ਵਿਦਿਆਰਥੀਆਂ ਨੂੰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਡਾ. ਅੰਬੇਡਕਰ ਦੇ ਸਿਧਾਂਤਾਂ ਦੀ ਪਾਲਣਾ ਕਰਨ ਦੀ ਕੀਤੀ ਅਪੀਲ

ਜਲੰਧਰ, 12 ਦਸੰਬਰ – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਭਾਰਤ ਰਤਨ ਡਾ. ਬੀ.ਆਰ.ਅੰਬੇਡਕਰ ਨੂੰ ਸਮੁੱਚੀ ਮਨੁੱਖਤਾ ਦਾ ਮਹਾਨ ਆਗੂ ਦੱਸਦਿਆਂ ਕਿਹਾ ਕਿ ਬਾਬਾ ਸਾਹਿਬ ਨੇ ਸਮੁੱਚੇ ਦੇਸ਼ ਨੂੰ ਇੱਕ ਧਾਗੇ ਵਿੱਚ ਪਰੋਦਿਆਂ ਬਰਾਬਰੀ ਵਾਲੇ ਸਮਾਜ ‘ਤੇ ਆਧਾਰਿਤ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ਦਾ ਸੰਵਿਧਾਨ ਦਿੱਤਾ।
ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਦੇ 68ਵੇਂ ਮਹਾ ਪ੍ਰੀ-ਨਿਰਵਾਣ ਦਿਵਸ ਨੂੰ ਸਮਰਪਿਤ ਇੱਥੇ ਰੈੱਡ ਕਰਾਸ ਭਵਨ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਡਾ. ਅੰਬੇਡਕਰ ਨੂੰ ਵਿਦਵਾਨ, ਕਾਨੂੰਨਦਾਨ, ਅਰਥ ਸ਼ਾਸਤਰੀ, ਸਮਾਜ ਸੁਧਾਰਕ ਅਤੇ ਰਾਜਨੇਤਾ ਦੱਸਿਆ, ਜੋ ਆਪਣੀ ਦੂਰਅੰਦੇਸ਼ੀ ਅਤੇ ਮਨੁੱਖਤਾਵਾਦੀ ਪਹੁੰਚ ਲਈ ਸਮੁੱਚੀ ਮਨੁੱਖਤਾ ਵੱਲੋਂ ਸਤਿਕਾਰੇ ਜਾਂਦੇ ਹਨ। ਡਾ. ਅਗਰਵਾਲ ਨੇ ਕਿਹਾ ਕਿ ਆਦਰਸ਼ ਸਮਾਜ ਦੀ ਸਿਰਜਣਾ ਲਈ ਸਾਨੂੰ ਸਭ ਨੂੰ ਬਾਬਾ ਸਾਹਿਬ ਦੇ ਫ਼ਲਸਫੇ ਅਤੇ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਨਾਉਣ ਦੀ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਡੇ ਦੇਸ਼ ਦੇ ਵਿਕਾਸ ਵਿੱਚ ਡਾ. ਅੰਬੇਡਕਰ ਦਾ ਯੋਗਦਾਨ ਇੰਨਾ ਮਹਾਨ ਹੈ ਕਿ ਉਨ੍ਹਾਂ ਨੂੰ ਸਦੀਆਂ ਬਾਅਦ ਵੀ ਵਿਸ਼ਵ ਭਰ ਵਿੱਚ ਯਾਦ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਐਸ.ਪੀ. ਸਰਬਜੀਤ ਰਾਏ ਸਮੇਤ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।


   ਡਾ. ਅਗਰਵਾਲ ਨੇ ਇਹ ਵੀ ਕਿਹਾ ਕਿ ਇਸ ਮਹਾਨ ਰਾਸ਼ਟਰੀ ਨਾਇਕ ਦਾ ਜੀਵਨ ਅਤੇ ਫ਼ਲਸਫਾ ਲੋਕਾਂ ਨੂੰ ਦੇਸ਼ ਅਤੇ ਦੇਸ਼ ਵਾਸੀਆਂ ਦੀ ਨਿਰਸਵਾਰਥ ਸੇਵਾ ਲਈ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਸਮਾਜ ਦੇ ਕਿਸੇ ਇੱਕ ਫਿਰਕੇ ਜਾਂ ਵਰਗ ਦੇ ਨਹੀਂ ਸਗੋਂ ਸਮੁੱਚੀ ਮਨੁੱਖਤਾ ਦੇ ਆਗੂ ਸਨ। ਡਾ. ਅਗਰਵਾਲ ਨੇ ਕਿਹਾ ਕਿ ਬਾਬਾ ਸਾਹਿਬ ਇੱਕ ਦੂਰਅੰਦੇਸ਼ੀ ਆਗੂ ਸਨ, ਜਿਨ੍ਹਾਂ ਨੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਅਣਥੱਕ ਕੰਮ ਕੀਤਾ ਅਤੇ ਸਭ ਤੋਂ ਵਧ ਕੇ ਉਹ ਔਰਤਾਂ ਦੇ ਸਸ਼ਕਤੀਕਰਨ ਦੇ ਸੱਚੇ ਸਮਰਥਕ ਸਨ।
ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਬਾਬਾ ਸਾਹਿਬ ਦੀਆਂ ਸਿੱਖਿਆਵਾਂ ‘ਤੇ ਚੱਲਣ ਅਤੇ ਉਨ੍ਹਾਂ ਨੂੰ ਅਪਨਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਬਾਬਾ ਸਾਹਿਬ ਦੇ ਮਿਸ਼ਨ ਨੂੰ ਅੱਗੇ ਤੋਰਨ ਦੀ ਜ਼ਿੰਮੇਵਾਰੀ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਮੋਢਿਆਂ ‘ਤੇ ਹੈ, ਇਸ ਲਈ ਵਿਦਿਆਰਥੀਆਂ ਨੂੰ ਅਜਿਹੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨੀ ਚਾਹੀਦੀ ਹੈ।


ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਾ. ਅੰਬੇਡਕਰ ਵਿਸ਼ਵ ਦੀਆਂ ਸਭ ਤੋਂ ਮਹਾਨ ਸ਼ਖ਼ਸੀਅਤਾਂ ਵਿੱਚੋਂ ਇੱਕ ਸਨ। ਉਨ੍ਹਾਂ ਕਿਹਾ ਕਿ ਖੁਸ਼ਹਾਲ ਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਨਕਸ਼ੇ-ਕਦਮਾਂ ‘ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਮਜ਼ੋਰ ਵਰਗਾਂ ਦਾ ਇਹ ਮਹਾਨ ਮਸੀਹਾ ਵਿਸ਼ਵ ਦੀਆਂ ਸਭ ਤੋਂ ਵਿਦਵਾਨ ਸ਼ਖ਼ਸੀਅਤਾਂ ਵਿੱਚੋਂ ਇਕ ਸੀ ਅਤੇ ਉਨ੍ਹਾਂ ਦੀ ਨਿੱਜੀ ਲਾਇਬ੍ਰੇਰੀ ਵਿੱਚ 50,000 ਦੇ ਕਰੀਬ ਕਿਤਾਬਾਂ ਸਨ। ਉਨ੍ਹਾਂ ਕਿਹਾ ਕਿ ਭਾਵੇਂ ਡਾ. ਅੰਬੇਡਕਰ ਇੱਕ ਸਧਾਰਣ ਪਰਿਵਾਰ ਨਾਲ ਸਬੰਧਤ ਸਨ ਪਰ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਨੇ ਉਨ੍ਹਾਂ ਨੂੰ ਆਲਮੀ ਪੱਧਰ ਦੀਆਂ ਸ਼ਖਸੀਅਤਾਂ ਵਿੱਚ ਸ਼ੁਮਾਰ ਕੀਤਾ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਭਾਰਤੀ ਸੰਵਿਧਾਨ ਡਾ. ਅੰਬੇਡਕਰ ਦੀ ਮਿਹਨਤ, ਲਗਨ ਅਤੇ ਦੂਰਅੰਦੇਸ਼ੀ ਦਾ ਨਤੀਜਾ ਹੈ। ਡਾ. ਅਗਰਵਾਲ ਨੇ ਕਿਹਾ ਕਿ ਸੰਵਿਧਾਨ ਤਿਆਰ ਕਰਨ ਦੇ ਨਾਲ-ਨਾਲ ਡਾ. ਅੰਬੇਡਕਰ ਨੇ ਭਾਰਤੀ ਰਿਜ਼ਰਵ ਬੈਂਕ ਦੀ ਸਥਾਪਨਾ ਵਿੱਚ ਅਹਿਮ ਭੂਮਿਕਾ ਨਿਭਾਈ।


ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜਾਤ, ਰੰਗ, ਨਸਲ ਦੇ ਭੇਦਭਾਵ ਤੋਂ ਉਪਰ ਉਠ ਕੇ ਸਮਾਜ ਦੇ ਸਾਰੇ ਵਰਗਾਂ ਲਈ ਨਿਆਂ ਅਤੇ ਬਰਾਬਰੀ ਯਕੀਨੀ ਬਣਾਉਣ ਲਈ ਆਦਰਸ਼ ਸਮਾਜ ਦੀ ਸਿਰਜਣਾ ਲਈ ਯਤਨ ਕਰਨ ਦਾ ਸੱਦਾ ਦਿੱਤਾ।
ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਨੇ ਵੀ ਡਾ. ਅੰਬੇਡਕਰ ਵੱਲੋਂ ਆਜ਼ਾਦ ਭਾਰਤ ਦਾ ਸੰਵਿਧਾਨ ਤਿਆਰ ਕਰਨ ਵਿੱਚ ਪਾਏ ਵੱਡਮੁੱਲੇ ਯੋਗਦਾਨ ਨੂੰ ਯਾਦ ਕੀਤਾ।
ਐਸ.ਪੀ. ਸਰਬਜੀਤ ਰਾਏ ਨੇ ਵਿਦਿਆਰਥੀਆਂ ਨੂੰ ਡਾ. ਅੰਬੇਡਕਰ ਦੀਆਂ ਸਿੱਖਿਆਵਾਂ ਨੂੰ ਰੋਜ਼ਾਨਾ ਜੀਵਨ ਵਿੱਚ ਅਪਣਾਉਣ ਦੀ ਅਪੀਲ ਕੀਤੀ ਤਾਂ ਜੋ ਉਹ ਆਪਣੇ ਜੀਵਨ ਵਿੱਚ ਚੰਗੇ ਨਾਗਰਿਕ ਬਣ ਸਕਣ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਡਾ. ਬੀ.ਆਰ. ਅੰਬੇਡਕਰ ਦੇ ਜੀਵਨ ਅਤੇ ਫ਼ਲਸਫੇ ’ਤੇ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।
  ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਾਕਮ ਥਾਪਰ ਨੇ ਆਪਣੇ ਭਾਸ਼ਣ ਦੌਰਾਨ ਮੁੱਖ ਮਹਿਮਾਨ ਦੇ ਤੌਰ ‘ਤੇ ਪਹੁੰਚਕੇ ਸਮਾਗਮ ਦੀ ਸ਼ੋਭਾ ਵਧਾਉਣ ਲਈ ਡਿਪਟੀ ਕਮਿਸ਼ਨਰ ਦਾ ਧੰਨਵਾਦ ਕਰਦੇ ਹੋਏ ਆਏ ਹੋਏ ਸਾਰੇ ਮਹਿਮਾਨਾਂ ਦਾ ਵੀ ਧੰਨਵਾਦ ਪ੍ਰਗਟ ਕੀਤਾ।
   ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਇੰਦਰਦੇਵ ਸਿੰਘ ਮਿਨਹਾਸ, ਡਾ. ਸੁਰਜੀਤ ਲਾਲ, ਡਾ. ਅਸ਼ੋਕ ਸਹੋਤਾ, ਸਕੱਤਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਐਡਵੋਕੇਟ ਪ੍ਰਿਤਪਾਲ ਸਿੰਘ, ਪ੍ਰਧਾਨ ਐਕਸ ਸਰਵਿਸਮੈਨ ਵੈੱਲਫੇਅਰ ਐਸੋਸੀਏਸ਼ਨ ਕੈਪਟਨ ਗੁਰਮੇਲ ਸਿੰਘ, ਸੇਵਾਮੁਕਤ ਜੱਜ ਦਰਸ਼ਨ ਸਿੰਘ, ਡੀ.ਈ.ਓ. ਗੁਰਿੰਦਰਜੀਤ ਕੌਰ, ਡਿਪਟੀ ਡੀ.ਈ.ਓ. ਰਾਜੀਵ ਜੋਸ਼ੀ, ਚੋਣ ਕਾਨੂੰਨਗੋ ਸੁਖਦੇਵ ਸਿੰਘ ਵੀ ਮੌਜੂਦ ਸਨ।
———

Leave a Comment

Your email address will not be published. Required fields are marked *

Scroll to Top