ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤਿਮਾ ਦਾ ਅਪਮਾਨ ਕਰਨ ਵਾਲੇ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ : ਮਹਿੰਦਰ ਭਗਤ

ਜਲੰਧਰ, 27 ਜਨਵਰੀ : ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ ਵਿਖੇ ਸਥਾਪਿਤ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਦੀ ਪ੍ਰਤਿਮਾ ਨੂੰ ਇੱਕ ਵਿਅਕਤੀ ਵੱਲੋਂ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਦੇ ਮਾਮਲੇ ਸਬੰਧੀ ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਬਾਬਾ ਸਾਹਿਬ ਦਾ ਅਪਮਾਨ ਕਰਨ ਵਾਲੇ ਵਿਅਕਤੀ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ।
   ਇਸ ਨੂੰ ਬਹੁਤ ਹੀ ਮੰਦਭਾਗੀ ਘਟਨਾ ਦੱਸਦੇ ਹੋਏ ਮਹਿੰਦਰ ਭਗਤ ਨੇ ਕਿਹਾ ਕਿ ਇਸ ਨਾਲ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਜੀ ਦਾ ਸਤਿਕਾਰ ਕਰਨ ਵਾਲੇ ਹਰ ਵਿਅਕਤੀ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।
    ਲੋਕਾਂ ਨੂੰ ਸੰਜਮ ਬਣਾਈ ਰੱਖਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਘਿਨਾਉਣੇ ਕੰਮਾਂ ਵਿੱਚ ਸ਼ਾਮਲ ਸ਼ਰਾਰਤੀ ਅਨਸਰਾਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ।
   ਕੈਬਨਿਟ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਅਸ਼ਾਂਤੀ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਸਮਾਜ ਵਿਰੋਧੀ ਅਤੇ ਦੇਸ਼ ਵਿਰੋਧੀ ਅਨਸਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਪੂਰੀ ਤਰ੍ਹਾਂ ਸੁਚੇਤ ਅਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੋ ਵੀ ਅਜਿਹੀਆਂ ਕਾਰਵਾਈਆਂ ਰਾਹੀਂ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰੇਗਾ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
    ਮਹਿੰਦਰ ਭਗਤ ਨੇ ਲੋਕਾਂ ਨੂੰ ਪੂਰਨ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਨੂੰ ਸਭ ਤੋਂ ਸ਼ਾਂਤੀਪੂਰਨ ਤੇ ਭਾਈਚਾਰਕ ਸਾਂਝ ਵਾਲਾ ਸੂਬਾ ਬਣਾਉਣ ਲਈ ਫਿਰਕੂ ਸਦਭਾਵਨਾ ਅਤੇ ਸ਼ਾਂਤੀ ਬਰਕਰਾਰ ਰੱਖਣ ਲਈ ਸਰਗਰਮ ਭੂਮਿਕਾ ਨਿਭਾਈ ਜਾਵੇ।
———–

Leave a Comment

Your email address will not be published. Required fields are marked *

Scroll to Top