ਜਲੰਧਰ, 21 ਅਗਸਤ : ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਵਲੋਂ ਅੱਜ ਜਲੰਧਰ ਵਿਖੇ ਨਵੇਂ ਨਿਯੁਕਤ 54 ਪਟਵਾਰੀਆਂ ਦਾ ਸਵਾਗਤ ਕਰਦਿਆਂ ਉਹਨਾਂ ਨੂੰ ਪੂਰੀ ਲਗਨ, ਮਿਹਨਤ ਤੇ ਜਿੰਮੇਵਾਰੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਨਵੇਂ ਨਿਯੁਕਤ ਪਟਵਾਰੀਆਂ ਨੂੰ ਵਧਾਈ ਦਿੰਦਿਆਂ ਡਾ.ਅਗਰਵਾਲ ਨੇ ਕਿਹਾ ਕਿ ਉਹ ਬਹੁਤ ਖੁਸ਼ਕਿਸਮਤ ਹਨ ਕਿ ਉਹਨਾਂ ਨੂੰ ਜ਼ਮੀਨੀ ਪੱਧਰ ’ਤੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਪਟਵਾਰੀਆਂ ਨੂੰ ਮਾਲ ਵਿਭਾਗ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਕਿਹਾ ਕਿ ਇਹਨਾਂ ’ਤੇ ਗਿਰਦਾਵਰੀ, ਜ਼ਮੀਨ ਦੀ ਨਿਸ਼ਾਨਦੇਹੀ, ਮਾਲ ਵਿਭਾਗ ਦੇ ਰਿਕਾਰਡ ਦੀ ਸੰਭਾਲ ਅਤੇ ਜਮੀਨੀ ਪੱਧਰ ’ਤੇ ਕੀਤੀਆਂ ਜਾਣ ਵਾਲੀਆਂ ਪ੍ਰਕਿਰਿਆਵਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਸਮੇਤ ਕਈ ਅਹਿਮ ਜਿੰਮੇਵਾਰੀਆਂ ਹੁੰਦੀਆਂ ਹਨ।
ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਪਟਵਾਰੀ ਫੀਲਡ ਵਿੱਚ ਪੰਜਾਬ ਸਰਕਾਰ ਦੇ ਨੁਮਾਇੰਦੇ ਹੁੰਦੇ ਹਨ।
ਡਾ.ਅਗਰਵਾਲ ਨੇ ਪਟਵਾਰੀਆਂ ਦੁਆਰਾ ਕਟਾਈ ਦੇ ਸੀਜ਼ਨ ਦੌਰਾਨ ਨਿਭਾਈ ਜਾਣ ਵਾਲੀ ਮਹੱਤਵਪੂਰਨ ਭੂਮਿਕਾ ’ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਇਹਨਾਂ ਵਲੋਂ ਦਿੱਤੀ ਗਈ ਸਹੀ ਰਿਪੋਰਟ ਕਿਸਾਨਾਂ ਦੇ ਹਿੱਤਾਂ ਨੂੰ ਸੁਰੱਖਿਅਤ ਬਣਾਉਣ ਦੇ ਨਾਲ-ਨਾਲ ਮਾਲ ਵਿਭਾਗ ਦੀਆਂ ਕਾਰਵਾਈਆਂ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਣ ਨੂੰ ਮਦਦਗਾਰ ਸਿੱਧ ਹੁੰਦੀ ਹੈ।
ਡਾ.ਅਗਰਵਾਲ ਨੇ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਮਾਲ ਵਿਭਾਗ ਵਿੱਚ ਪਟਵਾਰੀਆਂ ਦੀ ਭਰਤੀ ਕਰਨ ਲਈ ਉਠਾਏ ਗਏ ਕ੍ਰਾਂਤੀਕਾਰੀ ਕਦਮਾਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਹੇਠਲੇ ਪੱਧਰ ’ਤੇ ਸੁਚਾਰੂ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਨਾਲ-ਨਾਲ ਅਸਰਦਾਰ ਢੰਗ ਨਾਲ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।
ਡਿਪਟੀ ਕਮਿਸ਼ਨਰ ਨੇ ਨਵ ਨਿਯੁਕਤ ਪਟਵਾਰੀਆਂ ਨੂੰ ਆਪਣੀ ਡਿਊਟੀ ਪੂਰੀ ਜਿੰਮੇਵਾਰੀ ਤੇ ਲਗਨ ਨਾਲ ਨਿਭਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।
————–
