ਡੀ.ਏ.ਪੀ. ਖਾਦ ਦੀ ਜਮ੍ਹਾਖੋਰੀ ਤੇ ਕਾਲਾਬਾਜ਼ਾਰੀ ’ਤੇ ਪ੍ਰਸ਼ਾਸਨ ਦੀ ਸਖ਼ਤ ਨਜ਼ਰ

ਜਲੰਧਰ, 6 ਨਵੰਬਰ : ਡੀ.ਏ.ਪੀ. ਖਾਦ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚਲੇ ਖਾਦ ਵਿਕਰੇਤਾਵਾਂ ਦੀ ਲਗਾਤਾਰ ਚੈਕਿੰਗ ਕਰਨ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਕੋਈ ਵੀ ਖਾਦ ਵਿਕਰੇਤਾ ਡੀ.ਏ.ਪੀ. ਖਾਦ ਦਾ ਭੰਡਾਰਨ ਨਾ ਕਰ ਸਕੇ ਅਤੇ ਕਿਸਾਨਾਂ ਨੂੰ ਖਾਦ ਲਈ ਕੋਈ ਮੁਸ਼ਕਲ ਪੇਸ਼ ਨਾ ਆਵੇ।
ਡਾ. ਅਗਰਵਾਲ ਨੇ ਜ਼ਿਲ੍ਹੇ ਦੇ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਖਾਦ ਦੀ ਫਾਲਤੂ ਸਟੋਰੇਜ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਡੀ.ਏ.ਪੀ. ਖਾਦ ਦੀ ਜਮ੍ਹਾਖੋਰੀ ਤੇ ਕਾਲਾਬਾਜ਼ਾਰੀ ’ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ ਅਤੇ ਜੇਕਰ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਸਾਨਾਂ ਨੂੰ ਡੀ.ਏ.ਪੀ. ਦੇ ਬਦਲ ਵਜੋਂ ਵਰਤੀਆਂ ਜਾਣ ਵਾਲੀਆਂ 20:20:0:13, ਐਨ.ਪੀ.ਕੇ. 12:32:16, 15:15:15, 16:16:16 ਅਤੇ ਸੁਪਰ ਫਾਸਫੇਟ (ਸਿੰਗਲ), ਟ੍ਰਿਪਲ ਫਾਸਫੇਟ ਆਦਿ ਦੀ ਵਰਤੋਂ ਬਾਰੇ ਵੱਡੇ ਪੱਧਰ ’ਤੇ ਜਾਗਰੂਕਤਾ ਫਲਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੀਟਿੰਗਾਂ/ਸੈਮੀਨਾਰ/ਕੈਂਪ/ਸੋਸ਼ਲ ਮੀਡੀਆ ਆਦਿ ਰਾਹੀਂ ਡੀ.ਏ.ਪੀ. ਦੇ ਬਦਲਾਂ ਬਾਰੇ ਜਾਣੂ ਕਰਵਾਇਆ ਜਾਵੇ ਤਾਂ ਜੋ ਉਹ ਬਦਲਵੇਂ ਸਰੋਤਾਂ ਦੀ ਵਰਤੋਂ ਕਰ ਕੇ ਸਮੇਂ ਸਿਰ ਫ਼ਸਲ ਦੀ ਬਿਜਾਈ ਕਰ ਸਕਣ।
ਦੂਜੇ ਪਾਸੇ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਵੱਲੋਂ ਡੀ.ਏ.ਪੀ. ਦੇ ਬਦਲਾਂ ਦੀ ਵਰਤੋਂ ਕਰਕੇ ਫ਼ਸਲਾਂ ਦੀ ਬਿਜਾਈ ਕੀਤੀ ਜਾ ਰਹੀ ਹੈ। ਅਜਿਹੇ ਹੀ ਪਿੰਡ ਵਰਿਆਣਾ ਦੇ ਇਕ ਅਗਾਂਹਵਧੂ ਕਿਸਾਨ ਹੈਪੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਡੀ.ਏ.ਪੀ. ਦੇ ਬਦਲ ਐਨ.ਪੀ.ਕੇ. 15:15:15 ਦੀ ਵਰਤੋਂ ਕਰਕੇ ਆਲੂਆਂ ਦੀ ਬਿਜਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਉਹ ਡੀ.ਏ.ਪੀ. ਦੀ ਥਾਂ ਪਹਿਲਾਂ ਵੀ ਐਨ.ਪੀ.ਕੇ. ਵਰਤ ਚੁੱਕੇ ਹਨ, ਜਿਸ ਨਤੀਜਾ ਬਹੁਤ ਵਧੀਆ ਰਿਹਾ ਹੈ। ਉਨ੍ਹਾਂ ਹੋਰਨਾਂ ਕਿਸਾਨਾਂ ਨੂੰ ਵੀ ਡੀ.ਏ.ਪੀ. ‘ਤੇ ਆਪਣੀ ਨਿਰਭਰਤਾ ਘੱਟ ਕਰਨ ਦੀ ਅਪੀਲ ਕੀਤੀ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top