ਆਦਮਪੁਰ/ਜਲੰਧਰ, 7 ਨਵੰਬਰ: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੀਰਵਾਰ ਨੂੰ ਤਹਿਸੀਲ ਆਦਮਪੁਰ ਦੇ ਪਿੰਡ ਡੀਂਗਰੀਆਂ ਵਿਖੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਲਗਾਏ ਗਏ ਵਿਸ਼ੇਸ਼ ਕੈਂਪ ਦਾ ਜਾਇਜ਼ਾ ਲਿਆ।
ਇਸ ਮੌਕੇ ਆਪਣੇ ਸੰਬੋਧਨ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਇਸ ਨਿਵੇਕਲੇ ਉਪਰਾਲੇ ਤਹਿਤ ਲਗਾਏ ਜਾ ਰਹੇ ਕੈਂਪਾਂ ਰਾਹੀਂ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ’ਤੇ ਸਰਕਾਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਇਸ ਮੌਕੇ ਕੈਂਪ ਵਿੱਚ ਪੁੱਜੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਸੁਣਦਿਆਂ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦਾ ਜਲਦ ਤੋਂ ਜਲਦ ਢੁੱਕਵਾਂ ਹੱਲ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ।
ਡਾ. ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਸਰਕਾਰੀ ਸੇਵਾਵਾਂ ਸਰਲ ਅਤੇ ਸਮਾਂਬੱਧ ਢੰਗ ਨਾਲ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਕੰਮ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕੈਂਪ ਵਿੱਚ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੈਂਪ ਵਿੱਚ ਪ੍ਰਾਪਤ ਹੋਣ ਵਾਲੀਆਂ ਦਰਖਾਸਤਾਂ ਪਹਿਲ ਦੇ ਆਧਾਰ ’ਤੇ ਵਿਚਾਰ ਕੇ ਬਿਨੈਕਾਰਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਇਸ ਪਹਿਲਕਦਮੀ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਦਿੱਤਾ ਜਾਵੇ।
ਉਨ੍ਹਾਂ ਇਸ ਮੌਕੇ ਜਿਥੇ ਬਿਨੈਕਾਰਾਂ ਨੂੰ ਨਾਗਰਿਕ ਸੇਵਾਵਾਂ ਸਬੰਧੀ ਸਰਟੀਫਿਕੇਟ ਸੌਂਪੇ ਉਥੇ ਨਵੀਂ ਚੁਣੀ ਗਈ ਪੰਚਾਇਤ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦੇ ਢੁੱਕਵੇਂ ਹੱਲ ਦਾ ਭਰੋਸਾ ਦਿਵਾਇਆ।
ਕੈਂਪ ਦੌਰਾਨ ਲੋਕਾਂ ਨੂੰ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਵੀ ਪ੍ਰਦਾਨ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।
ਅੱਜ ਦੇ ਕੈਂਪ ਦੌਰਾਨ ਸੇਵਾ ਕੇਂਦਰ, ਕਿਰਤ, ਮਾਲ ਵਿਭਾਗ, ਪਾਵਰਕਾਮ, ਜਲ ਸਪਲਾਈ ਤੇ ਸੈਨੀਟੇਸ਼ਨ ਸਮੇਤ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲ ਲਾ ਕੇ ਬਿਨੈਕਾਰਾਂ ਨੂੰ ਆਪੋ-ਆਪਣੇ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਦਾ ਲਾਭ ਪ੍ਰਦਾਨ ਕੀਤਾ ਗਿਆ।
ਇਸ ਮੌਕੇ ਐਸ.ਡੀ.ਐਮ. ਆਦਮਪੁਰ ਵਿਵੇਕ ਕੁਮਾਰ ਮੋਦੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।