ਕੈਬਨਿਟ ਮੰਤਰੀ ਵੱਲੋਂ ਲੋਕਾਂ ਨੂੰ ਨਸ਼ਿਆਂ ਖਿਲਾਫ਼ ਵਿੱਢੀ ਜੰਗ ’ਚ ਪੰਜਾਬ ਸਰਕਾਰ ਦਾ ਡਟ ਕੇ ਸਾਥ ਦੇਣ ਦੀ ਅਪੀਲ

ਜਲੰਧਰ, 28 ਮਈ: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਸਰਕਾਰ ਨੇ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਲੜਾਈ ਤੇਜ਼ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਲਈ ਪੰਜਾਬ ’ਚ ਹੁਣ ਕੋਈ ਥਾਂ ਨਹੀਂ ਹੈ ਅਤੇ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਕਿਸੇ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤੀ ਯਾਤਰਾ ਤਹਿਤ ਸੂਬੇ ਭਰ ਦੇ ਪਿੰਡਾਂ ਅਤੇ ਵਾਰਡਾਂ ਵਿੱਚ ਲਗਾਤਾਰ ਮੀਟਿੰਗਾਂ ਕਰਕੇ ਘਰ-ਘਰ ਨਸ਼ਾ ਮੁਕਤੀ ਦਾ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਲੋਕ ਸੂਬਾ ਸਰਕਾਰ ਦੀ ਇਸ ਮੁਹਿੰਮ ਨਾਲ ਜੁੜ ਰਹੇ ਹਨ ਅਤੇ ਨਸ਼ਿਆਂ ਖਿਲਾਫ਼ ਲੜਾਈ ਵਿੱਚ ਯੋਗਦਾਨ ਪਾਉਣ ਦਾ ਪ੍ਰਣ ਲੈ ਰਹੇ ਹਨ।
ਲੋਕਾਂ ਨੂੰ ਨਸ਼ਿਆਂ ਖਿਲਾਫ਼ ਵਿੱਢੀ ਜੰਗ ਵਿੱਚ ਪੰਜਾਬ ਸਰਕਾਰ ਦਾ ਡਟ ਕੇ ਸਾਥ ਦੇਣ ਦੀ ਅਪੀਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਨਸ਼ਾ ਤਸਕਰ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ, ਤਾਂ ਇਸ ਸਬੰਧੀ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਜਾਵੇ ਤਾਂ ਜੋ ਅਜਿਹੇ ਅਨਸਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਕੋਈ ਵੀ ਜਾਣਕਾਰੀ ਵਟਸਐਪ ਨੰਬਰ 9779-100-200 ਰਾਹੀਂ ਵੀ ਦਿੱਤੀ ਜਾ ਸਕਦੀ ਹੈ।
ਸ਼੍ਰੀ ਭਗਤ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਾ ਤਸਕਰਾਂ ’ਤੇ ਸਖ਼ਤ ਕਾਰਵਾਈ ਕਰਦਿਆਂ ਜਿਥੇ ਉਨ੍ਹਾਂ ਨੂੰ ਜੇਲਾਂ ਦੀਆਂ ਸਲਾਖਾਂ ਪਿੱਛੇ ਭੇਜਿਆ ਹੈ ਉਥੇ ਨਸ਼ੇ ਦੇ ਕਾਰੋਬਾਰੀਆਂ ਵੱਲੋਂ ਨਸ਼ੇ ਵੇਚ ਕੇ ਬਣਾਈਆਂ ਗਈਆਂ ਜਾਇਦਾਦਾਂ ’ਤੇ ਬੁਲਡੋਜ਼ਰ ਵੀ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ੇ ਦੀ ਲਤ ’ਚ ਫਸੇ ਨੌਜਵਾਨਾਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਵੱਡੇ ਪੱਧਰ ’ਤੇ ਉਪਰਾਲੇ ਕਰਨ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਿੰਡ ਪੱਧਰ ’ਤੇ ਮਾਡਲ ਖੇਡ ਮੈਦਾਨ ਵੀ ਬਣਾਏ ਜਾ ਰਹੇ ਹਨ।
ਕੈਬਨਿਟ ਮੰਤਰੀ ਨੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਇਕਜੁੱਟਤਾ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਹਰੇਕ ਦਾ ਸਹਿਯੋਗ ਬਹੁਤ ਜ਼ਰੂਰੀ ਹੈ।

Leave a Comment

Your email address will not be published. Required fields are marked *

Scroll to Top