ਨਕੋਦਰ, 15 ਅਪ੍ਰੈਲ:- ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਪੰਜਾਬ ਸਰਕਾਰ ਵਲੋਂ ਐਡਵੋਕੇਟ ਜਨਰਲ ਦਫਤਰ ਵਿੱਚ ਰਾਖਵਾਂਕਰਨ ਲਾਗੂ ਕਰਕੇ ਇਤਿਹਾਸ ਰਚਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਹੈ, ਜਿਸ ਵਲੋਂ ਡਾ.ਬੀ.ਆਰ.ਅੰਬੇਡਕਰ ਦੇ ਸੁਪਨਿਆਂ ਨੂੰ ਪੂਰਾ ਕਰਦਿਆਂ ਐਸ.ਸੀ.ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਸੰਜੀਦਾ ਕਦਮ ਉਠਾਏ ਗਏ ਹਨ।
ਨਕੋਦਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਪ੍ਰੈਸ ਨੁਮਾਇੰਦਿਆਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਲਏ ਗਏ ਮਿਸਾਲੀ ਫ਼ੈਸਲਿਆਂ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਦੇ ਐਡਵੋਕੇਟ ਜਨਰਲ ਦਫਤਰ ਵਿਖੇ ਰਾਖਵਾਂਕਰਨ ਲਾਗੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਸ.ਸੀ./ਐਸ.ਟੀ.ਕੋਟੇ ਦੀਆਂ 58 ਅਸਾਮੀਆਂ ਨੂੰ ਭਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ 2017 ਵਿੱਚ ਆਮ ਆਦਮੀ ਪਾਰਟੀ ਵਲੋਂ ਇਸ ਮੁੱਦੇ ਨੂੰ ਵਾਰ-ਵਾਰ ਉਠਾਉਣ ਦੇ ਬਾਵਜੂਦ ਪਹਿਲੀਆਂ ਸਰਕਾਰਾਂ ਵਲੋਂ ਇਸ ਨੂੰ ਅਣਗੌਲਿਆਂ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ 50 ਫੀਸਦੀ ਆਮਦਨ ਸ਼ਰਤਾਂ ਨੂੰ ਘਟਾ ਕੇ ਇਸ ਦੀ ਯੋਗਤਾ ਨੂੰ ਹੋਰ ਸੁਖਾਲਾ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਸਹੂਲਤ ਨਾਲ ਐਸ.ਸੀ/ਐਸ.ਟੀ. ਉਮੀਦਵਾਰ ਨੂੰ ਕਾਨੂੰਨੀ ਖੇਤਰ ਵਿੱਚ ਉਚ ਅਹੁਦਿਆਂ ਜਿਨ੍ਹਾਂ ਵਿਚ ਐਡੀਸ਼ਨਲ ਐਡਵੋਕੇਟ ਜਨਰਲ, ਡਿਪਟੀ ਐਡਵੋਕੇਟ ਜਨਰਲ ਅਤੇ ਸਹਾਇਕ ਐਡਵੋਕੇਟ ਜਨਰਲ ’ਤੇ ਪਹੁੰਚਣ ਵਿੱਚ ਸਹੂਲਤ ਮਿਲੇਗੀ।
ਇੰਦਰਜੀਤ ਕੌਰ ਮਾਨ ਨੇ ਪੰਜਾਬ ਸਰਕਾਰ ਦੀ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਉਣ ਦੀ ਵਚਨਬੱਧਤਾ ’ਤੇ ਜ਼ੋਰ ਦਿੰਦਿਆਂ ਇਸ ਨੂੰ ਡਾ.ਅੰਬੇਡਕਰ ਦੀ ਵਿਚਾਰਧਾਰਾ ‘ਤੇ ਚੱਲਣ ਲਈ ਪੰਜਾਬ ਸਰਕਾਰ ਦਾ ਸੁਹਿਰਦ ਉਪਰਾਲਾ ਦੱਸਿਆ। ਉਨ੍ਹਾਂ ਕਿਹਾ ਕਿ ਸਾਡੇ ਸਕੂਲ ਐਕਸੀਲੈਂਸ ਸਿੱਖਿਆ ਸੰਸਥਾਵਾਂ ਵਿੱਚ ਤਬਦੀਲ ਹੋ ਰਹੇ ਹਨ ਅਤੇ ਇਹ ਬਾਬਾ ਸਾਹਿਬ ਨੂੰ ਸੱਚੀ ਸਰਧਾਂਜ਼ਲੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਕੈਬਨਿਟ ਵਿੱਚ ਐਸ.ਸੀ.ਭਾਈਚਾਰੇ ਨਾਲ ਸਬੰਧਿਤ 6 ਕੈਬਨਿਟ ਮੰਤਰੀ ਹੋਣਾ, ਪੰਜਾਬ ਸਰਕਾਰ ਦੇ ਸੁਚੱਜੇ ਪ੍ਰਸ਼ਾਸਕੀ ਸੁਧਾਰਾਂ ਦਾ ਸ਼ਕਤੀਸ਼ਾਲੀ ਸਬੂਤ ਹੈ।
ਉਨ੍ਹਾਂ ਪਹਿਲੀਆਂ ਕਾਂਗਰਸ ਅਤੇ ਅਕਾਲੀ ਦਲ-ਬੀ.ਜੇ.ਪੀ. ਦੀਆਂ ਸਰਕਾਰਾਂ ’ਤੇ ਵਰ੍ਹਦਿਆਂ ਦੋਸ਼ ਲਗਾਇਆ ਕਿ ਇਹਨਾਂ ਵਲੋਂ ਰਾਜ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਅਣਗੌਲਿਆਂ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਅਸੀਂ ਵਾਅਦੇ ਹੀ ਨਹੀਂ ਕਰ ਰਹੇ, ਸਗੋਂ ਲਾਮਿਸਾਲ ਤਬਦੀਲੀਆਂ ਰਾਹੀਂ ਇਨ੍ਹਾਂ ਨੂੰ ਪੂਰਿਆਂ ਵੀ ਕੀਤਾ ਜਾ ਰਿਹਾ ਹੈ।
——————–
