ਸੂਬਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ’ਚ ਕੀਤੇ ਸੁਧਾਰਾਂ ਸਦਕਾ ਸਰਕਾਰੀ ਸਕੂਲਾਂ ְ’ਚ ਵਿਦਿਆਰਥੀਆਂ ਦੀ ਗਿਣਤੀ ਵਧੀ : ਬਲਕਾਰ ਸਿੰਘ

ਕਰਤਾਰਪੁਰ/ਜਲੰਧਰ, 28 ਅਪ੍ਰੈਲ: ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਵਲੋਂ ਅੱਜ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਹਲਕੇ ਦੇ 5 ਸਰਕਾਰੀ ਸਕੂਲਾਂ ਵਿੱਚ 41.27 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤ ਕੀਤੇ ਗਏ।
ਵਿਧਾਇਕ ਬਲਕਾਰ ਸਿੰਘ ਵੱਲੋਂ ਸਰਕਾਰੀ ਹਾਈ ਸਕੂਲ ਬੁਲੰਦਪੁਰ ਵਿਖੇ 35.67 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਕਬੂਲਪੁਰ ਵਿਖੇ 1.15 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਬੁਲੰਦਪੁਰ ਵਿਖੇ 2.55 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਨੂਰਪੁਰ ਵਿਖੇ ਇਕ ਲੱਖ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਰਾਓਵਾਲੀ ਵਿਖੇ 90 ਹਜ਼ਾਰ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।


ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਉਪਰੰਤ ਇਕੱਠਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਸੁਧਾਰਾਂ ਸਦਕਾ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਨਾ ਸਿਰਫ਼ ਵਿੱਦਿਅਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਸਗੋਂ ਅਤਿ ਆਧੁਨਿਕ ਸਹੂਲਤਾਂ ਨਾਲ ਵੀ ਲੈਸ ਕੀਤਾ ਜਾ ਰਿਹਾ ਹੈ।


ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਲਿਆਂਦੇ ਕ੍ਰਾਂਤੀਕਾਰੀ ਬਦਲਾਅ ਸਦਕਾ ਅੱਜ ਸੂਬਾ ਸਿੱਖਿਆ ਦੇ ਮਾਡਲ ਵਜੋਂ ਉੱਭਰ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਅਤੇ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਮੁਫ਼ਤ ਸਹੂਲਤਾਂ ਦਾ ਲਾਭ ਲੈਣ ਦੀ ਅਪੀਲ ਵੀ ਕੀਤੀ। ਉਨ੍ਹਾਂ ਅਧਿਆਪਕਾਂ ਨੂੰ ਵੀ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨਾਲ ਜੋੜਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਣ।
ਇਸ ਮੌਕੇ ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ, ਅਧਿਆਪਕ ਅਤੇ ਮਾਪੇ ਵੀ ਮੌਜੂਦ ਸਨ।

Leave a Comment

Your email address will not be published. Required fields are marked *

Scroll to Top