ਜਲੰਧਰ, 16 ਜਨਵਰੀ: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਬਲਾਕ ਸ਼ਾਹਕੋਟ ਵਿਖੇ ਐਸਪੀਰੇਸ਼ਨਲ ਬਲਾਕ ਪ੍ਰੋਗਰਾਮ ਤਹਿਤ ਨਿਰਧਾਰਤ ਖੇਤਰਾਂ ਵਿੱਚ ਸੁਧਾਰ ਲਿਆਉਣ ਲਈ ਚੱਲ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਵਿਭਾਗਾਂ ਨੂੰ ਮਿੱਥੇ ਟੀਚੇ ਹਾਸਲ ਕਰਨ ਲਈ ਸਾਰੇ ਇੰਡੀਕੇਟਰਜ਼ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਕਰਨ ਦੀਆਂ ਹਦਾਇਤਾਂ ਕੀਤੀਆਂ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬੁਧੀ ਰਾਜ ਸਿੰਘ ਸਮੇਤ ਸਿਹਤ, ਸਿੱਖਿਆ, ਬਾਲ ਵਿਕਾਸ, ਖੇਤੀਬਾੜੀ ਸਮੇਤ 6 ਖੇਤਰਾਂ ਨਾਲ ਸਬੰਧਤ 40 ਇੰਡੀਕੇਟਰਾਂ ਵਿੱਚ ਸੁਧਾਰ ਸਬੰਧੀ ਵਿਭਾਗਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਗਰਭਵਤੀ ਔਰਤਾਂ ਦੀ ਏ.ਐਨ.ਸੀ. ਤਹਿਤ ਸੌ ਫੀਸਦੀ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਤਪਦਿਕ ਦੇ ਨੋਟੀਫਾਈਡ ਮਰੀਜ਼ਾਂ ਦੇ ਸੌ ਫੀਸਦੀ ਇਲਾਜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਟੀਬੀ ਦਾ ਇਕ ਵੀ ਮਰੀਜ਼ ਢੁੱਕਵੇਂ ਇਲਾਜ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।
ਖੇਤੀਬਾੜੀ ਵਿਭਾਗ ਨੂੰ ਬਲਾਕ ਸ਼ਾਹਕੋਟ ਵਿਖੇ ਐਫ.ਪੀ.ਓ. (ਫਾਰਮਰ ਪ੍ਰਡਿਊਸਰ ਆਰਗੇਨਾਈਜ਼ੇਸ਼ਨ) ਗਠਿਤ ਕਰਨ ਦੇ ਨਿਰਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਕੀਤੀਆਂ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਗਰਭਵਤੀ ਔਰਤਾਂ ਤੇ ਬੱਚਿਆਂ ਲਈ ਪੌਸ਼ਟਿਕ ਆਹਾਰ ਦੀ ਵੰਡ, ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਸਿਖ਼ਲਾਈ ਪ੍ਰਾਪਤ ਅਧਿਆਪਕਾਂ, ਪਸ਼ੂਆਂ ਦੇ ਟੀਕਾਕਰਨ, ਸੁਆਇਲ ਹੈਲਥ ਕਾਰਡ ਸਬੰਧੀ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਵਿਭਾਗਾਂ ਨੂੰ ਆਪਣੇ ਕੰਮਾਂ ਦਾ ਡਾਟਾ ਸਮੇਂ ਸਿਰ ਅਪਡੇਟ ਕਰਨ ਕਰਨ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਇਨ੍ਹਾਂ ਖੇਤਰਾਂ ਨੂੰ ਹੋਰ ਬਿਹਤਰ ਬਣਾਉਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਅਹਿਮ ਖੇਤਰਾਂ ਵਿੱਚ ਸੁਧਾਰ ਕਰਨ ਲਈ ਇਹ ਉਪਰਾਲੇ ਚੱਲ ਰਹੇ ਹਨ, ਜਿਨ੍ਹਾਂ ਨੂੰ ਪੂਰੀ ਤਵਜੋਂ ਦਿੰਦਿਆਂ ਲਾਗੂ ਕੀਤਾ ਜਾਵੇ।
ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ, ਸਬ ਡਵੀਜ਼ਨਲ ਭੂਮੀ ਸੰਭਾਲ ਅਫ਼ਸਰ ਇੰਜ. ਲੁਪਿੰਦਰ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

















































