ਜਲੰਧਰ : ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਨੇ ਹੜ੍ਹ ਪੀੜਤ ਕਿਸਾਨਾਂ ਨੂੰ ਵੱਡੀ ਰਾਹਤ ਦੇਣ ਦਾ ਫ਼ੈਸਲਾ ਲਿਆ ਹੈ। ਪਹਿਲੀ ਵਾਰ ਖਰਾਬ ਹੋਈ ਫ਼ਸਲ ਲਈ ਕਿਸਾਨਾਂ ਨੂੰ 20,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾ ਰਿਹਾ ਹੈ।
ਇਸ ਨਾਲ ਹੀ ਘਰਾਂ ਅਤੇ ਪਸ਼ੂਆਂ ਦੇ ਨੁਕਸਾਨ ਦਾ ਮੁਆਵਜ਼ਾ ਯਕੀਨੀ ਬਣਾਉਣ ਲਈ ਸਰਵੇ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕਿਸਾਨ-ਹਿਤੈਸ਼ੀ ਨੀਤੀ “ਜਿਸ ਦਾ ਖੇਤ, ਉਸ ਦੀ ਰੇਤ” ਤਹਿਤ ਹੁਣ ਕਿਸਾਨ ਆਪਣੇ ਖੇਤਾਂ ‘ਚ ਹੜ੍ਹ ਨਾਲ ਆਈ ਰੇਤ ਦੀ ਆਪਣੀ ਮਰਜ਼ੀ ਅਨੁਸਾਰ ਵਰਤੋਂ ਕਰ ਸਕਣਗੇ ਜਾਂ ਇਸਨੂੰ ਵੇਚ ਕੇ ਵਾਧੂ ਆਮਦਨ ਪ੍ਰਾਪਤ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਿਸੇ ਵੀ ਸਰਕਾਰ ਨੇ ਕਿਸਾਨਾਂ ਨੂੰ ਇੰਨੀ ਵੱਡੀ ਰਾਹਤ ਨਹੀਂ ਦਿੱਤੀ। ਉਨ੍ਹਾਂ ਅੱਗੇ ਕਿਹਾ ਕਿ
ਘਰਾਂ ਅਤੇ ਪਸ਼ੂਆਂ ਦੇ ਨੁਕਸਾਨ ਦੀ ਭਰਪਾਈ ਲਈ ਸ਼ੁਰੂ ਕੀਤੇ ਗਏ ਸਰਵੇ ਰਾਹੀਂ ਪੀੜਤ ਪਰਿਵਾਰਾਂ ਨੂੰ ਜਲਦੀ ਹੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦਾ ਇਹ ਕਦਮ ਨਾ ਸਿਰਫ਼ ਮੌਜੂਦਾ ਸੰਕਟ ਵਿੱਚ ਕਿਸਾਨਾਂ ਨੂੰ ਸਹਾਰਾ ਦੇਵੇਗਾ, ਸਗੋਂ ਭਵਿੱਖ ਵਿੱਚ ਵੀ ਉਨ੍ਹਾਂ ਦੇ ਆਤਮ-ਵਿਸ਼ਵਾਸ ਅਤੇ ਮਿਹਨਤ ਨੂੰ ਮਜ਼ਬੂਤ ਕਰੇਗਾ।
———
