ਸਿਹਤ ਵਿਭਾਗ ਨੇ ਜ਼ਿਲ੍ਹੇ ’ਚ ਖਾਧ ਪਦਾਰਥਾਂ ਦੇ ਭਰੇ 12 ਨਮੂਨੇ, ਜਮਸ਼ੇਰ, ਬਸਤੀ ਸ਼ੇਖ ਅਤੇ ਬਸਤੀ ਦਾਨਿਸ਼ਮੰਦਾਂ ’ਚ ਕੀਤੀ ਗਈ ਖਾਧ ਪਦਾਰਥਾਂ ਦੀ ਜਾਂਚ

ਜਲੰਧਰ:- ਪ੍ਰਸ਼ਾਸਨ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਮਿਲਾਵਟ ਰਹਿਤ ਗੁਣਵੱਤਾ ਭਰਪੂਰ ਖਾਧ ਪਦਾਰਥ ਮੁਹੱਈਆ ਕਰਵਾਉਣ ਦੇ ਮੰਤਵ ਤਹਿਤ ਅੱਜ ਸਹਾਇਕ ਕਮਿਸ਼ਨਰ ਫੂਡ  ਡਾ.ਹਰਜੋਤ ਪਾਲ ਦੀ ਅਗਵਾਈ ਵਿੱਚ ਭੋਜਨ ਸੁਰੱਖਿਆ ਟੀਮ, ਜਿਸ ਵਿੱਚ ਫੂਡ ਸੇਫ਼ਟੀ ਅਫ਼ਸਰ ਮੂਕੁਲ ਗਿੱਲ ਅਤੇ ਪ੍ਰਭਜੋਤ ਕੌਰ ਸ਼ਾਮਿਲ ਸਨ, ਵਲੋਂ ਜਮਸ਼ੇਰ, ਬਸਤੀ ਸ਼ੇਖ ਰੋਡ ਅਤੇ ਬਸਤੀ ਦਾਨਿਸਮੰਦਾਂ ਵਿਖੇ ਅਚਨਚੇਤ ਜਾਂਚ ਕਰਕੇ 12 ਖਾਧ ਪਦਾਰਥਾਂ ਦੇ ਨਮੂਨੇ ਭਰੇ ਗਏ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ ਫੂਡ ਡਾ.ਹਰਜੋਤ ਪਾਲ ਸਿੰਘ ਨੇ ਦੱਸਿਆ ਕਿ ਇਹਨਾਂ ਨਮੂਨਿਆਂ ਨੂੰ ਅਗਲੇਰੀ ਜਾਂਚ ਲਈ ਲੈਬਾਰਟੀ ਵਿਖੇ ਭੇਜਿਆ ਜਾਵੇਗਾ। ਉਨ੍ਹਾਂ ਸਿਹਤ ਵਿਭਾਗ ਖਾਧ ਪਦਾਰਥਾਂ ਵਿੱਚ ਮਿਲਾਵਟ ਨੂੰ ਰੋਕਣ ਲਈ ਵਚਨਬੱਧ ਹੈ ਅਤੇ ਜ਼ਿਲ੍ਹੇ ਵਿੱਚ ਖਾਧ ਪਦਾਰਥਾਂ ਦੀ ਨਿਯਮਤ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਵੀ ਅਜਿਹੀਆਂ ਚੈਕਿੰਗਾਂ ਕੀਤੀਆਂ ਜਾਂਦੀਆਂ ਰਹਿਣਗੀਆਂ ਅਤੇ ਖਾਧ ਪਦਾਰਥਾਂ ਵਿੱਚ ਮਿਲਾਵਟ ਕਰਨ ਵਾਲਿਆਂ ਖਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਇਕ ਜਿੰਮੇਵਾਰ ਨਾਗਰਿਕ ਦੀ ਭੂਮਿਕਾ ਨਿਭਾਉਂਦਿਆਂ ਜੇਕਰ ਕਿਤੇ ਵੀ ਖਾਧ ਪਦਾਰਥਾਂ ਵਿੱਚ ਮਿਲਾਵਟ ਸਬੰਧੀ ਕੋਈ ਕਾਰਵਾਈ ਉਨ੍ਹਾਂ ਦੇ ਧਿਆਨ ਵਿੱਚ ਆਉਂਦੀ ਹੈ ਤਾਂ ਇਸ ਦੀ ਤੁਰੰਤ ਸੂਚਨਾ ਸਿਹਤ ਵਿਭਾਗ ਜਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੁਹੱਈਆ ਕਰਵਾਈ ਜਾਵੇ।
——————

Leave a Comment

Your email address will not be published. Required fields are marked *

Scroll to Top