ਜਲੰਧਰ, 7 ਨਵੰਬਰ : ਡੀ.ਏ.ਪੀ. ਖਾਦ ਦੀ ਉਪਲਬੱਧਤਾ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਖੇਤੀਬਾੜੀ ਵਿਭਾਗ ਨੂੰ ਖਾਦ ਵਿਕਰੇਤਾਵਾਂ ਦੀ ਲਗਾਤਾਰ ਚੈਕਿੰਗ ਕਰਨ ਦੀਆਂ ਦਿੱਤੀਆਂ ਸਖ਼ਤ ਹਦਾਇਤਾਂ ਤੋਂ ਬਾਅਦ ਅੱਜ ਵਿਭਾਗ ਵੱਲੋਂ ਚੈਕਿੰਗ ਮੁਹਿੰਮ ਵਿੱਢੀ ਗਈ, ਜਿਸ ਦੌਰਾਨ ਖਾਦ ਵਿਕਰੇਤਾਵਾਂ ਦੀਆਂ 10 ਦੁਕਾਨਾਂ ਅਤੇ ਗੁਦਾਮਾਂ ਦੀ ਜਾਂਚ ਕੀਤੀ ਗਈ ਅਤੇ 6 ਸੈਂਪਲ ਭਰਨ ਤੋਂ ਇਲਾਵਾ ਦੁਕਾਨਾਂ ਵਿੱਚ ਪਿਆ ਖਾਦਾਂ ਦਾ ਸਟਾਕ ਚੈੱਕ ਕੀਤਾ ਗਿਆ।
ਚੈਕਿੰਗ ਟੀਮਾਂ ਵਿੱਚ ਬਲਾਕ ਖੇਤੀਬਾੜੀ ਅਫ਼ਸਰ ਡਾ. ਸੁਰਜੀਤ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਮਿਨਾਕਸ਼ੀ ਕੌਸ਼ਲ ਅਤੇ ਅਮਰੀਕ ਸਿੰਘ ਅਤੇ ਹੋਰ ਸਟਾਫ਼ ਸ਼ਾਮਲ ਸੀ।
ਬਲਾਕ ਖੇਤੀਬਾੜੀ ਅਫ਼ਸਰ ਡਾ. ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੈਕਿੰਗ ਦੌਰਾਨ ਭਰੇ ਗਏ ਸੈਂਪਲ ਲੈਬੋਰੇਟਰੀ ਵਿੱਚ ਟੈਸਟ ਲਈ ਭੇਜੇ ਜਾਣਗੇ ਅਤੇ ਰਿਪੋਰਟ ਆਉਣ ਉਪਰੰਤ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਗਈ ਕਿ ਸਟਾਕ ਬੋਰਡ ਉੱਪਰ ਰੋਜ਼ਾਨਾ ਖਾਦ ਦਾ ਸਟਾਕ ਤੇ ਰੇਟ ਲਿਖਿਆ ਜਾਵੇ ਅਤੇ ਕਿਸਾਨਾਂ ਨੂੰ ਜੋ ਵੀ ਖੇਤੀ ਸਮੱਗਰੀ ਵੇਚੀ ਜਾਂਦੀ ਹੈ, ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ ਅਤੇ ਖਾਦ ਨਾਲ ਬੇਲੋੜੀਆਂ ਵਸਤਾਂ ਨਾ ਦਿੱਤੀਆਂ ਜਾਣ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਮੁਹਿੰਮ ਜਾਰੀ ਰਹੇਗੀ ਅਤੇ ਜੇਕਰ ਕੋਈ ਖਾਦ ਵਿਕਰੇਤਾ/ਡੀਲਰ ਬਿਨਾਂ ਬਿੱਲ ਤੋਂ ਖਾਦ, ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਡਾ. ਸੁਰਜੀਤ ਸਿੰਘ ਨੇ ਦੱਸਿਆ ਕਿ ਕਣਕ ਦੀ ਕਾਸ਼ਤ ਲਈ ਫਾਸਫੋਰਸ ਖੁਰਾਕੀ ਤੱਤ ਦੀ ਜ਼ਰੂਰਤ ਹੁੰਦੀ ਹੈ, ਜਿਸ ਦੀ ਪੂਰਤੀ ਲਈ ਕਿਸਾਨਾਂ ਵੱਲੋਂ ਬਿਜਾਈ ਸਮੇਂ ਡੀ.ਏ.ਪੀ. ਖਾਦ ਦੀ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਡੀ.ਏ.ਪੀ. ਖਾਦ ਦੇ ਬਦਲ ਵਜੋਂ ਕਿਸਾਨ ਟ੍ਰਿਪਲ ਸੁਪਰ ਫਾਸਫੇਟ, ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫਾਸਫੋਰਸ ਤੱਤ ਵਾਲੀਆਂ ਖਾਦਾਂ ਦੀ ਵੀ ਵਰਤੋਂ ਕਰ ਸਕਦੇ ਹਨ।
ਉਨ੍ਹਾਂ ਕਿਸਾਨਾਂ ਨੂੰ ਵੀ ਖਾਦ, ਕੀਟਨਾਸ਼ਕ ਰਸਾਇਣ ਜਾਂ ਬੀਜ ਖ਼ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰ ਕਰਦਾ ਹੈ ਤਾਂ ਉਸ ਸਬੰਧੀ ਸਬੰਧਿਤ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫ਼ਸਰ ਨੂੰ ਸ਼ਿਕਾਇਤ ਕੀਤੀ ਜਾ ਸਕਦੀ ਹੈ।