ਜਲੰਧਰ, 17 ਨਵੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਖਰੀਫ ਸੀਜ਼ਨ ਦੇ ਨਾਲ-ਨਾਲ ਰੱਬੀ ਸੀਜ਼ਨ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਰੱਬੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਡੀ.ਏ.ਪੀ. ਅਤੇ ਬਦਲਵੀਆਂ ਫਾਸਫੋਰਸ ਤੱਤ ਵਾਲੀਆਂ ਹੋਰ ਖਾਦਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਅਨੁਸਾਰ ਜ਼ਿਲ੍ਹੇ ਵਿੱਚ 39,333 ਮੀਟਰਕ ਟਨ ਖਾਦ ਉਪਲੱਬਧ ਹੈ, ਜਦਕਿ ਡਿਮਾਂਡ ਕਰੀਬ 35 ਹਜ਼ਾਰ ਮੀਟਰਕ ਟਨ ਹੀ ਹੈ।
ਡਾ. ਅਗਰਵਾਲ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਨੂੰ ਅੱਜ ਖਾਦ ਦਾ ਹੋਰ ਸਟਾਕ ਪ੍ਰਾਪਤ ਹੋਣ ਨਾਲ ਜ਼ਿਲ੍ਹੇ ਵਿੱਚ 32,652 ਮੀਟ੍ਰਿਕ ਟਨ ਡੀ.ਏ.ਪੀ. ਅਤੇ 6,681 ਮੀਟ੍ਰਿਕ ਟਨ ਡੀ.ਏ.ਪੀ. ਦੇ ਬਦਲ ਵਜੋਂ ਵਰਤੀਆਂ ਜਾਣ ਵਾਲੀਆਂ ਖਾਦਾਂ ਉਪਲੱਬਧ ਹਨ।
ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਡੀ.ਏ.ਪੀ. ਦੀ ਜਮ੍ਹਾਖੋਰੀ ਰੋਕਣ ਲਈ ਲਗਾਤਾਰ ਖਾਦ ਸਟੋਰਾਂ ਦੀ ਚੈਕਿੰਗ ਕਰਨੀ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਡੀ.ਏ.ਪੀ. ਦੇ ਬਦਲ ਵਜੋਂ ਵਰਤੀਆਂ ਜਾਣ ਵਾਲੀਆਂ ਖਾਦਾਂ ਦੀ ਵਰਤੋਂ ਕਰਨ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਵੀ ਕੀਤਾ ਜਾਵੇ।
ਡਾ. ਅਗਰਵਾਲ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਖਾਦਾਂ, ਰਾਸਾਇਣ ਤੇ ਪਾਣੀ ਦੀ ਸੰਜਮ ਨਾਲ ਵਰਤੋਂ ਕੀਤੀ ਜਾਵੇ। ਉਨ੍ਹਾਂ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਬਿਨ੍ਹਾਂ ਅੱਗ ਲਗਾਏ ਪਰਾਲੀ ਪ੍ਰਬੰਧਨ ਅਤੇ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਕਰਨ ਸਬੰਧੀ ਜਾਗਰੂਕ ਕਰਨ ਲਈ ਲਗਾਤਾਰ ਗਤੀਵਿਧੀਆਂ ਆਰੰਭੀਆਂ ਜਾਣ।
ਖੇਤੀਬਾੜੀ ਅਫ਼ਸਰ ਡਾ. ਸੁਰਜੀਤ ਸਿੰਘ ਨੇ ਦੱਸਿਆ ਕਿ ਝੋਨੇ ਦੀ ਕਟਾਈ ਤੋਂ ਬਾਅਦ ਹਾੜ੍ਹੀ ਦੀ ਮੁੱਖ ਫ਼ਸਲ ਕਣਕ ਦੀ ਬਿਜਾਈ ਲਈ ਫਾਸਫੋਰਸ ਤੱਤ ਦੀ ਜ਼ਰੂਰਤ ਹੁੰਦੀ ਹੈ। ਉਨ੍ਹਾਂ ਕਿਸਾਨਾਂ ਨੂੰ ਡੀ.ਏ.ਪੀ. ‘ਤੇ ਨਿਰਭਰਤਾ ਘਟਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਫਾਸਫੋਰਸ ਤੱਤ ਦੀ ਪੂਰਤੀ ਟ੍ਰਿਪਲ ਸੁਪਰ ਫਾਸਫੇਟ (0:46:0), ਐਨ.ਪੀ.ਕੇ. (12:32:16), ਸਿੰਗਲ ਸੁਪਰ ਫਾਸਫੇਟ ਐਨ.ਪੀ. ਕੇ (16:16:16) ਅਤੇ ਨਾਈਟ੍ਰੋ ਫਾਸਫੇਟ 20:20:13 ਆਦਿ ਤੋਂ ਵੀ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਹ ਖਾਦਾਂ ਵੀ ਡੀ.ਏ.ਪੀ. ਜਿੰਨੀਆਂ ਹੀ ਕਾਰਗਰ ਹਨ। ਉਨ੍ਹਾਂ ਦੱਸਿਆ ਕਿ ਬਦਲਵੀਆਂ ਖਾਦਾਂ ਦੀ ਵਰਤੋਂ ਨਾਲ ਮਿੱਟੀ ਵਿੱਚ ਖੁਰਾਕੀ ਤੱਤਾਂ ਦੀ ਪੂਰਤੀ ਨਾਲ ਫ਼ਸਲ ਦੇ ਝਾੜ ’ਤੇ ਚੰਗਾ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਉਕਤ ਫਾਸਫੋਰਸ ਤੱਤ ਵਾਲੀਆਂ ਖਾਦਾਂ ਵਿਚੋਂ ਕਿਸੇ ਵੀ ਖਾਦ ਨੂੰ ਡੀ.ਏ.ਪੀ. ਦੇ ਬਦਲ ਵਜੋਂ ਵਰਤਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖਾਦਾਂ ਦੀ ਵਰਤੋਂ ਨਾਲ ਮਿੱਟੀ ਵਿਚਲੇ ਖੁਰਾਕੀ ਤੱਤ ਬਰਕਰਾਰ ਰਹਿੰਦੇ ਹਨ ਅਤੇ ਝਾੜ ’ਤੇ ਚੰਗਾ ਅਸਰ ਪੈਂਦਾ ਹੈ।