੁਣ ਤੱਕ ਮੰਡੀਆਂ ਵਿੱਚ ਆਏ 6,77,485 ਮੀਟ੍ਰਿਕ ਟਨ ਝੋਨੇ ਵਿੱਚੋਂ ਖ਼ਰੀਦ ਏਜੰਸੀਆਂ ਵੱਲੋਂ 6,71,805 ਮੀਟ੍ਰਿਕ ਟਨ ਫ਼ਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ।
—————

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top