ਨਕੋਦਰ/ਜਲੰਧਰ, 23 ਅਪ੍ਰੈਲ : ਵਿਧਾਇਕ ਇੰਦਰਜੀਤ ਕੌਰ ਮਾਨ ਵੱਲੋਂ ਅੱਜ ਸੂਬਾ ਸਰਕਾਰ ਦੀ ਪਹਿਲਕਦਮੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਪਿੰਡ ਮੁੰਧ, ਸੈਦਪੁਰ ਕੋਟਲਾ ਅਤੇ ਨੰਗਲ ਜੀਵਨ ਦੇ ਸਰਕਾਰੀ ਸਕੂਲਾਂ ਵਿੱਚ 7.24 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤ ਕੀਤੇ ਗਏ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਆਧੁਨਿਕ ਬਨਿਆਦੀ ਢਾਂਚਾ ਅਤੇ ਸਹੂਲਤਾਂ ਮੁਹੱਈਆ ਕਰਵਾ ਕੇ ਅੰਤਰ ਰਾਸ਼ਟਰੀ ਪੱਧਰ ਦੀ ਸਿੱਖਿਆ ਦੇ ਯੋਗ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਚੁੱਕੇ ਗਏ ਕ੍ਰਾਂਤੀਕਾਰ ਕਦਮਾਂ ਨਾਲ ਇਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਮਨੋਬਲ ਉੱਚਾ ਹੋਇਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਅੱਜ ਡਿਜੀਟਲ ਢੰਗ ਨਾਲ ਸਿੱਖਿਆ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸੋਲਰ ਪੈਨਲ, ਬੱਸ ਸੁਵਿਧਾ, ਸਕਿਓਰਿਟੀ ਗਾਰਡ, ਕੈਂਪਸ ਮੈਨੇਜਰ ਸਮੇਤ ਹਰ ਲੋੜੀਂਦੀ ਸੁਵਿਧਾ ਉਪਲਬਧ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਅਧਿਆਪਕਾਂ ਦੇ ਸਿੱਖਿਆ ਦੇ ਹੁਨਰ ਨੂੰ ਹੋਰ ਨਿਖਾਰਣ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ।


















































