ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ: ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਸਪੈਸ਼ਲ ਕੈਂਪ 23 ਤੇ 24 ਨਵੰਬਰ ਨੂੰ

ਜਲੰਧਰ, 22 ਨਵੰਬਰ : ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 1-1-2025 ਦੇ ਆਧਾਰ ‘ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਜਾਰੀ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ 23 ਤੇ 24 ਨਵੰਬਰ 2024 (ਸ਼ਨੀਵਾਰ ਤੇ ਐਤਵਾਰ) ਨੂੰ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਜਿਥੇ ਬੀ.ਐਲ.ਓਜ਼ ਵੱਲੋਂ ਲੋਕਾਂ ਪਾਸੋਂ ਦਾਅਵੇ ਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ 28 ਨਵੰਬਰ 2024 ਤੱਕ ਆਮ ਜਨਤਾ/ਵੋਟਰਾਂ ਪਾਸੋਂ ਦਾਅਵੇ ਤੇ ਇਤਰਾਜ਼ ਪ੍ਰਾਪਤ ਕੀਤੇ ਜਾਣੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ 23 ਨਵੰਬਰ ਦਿਨ ਸ਼ਨੀਵਾਰ ਅਤੇ 24 ਨਵੰਬਰ ਐਤਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਜਿਥੇ ਬੂਥ ਲੈਵਲ ਅਫ਼ਸਰ ਮੌਜੂਦ ਰਹਿ ਕੇ ਦਾਅਵੇ ਅਤੇ ਇਤਰਾਜ਼ਾਂ ਦੇ ਫਾਰਮ ਪ੍ਰਾਪਤ ਕਰਨਗੇ।
ਡਾ. ਅਗਰਵਾਲ ਨੇ ਦੱਸਿਆ ਕਿ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਲਈ ਫਾਰਮ ਨੰਬਰ 6, ਵੋਟਰ ਸੂਚੀ ਵਿੱਚੋਂ ਨਾਮ ਦੀ ਕਟੌਤੀ ਲਈ ਫਾਰਮ ਨੰਬਰ 7, ਵੋਟਰ ਸੂਚੀ ਵਿੱਚ ਦਰਜ ਵੇਰਵਿਆਂ ਦੀ ਸੋਧ/ਰਿਹਾਇਸ਼ ਦੀ ਤਬਦੀਲੀ/ਬਿਨਾਂ ਸੋਧ ਤੋਂ ਡੁਪਲੀਕੇਟ ਕਾਰਡ ਲੈਣ ਲਈ/ਦਿਵਿਆਂਗ ਵਜੋਂ ਮਾਰਕਿੰਗ ਕਰਵਾਉਣ ਲਈ ਫਾਰਮ ਨੰਬਰ 8 ਭਰਿਆ ਜਾ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਫਾਰਮ ਵੋਟਰ ਸਰਵਿਸਜ਼ ਪੋਰਟਲ https://voters.eci.gov.in/ ’ਤੇ ਆਨਲਾਈਨ ਵੀ ਭਰੇ ਜਾ ਸਕਦੇ ਹਨ। ਇਸ ਤੋਂ ਇਲਾਵਾ ਪ੍ਰਵਾਸੀ ਭਾਰਤੀ ਲਈ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਲਈ ਫਾਰਮ ਨੰਬਰ -6ਏ ਭਰਿਆ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਪ੍ਰਸ਼ਾਸਨ ਵੱਲੋਂ ਲਗਾਏ ਜਾ ਰਹੇ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਟੋਲ ਫ੍ਰੀ ਵੋਟਰ ਹੈਲਪਲਾਈਨ  ਨੰਬਰ 1950 ਰਾਹੀਂ ਜ਼ਿਲ੍ਹਾ ਚੋਣ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Leave a Comment

Your email address will not be published. Required fields are marked *

Scroll to Top