ਹਾੜ੍ਹੀ ਦੀਆਂ ਫ਼ਸਲਾਂ ਦੀ ਬਿਜਾਈ ਲਈ ਕਿਸਾਨਾਂ ਨੂੰ ਲੋੜ ਮੁਤਾਬਕ ਡੀ.ਏ.ਪੀ. ਦੀ ਸਪਲਾਈ ਯਕੀਨੀ ਬਣਾਈ ਜਾਵੇਗੀ: ਡਿਪਟੀ ਕਮਿਸ਼ਨਰ

ਜਲੰਧਰ, 8 ਨਵੰਬਰ: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਾੜ੍ਹੀ ਦੀਆਂ ਫ਼ਸਲਾਂ ਦੀ ਬਿਜਾਈ ਲਈ ਕਿਸਾਨਾਂ ਨੂੰ ਲੋੜ ਮੁਤਾਬਕ ਡੀ.ਏ.ਪੀ. ਦੀ ਸਪਲਾਈ ਕਰਵਾਈ ਜਾਵੇ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।
ਡਾ. ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 19992 ਮੀਟ੍ਰਿਕ ਟਨ ਡੀ.ਏ.ਪੀ. ਪਹੁੰਚ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਡੀ.ਏ.ਪੀ. ਦੀ ਲੋੜੀਂਦੀ ਸਪਲਾਈ ਲਗਾਤਾਰ ਆ ਰਹੀ ਹੈ ਅਤੇ ਸ਼ੁੱਕਰਵਾਰ ਨੂੰ 305 ਮੀਟ੍ਰਿਕ ਟਨ ਡੀ.ਏ.ਪੀ. ਦੀ ਸਪਲਾਈ ਪ੍ਰਾਪਤ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਡੀ.ਏ.ਪੀ. ਦੇ ਬਦਲ ਵਜੋਂ ਵਰਤੀਆਂ ਜਾਣ ਵਾਲੀਆਂ 6131 ਮੀਟ੍ਰਿਕ ਟਨ ਬਦਲਵੀਆਂ ਖਾਦਾਂ ਵੀ ਜ਼ਿਲ੍ਹੇ ਵਿੱਚ ਉਪਲਬਧ ਹਨ, ਜਿਸ ਵਿੱਚੋਂ 420 ਮੀਟ੍ਰਿਕ ਟਨ ਐਨ.ਪੀ.ਕੇ. 20.20.0.13. ਅੱਜ ਪ੍ਰਾਪਤ ਹੋਈ ਹੈ।
ਉਨ੍ਹਾਂ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਖਾਦ ਦੀ ਫ਼ਾਲਤੂ ਸਟੋਰੇਜ ਨਾ ਕੀਤੀ ਜਾਵੇ ਅਤੇ ਨਾ ਹੀ ਕਿਸਾਨਾਂ ਨੂੰ ਡੀ. ਏ.ਪੀ. ਖਾਦ ਦੇ ਨਾਲ ਕੋਈ ਹੋਰ ਵਾਧੂ ਸਾਮਾਨ ਜਾਂ ਦਵਾਈਆਂ ਆਦਿ ਖ਼ਰੀਦਣ ਲਈ ਮਜਬੂਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਖਾਦ ਵਿਕਰੇਤਾ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। 
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਕਿਸਾਨ ਕਣਕ ਦੀ ਬਿਜਾਈ ਲਈ ਡੀ.ਏ.ਪੀ. ਦੇ ਬਦਲ ਵਜੋਂ ਹੋਰ ਫਾਸਫੋਟਿਕ ਖਾਦਾਂ ਜਿਵੇਂ ਟ੍ਰਿਪਲ ਸੁਪਰ ਫਾਸਫੇਟ, ਐੱਨ.ਪੀ.ਕੇ., ਸਿੰਗਲ ਸੁਪਰ ਫਾਸਫੇਟ ਦੀ ਵੀ ਖੇਤੀਬਾੜੀ ਵਿਭਾਗ ਪੰਜਾਬ ਦੀਆਂ ਸਿਫਾਰਸ਼ਾਂ ਮੁਤਾਬਕ ਵਰਤੋਂ ਕੀਤੀ ਜਾ ਸਕਦੀ ਹੈ।

Leave a Comment

Your email address will not be published. Required fields are marked *

Scroll to Top