ਚੰਡੀਗੜ੍ਹ: ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਿਹਤਰ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਾਬਕਾ ਸੈਨਿਕ ਕਾਰਪੋਰੇਸ਼ਨ (ਪੈਸਕੋ) ਦੀ ਮਜ਼ਬੂਤੀ ਲਈ ਠੋਸ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ।
ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਪੰਜਾਬ ਸਾਬਕਾ ਸੈਨਿਕ ਕਾਰਪੋਰੇਸ਼ਨ ਦੇ ਸੰਚਾਲਨ ਢਾਂਚੇ, ਵਿੱਤੀ ਸਥਿਤੀ ਅਤੇ ਕਰਮਚਾਰੀਆਂ ਦੀ ਭਲਾਈ ਸਬੰਧੀ ਚੁੱਕੇ ਗਏ ਕਦਮਾਂ ਦਾ ਜਾਇਜ਼ਾ ਲਿਆ।
ਵਿਚਾਰ-ਵਟਾਂਦਰੇ ਦੌਰਾਨ, ਪੈਸਕੋ ਦੇ ਮੈਨੇਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾਮੁਕਤ) ਅਤੇ ਮੁੱਖ ਦਫ਼ਤਰ ਦੇ ਜਨਰਲ ਮੈਨੇਜਰ (ਪ੍ਰਸ਼ਾਸਕੀ ਅਤੇ ਸੁਰੱਖਿਆ) ਕਰਨਲ ਨਵਾਬ ਸਿੰਘ ਘੁੰਮਣ (ਸੇਵਾਮੁਕਤ) ਨੇ ਮੰਤਰੀ ਨੂੰ ਕਾਰਪੋਰੇਸ਼ਨ ਦੇ ਉਪਰਾਲਿਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਮੋਹਾਲੀ ਤੇ ਬਠਿੰਡਾ ਵਿੱਚ ਹੁਨਰ ਸਿਖਲਾਈ ਸੰਸਥਾਵਾਂ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਤੇ ਨੌਜਵਾਨਾਂ ਨੂੰ ਕਿੱਤਾਮੁਖੀ ਸਿਖਲਾਈ ਦੇ ਰਹੀਆਂ ਹਨ।
ਅਧਿਕਾਰੀਆਂ ਨੇ ਇਹ ਵੀ ਦੱਸਿਆ ਕਿ ਪੈਸਕੋ ਵੱਲੋਂ ਤਾਇਨਾਤ ਸਾਰੇ ਕਰਮਚਾਰੀਆਂ ਦਾ 10 ਲੱਖ ਰੁਪਏ ਦਾ ਬੀਮਾ ਕੀਤਾ ਜਾਂਦਾ ਹੈ ਤਾਂ ਜੋ ਉਨ੍ਹਾਂ ਦੀ ਵਿੱਤੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਕੈਬਨਿਟ ਮੰਤਰੀ ਅੱਗੇ ਸਾਲਾਨਾ ਪ੍ਰਸ਼ਾਸਕੀ ਰਿਪੋਰਟ ਦੇ ਨਾਲ-ਨਾਲ ਪਿਛਲੇ ਤਿੰਨ ਸਾਲਾਂ ਦੌਰਾਨ ਪੈਸਕੋ ਦੀ ਵਿੱਤੀ ਸਥਿਤੀ ਦੇ ਮੁਲਾਂਕਣ ਦੀ ਰਿਪੋਰਟ ਵੀ ਪੇਸ਼ ਕੀਤੀ ਗਈ। ਵਿਚਾਰ-ਵਟਾਂਦਰੇ ਦੌਰਾਨ ਸੁਰੱਖਿਆ ਗਾਰਡਾਂ ਦੀਆਂ ਤਨਖਾਹਾਂ, ਵਿਸ਼ੇਸ਼ ਸ਼੍ਰੇਣੀ ਵਜੋਂ ਤਨਖਾਹਾਂ ਵਿੱਚ ਵਾਧੇ ਲਈ ਯਤਨਾਂ ਅਤੇ ਵੱਖ-ਵੱਖ ਖੇਤਰਾਂ ਵਿੱਚ ਸਾਬਕਾ ਸੈਨਿਕਾਂ ਲਈ ਨਿਯੁਕਤੀ ਪ੍ਰਕਿਰਿਆ ਬਾਰੇ ਗੱਲਬਾਤ ਕੀਤੀ ਗਈ।
ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਹਾਇਤਾ ਵਿੱਚ ਪੈਸਕੋ ਦੀ ਭੂਮਿਕਾ ਨੂੰ ਮਜ਼ਬੂਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਭਰੋਸਾ ਦਿੱਤਾ ਕਿ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਲਈ ਸੇਵਾਕਾਲ ਦੀ ਉਮਰ ਵਿੱਚ ਵਾਧੇ ਅਤੇ ਪ੍ਰਸ਼ਾਸਕੀ ਵਿੱਤੀ ਤੇ ਚੁਣੌਤੀਆਂ ਨੂੰ ਹੱਲ ਕਰਨ ਲਈ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ।
ਪੈਸਕੋ ਦੇ ਕੰਮਕਾਜ ਦੇ ਹੋਰ ਬਿਹਤਰ ਢੰਗ ਨਾਲ ਮੁਲਾਂਕਣ ਲਈ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਉਨ੍ਹਾਂ ਵੱਲੋਂ ਜਲਦ ਹੀ ਪੈਸਕੋ ਫੈਸਿਲਟੀਜ਼ ਦਾ ਦੌਰਾ ਕੀਤਾ ਜਾਵੇਗਾ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ ਅਤੇ ਕਾਰਪੋਰੇਸ਼ਨ ਦੀ ਪ੍ਰਭਾਵਸ਼ੀਲਤਾ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
—-
