ਜਲੰਧਰ, 22 ਅਗਸਤ : ਹਾਈਵੇ ’ਤੇ ਹੁੰਦੇ ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਵਾਹਨ ਚਾਲਕ ਆਪਣੇ ਵਾਹਨ ਹਾਈਵੇ ਦੇ ਕਿਨਾਰੇ ਖੜ੍ਹੇ ਨਹੀਂ ਕਰੇਗਾ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਾਈਵੇ ਕਿਨਾਰੇ ਖੜ੍ਹੇ ਵਾਹਨਾਂ ਕਾਰਨ ਹਾਦਸੇ ਹੋਣ ਦਾ ਡਰ ਬਣਿਆ ਰਹਿੰਦਾ ਹੈ। ਉਨ੍ਹਾਂ ਸਕੱਤਰ ਆਰ.ਟੀ.ਏ., ਆਰ.ਟੀ.ਓ., ਪੁਲਿਸ ਅਤੇ ਸੜਕ ਸੁਰੱਖਿਆ ਫੋਰਸ ਦੇ ਅਧਿਕਾਰੀਆਂ ਨੂੰ ਕਿਹਾ ਕਿ ਅਜਿਹੇ ਵਾਹਨਾਂ ’ਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਹਾਈਵੇ ਦੇ ਕਿਨਾਰੇ ‘ਤੇ ਬਣੇ ਢਾਬਿਆਂ ਦੇ ਮਾਲਕਾਂ ਨੂੰ ਵੀ ਸਖ਼ਤ ਨਿਰਦੇਸ਼ ਦਿੱਤੇ ਕਿ ਵਾਹਨਾਂ ਦਾ ਢਾਬੇ ਦੀ ਪਾਰਕਿੰਗ ਦੇ ਅੰਦਰ ਖੜ੍ਹੇ ਹੋਣਾ ਯਕੀਨੀ ਜਾਵੇ ਤਾਂ ਜੋ ਹਾਦਸਿਆਂ ਤੋਂ ਬਚਾਅ ਹੋ ਸਕੇ। ਉਨ੍ਹਾਂ ਕਿਹਾ ਕਿ ਢਾਬੇ ਦੇ ਬਾਹਰ ਹਾਈਵੇ ’ਤੇ ਖੜ੍ਹੇ ਵਾਹਨ ਕਾਰਨ ਜੇਕਰ ਕੋਈ ਹਾਦਸਾ ਵਪਾਰਦਾ ਹੈ ਤਾਂ ਸਬੰਧਤ ਢਾਬਾ ਮਾਲਕ ਦੀ ਜ਼ਿੰਮੇਵਾਰੀ ਵੀ ਤੈਅ ਕੀਤੀ ਜਾਵੇਗੀ।
ਡਾ. ਅਗਰਵਾਲ ਨੇ ਪਿੰਡਾਂ ਦੀਆਂ ਹਾਈਵੇ ’ਤੇ ਮਿਲਦੀਆਂ ਸੜਕਾਂ ’ਤੇ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਸਬੰਧਤ ਵਿਭਾਗਾਂ ਨੂੰ ਠੋਸ ਉਪਰਾਲੇ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਜਿਥੇ ਕਿਤੇ ਵੀ ਪਿੰਡਾਂ ਦੀਆਂ ਸੜਕਾਂ ਹਾਈਵੇ ਉਤੇ ਮਰਜ ਹੁੰਦੀਆਂ ਹਨ, ਅਜਿਹੇ ਪੁਆਇੰਟਾਂ ’ਤੇ ਵਾਹਨਾਂ ਦੀ ਰਫ਼ਤਾਰ ਘੱਟ ਕਰਨ ਲਈ ਸਾਈਨ ਬੋਰਡ, ਰੰਬਲ ਸਟ੍ਰਿਪਸ, ਰੋਡ ਸਟੱਡਸ ਆਦਿ ਲਗਾਏ ਜਾਣ ਤਾਂ ਜੋ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਪੀ.ਡਬਲਯੂ.ਡੀ. ਅਤੇ ਮੰਡੀਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਸਬੰਧੀ ਜਲਦ ਤੋਂ ਜਲਦ ਤਜਵੀਜਾਂ ਤਿਆਰ ਕੇ ਭੇਜੀਆਂ ਜਾਣ। ਇਸ ਤੋਂ ਇਲਾਵਾ ਉਨ੍ਹਾਂ ਦਿਨ ਸਮੇਂ ਸ਼ਹਿਰ ਵਿੱਚ ਹੈਵੀ ਵਾਹਨਾਂ ਦੀ ਆਵਾਜਾਈ ’ਤੇ ਸਖ਼ਤੀ ਨਾਲ ਰੋਕ ਲਗਾਉਣ ਦੀ ਹਦਾਇਤ ਵੀ ਕੀਤੀ।
ਡਾ. ਅਗਰਵਾਲ ਨੇ ਕਿਹਾ ਕਿ ਹਾਈਵੇ ’ਤੇ ਕੋਈ ਵਾਹਨ ਖ਼ਰਾਬ ਹੋ ਜਾਣ ਦੀ ਸੂਰਤ ਵਿੱਚ ਮਦਦ ਲਈ ਲੋਕ ਨੈਸ਼ਨਲ ਹਾਈਵੇ ਦੇ ਹੈਲਪਲਾਈਨ ਨੰਬਰ 1033 ਜਾਂ ਐਮਰਜੈਂਸੀ ਨੰਬਰ 112 ’ਤੇ ਫੋਨ ਕਰ ਸਕਦੇ ਹਨ। ਇਸ ਤੋਂ ਇਲਾਵਾ ਸੜਕ ਜਾਮ ਦੀ ਸਮੱਸਿਆ, ਅਣ ਅਧਿਕਾਰਤ ਕੱਟਾਂ, ਟ੍ਰੈਫਿਕ ਲਾਈਟਾਂ ਤੇ ਸੁਝਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਵਟਸਐਪ ਹੈਲਪਲਾਈਨ ਨੰਬਰ 9646-222-555 ’ਤੇ ਮੈਸੇਜ ਭੇਜਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਹੈਲਪਲਾਈਨ ਰਾਹੀਂ ਪ੍ਰਾਪਤ ਸਮੱਸਿਆ ਜਾਂ ਸੁਝਾਅ ਨੂੰ ਸਬੰਧਤ ਵਿਭਾਗ ਨੂੰ ਭੇਜ ਕੇ ਉਸਦਾ ਹੱਲ ਕਰਵਾਇਆ ਜਾਵੇਗਾ।
ਡਾ. ਅਗਰਵਾਲ ਨੇ ਮੀਟਿੰਗ ਵਿੱਚ ਐਸ.ਡੀ.ਐਮਜ਼ ਅਤੇ ਐਨ.ਐਚ.ਏ.ਆਈ. ਵੱਲੋਂ ਪੇਸ਼ ਕੀਤੀ ਬਲੈਕ ਸਪਾਟਸ ਦੀ ਸੂਚੀ ਦਾ ਵੀ ਜਾਇਜ਼ਾ ਲਿਆ ਅਤੇ ਇਨ੍ਹਾਂ ਨੂੰ ਠੀਕ ਕਰਨ ਲਈ ਸਬੰਧਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਅਮਲ ਵਿੱਚ ਲਿਆਉਣ ਲਈ ਕਿਹਾ।
ਡਿਪਟੀ ਕਮਿਸ਼ਨਰ ਨੇ ਸੇਫ਼ ਸਕੂਲ ਪਾਲਿਸੀ ਦੀ ਪਾਲਣਾ, ਓਵਰ ਲੋਡਿੰਗ, ਓਵਰ ਸਪੀਡ, ਸ਼ਰਾਬ ਪੀ ਕੇ ਵਾਹਨ ਚਲਾਉਣ ਸਮੇਤ ਹੋਰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟਣ ਅਤੇ ਜਾਗਰੂਕਤਾ ਗਤੀਵਿਧੀਆਂ ਦਾ ਵੀ ਜਾਇਜ਼ਾ ਲਿਆ।
ਮੀਟਿੰਗ ਵਿੱਚ ਐਸ.ਡੀ.ਐਮ. ਆਦਮਪੁਰ ਵਿਵੇਕ ਕੁਮਾਰ ਮੋਦੀ (ਵਾਧੂ ਚਾਰਜ ਵਧੀਕ ਡਿਪਟੀ ਕਮਿਸ਼ਨਰ ਦਿਹਾਤੀ ਵਿਕਾਸ), ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਬਲਬੀਰ ਰਾਜ ਸਿੰਘ, ਜੁਆਇੰਟ ਕਮਿਸ਼ਨਰ ਨਗਰ ਨਿਗਮ ਜਲੰਧਰ ਸੁਮਨਦੀਪ ਕੌਰ, ਏ.ਆਰ.ਟੀ.ਓ. ਵਿਸ਼ਾਲ ਗੋਇਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਮੇਟੀ ਦੇ ਮੈਂਬਰ ਵੀ ਮੌਜੂਦ ਸਨ।
