ਜਲੰਧਰ, 12 ਨਵੰਬਰ: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਰਾਹੀਂ ਵਾਤਾਵਰਣ ਦੀ ਸੰਭਾਲ ਵਿੱਚ ਯੋਗਦਾਨ ਪਾਉਣ ਅਤੇ ਇਕਜੁੱਟ ਹੋ ਕੇ ਜਲੰਧਰ ਜ਼ਿਲ੍ਹੇ ਨੂੰ ਪਰਾਲੀ ਦੇ ਧੂੰਏਂ ਤੋਂ ਮੁਕਤ ਬਣਾਉਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ।
ਉਨ੍ਹਾਂ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੀ ਬਿਜਾਈ ਲਈ ਡੀ.ਏ.ਪੀ. ਖਾਦ ਦੀ ਉਪਲਬਧਤਾ ਯਕੀਨੀ ਬਣਾਉਣ ਦਾ ਭਰੋਸਾ ਦਿੰਦਿਆਂ ਉਨ੍ਹਾਂ ਨੂੰ ਡੀ.ਏ.ਪੀ. ਦੇ ਬਦਲਾਂ ਨੂੰ ਅਪਨਾਉਣ ਦੀ ਵੀ ਸਲਾਹ ਦਿੱਤੀ।
ਡਾ. ਅਗਰਵਾਲ ਨੇ ਦੱਸਿਆ ਕਿ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਜ਼ਿਲ੍ਹੇ ਵਿੱਚ 5372 ਖੇਤੀ ਮਸ਼ੀਨਰੀ ਉਪਲਬਧ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ ਬਲਾਕ ਆਦਮਪੁਰ ਵਿੱਚ 277, ਭੋਗਪੁਰ ਵਿੱਚ 273, ਜਲੰਧਰ ਪੂਰਬੀ ਵਿੱਚ 379, ਜਲੰਧਰ ਪੱਛਮੀ ਵਿੱਚ 768, ਲੋਹੀਆਂ ਵਿੱਚ 658, ਨਕੋਦਰ 951, ਨਰਮਹਿਲ ਵਿੱਚ 496, ਫਿਲੌਰ ਵਿੱਚ 506, ਰੁੜਕਾ ਕਲਾਂ ਵਿੱਚ 401 ਅਤੇ ਸ਼ਾਹਕੋਟ ਵਿਖੇ 663 ਮਸ਼ੀਨਾਂ ਕਿਸਾਨਾਂ ਲਈ ਉਪਲਬਧ ਹਨ।
ਉਨ੍ਹਾਂ ਦੱਸਿਆ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਇਨਸੀਟੂ ਮੈਨੇਜਮੈਂਟ ਤਹਿਤ ਜ਼ਿਲ੍ਹੇ ਵਿੱਚ 2362 ਸੁਪਰ ਸੀਡਰ, 30 ਸਰਫੇਸ ਸੀਡਰ, ਪੈਡੀ ਸਟਰਾਅ ਚੋਪਰ/ਮਲਚਰ 1378, ਸੁਪਰ ਐਸ.ਐਮ.ਐਸ. 452, 890 ਆਰ.ਐਮ.ਪੀ. ਪੁਲਾਓ ਅਤੇ ਐਕਸੀਟੂ ਮੈਨੇਜਮੈਂਟ ਤਹਿਤ 160 ਬੇਲਰ, 155 ਰੇਕ ਸਮੇਤ ਕੁੱਲ 5372 ਮਸ਼ੀਨਾਂ ਉਪਲਬਧ ਹਨ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਖਾਸ ਕਰ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਸਹਿਕਾਰੀ ਸੁਸਾਇਟੀਆਂ, ਕਿਸਾਨ ਗਰੁੱਪਾਂ, ਕਸਟਮਰ ਹਾਇਰਿੰਗ ਸੈਂਟਰਾਂ ਕੋਲ ਉਪਲਬਧ ਮਸ਼ੀਨਰੀ ਪ੍ਰਾਪਤ ਕਰਕੇ ਝੋਨੇ ਦੀ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਕਿਹਾ।
ਪੰਜਾਬ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਲਈ ਵਚਨਬੱਧਤਾ ਦਹੁਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਾਲ ਵੱਖ-ਵੱਖ ਕੈਟਾਗਰੀਜ਼ ਨਾਲ ਸਬੰਧਤ ਕਿਸਾਨਾਂ, ਕਿਸਾਨ ਸਮੂਹਾਂ ਨੂੰ ਖੇਤੀ ਮਸ਼ੀਨਰੀ ’ਤੇ ਕਰੀਬ 14 ਕਰੋੜ ਰੁਪਏ ਦੀ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਪਰਾਲੀ ਪ੍ਰਬੰਧਨ ਵਿੱਚ ਕਿਸਾਨਾਂ ਦੀ ਮਦਦ ਲਈ ਹੈਲਪਲਾਈਨ ਨੰਬਰ 0181-2225005 ਵੀ ਜਾਰੀ ਕੀਤਾ ਗਿਆ ਹੈ, ਜਿਸ ’ਤੇ ਤਕਨੀਕੀ ਮਦਦ ਲਈ ਕਿਸਾਨ ਸੰਪਰਕ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਪ੍ਰਸ਼ਾਸਨ ਵੱਲੋਂ ਫੈਲਾਈ ਜਾ ਰਹੀ ਜਾਗਰੂਕਤਾ ਦਾ ਜ਼ਿਲ੍ਹੇ ਵਿੱਚ ਅਸਰ ਦੇਖਣ ਨੂੰ ਮਿਲ ਰਿਹਾ ਹੈ ਅਤੇ ਜ਼ਿਲ੍ਹੇ ਦੇ ਕਿਸਾਨਾਂ ਵੱਲੋਂ ਆਧੁਨਿਕ ਮਸ਼ੀਨਾਂ ਨਾਲ ਪਰਾਲੀ ਦੀ ਸੁਚੱਜੀ ਸੰਭਾਲ ਕੀਤੀ ਜਾ ਰਹੀ ਹੈ। ਅਗਾਂਹਵਧੂ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਹੋਰਨਾਂ ਕਿਸਾਨਾਂ ਨੂੰ ਵੀ ਮਸ਼ੀਨਰੀ ਰਾਹੀਂ ਪਰਾਲੀ ਦੇ ਸੁਚੱਜੇ ਨਿਪਟਾਰੇ ਲਈ ਅੱਗੇ ਆਉਣ ਲਈ ਕਿਹਾ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦੇ ਨਾਲ-ਨਾਲ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵੀ ਬਰਕਰਾਰ ਰੱਖਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਹਾੜ੍ਹੀ ਦੀ ਫ਼ਸਲ ਦੀ ਬਿਜਾਈ ਲਈ ਉਨ੍ਹਾਂ ਨੂੰ ਲੋੜੀਂਦੀ ਮਾਤਰਾ ਵਿੱਚ ਡੀ.ਏ.ਪੀ. ਖਾਦ ਉਪਲਬਧ ਕਰਵਾਈ ਜਾਵੇਗੀ। ਕਿਸਾਨਾਂ ਨੂੰ ਡੀ.ਏ.ਪੀ. ’ਤੇ ਆਪਣੀ ਨਿਰਭਰਤਾ ਘਟਾਉਣ ਦੀ ਸਲਾਹ ਦਿੰਦਿਆਂ ਉਨ੍ਹਾਂ ਕਿਹਾ ਕਿ ਡੀ.ਏ.ਪੀ. ਦੇ ਬਦਲ ਵਜੋਂ ਹੋਰ ਫਾਸਫੋਰਸ ਤੱਤ ਵਾਲੀਆਂ ਖਾਦਾਂ ਜਿਵੇਂ ਟ੍ਰਿਪਲ ਸੁਪਰ ਫਾਸਫੇਟ, ਐਨ.ਪੀ.ਕੇ., ਸਿੰਗਲ ਸੁਪਰ ਫਾਸਫੇਟ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਡੀ.ਏ.ਪੀ. ਖਾਦ ਤੋਂ ਇਲਾਵਾ ਬਦਲਵੀਆਂ ਖਾਦਾਂ ਦੀ ਵੀ ਜ਼ਿਲ੍ਹੇ ਵਿੱਚ ਲਗਾਤਾਰ ਸਪਲਾਈ ਆ ਰਹੀ ਹੈ।
- +91 99148 68600
- info@livepunjabnews.com