ਡਿਪਟੀ ਕਮਿਸ਼ਨਰ ਵੱਲੋਂ ਏਜੰਸੀਆਂ ਨੂੰ ਵਿਕਾਸ ਪ੍ਰਾਜੈਕਟਾਂ ‘ਚ ਉੱਚ ਗੁਣਵੱਤਾ ਮਿਆਰ ਕਾਇਮ ਰੱਖਣ ਦੇ ਨਿਰਦੇਸ਼

ਜਲੰਧਰ, 8 ਨਵੰਬਰ:  ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਦੀਆਂ ਸਮੂਹ ਕਾਰਜਕਾਰੀ ਏਜੰਸੀਆਂ ਨੂੰ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਵਿੱਚ ਉੱਚ ਗੁ੍ਵਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਉਪ ਮੰਡਲ ਮੈਜਿਸਟ੍ਰੇਟਾਂ (ਐਸ.ਡੀ.ਐਮ) ਅਤੇ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ), ਪੰਜਾਬ ਮੰਡੀ ਬੋਰਡ, ਪੰਚਾਇਤੀ ਰਾਜ, ਜਲੰਧਰ ਨਗਰ ਨਿਗਮ ਅਤੇ ਵੱਖ-ਵੱਖ ਨਗਰ ਕੌਂਸਲਾਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਅਗਰਵਾਲ ਨੇ ਜ਼ੋਰ ਦਿੱਤਾ ਕਿ ਰਾਜ ਸਰਕਾਰ ਨੇ ਸਾਰੇ ਪ੍ਰਾਜੈਕਟਾਂ ਵਿੱਚ ਸਖ਼ਤ ਗੁਣਵੱਤਾ ਮਾਪਦੰਡ ਲਾਜ਼ਮੀ ਬਣਾਉਣ ਲਈ ਸਪਸ਼ਟ ਨਿਰਦੇਸ਼ ਜਾਰੀ ਕੀਤੇ ਹਨ।

ਕਮਿਸ਼ਨਰ ਜਲੰਧਰ ਨਗਰ ਨਿਗਮ ਸੰਦੀਪ ਰਿਸ਼ੀ ਸਮੇਤ ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਚੱਲ ਰਹੇ ਕੰਮਾਂ ਦਾ ਵਿਅਕਤੀਗਤ ਤੌਰ ‘ਤੇ ਨਿਰੀਖਣ ਕਰਨ ਅਤੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅੱਗੇ ਕਿਹਾ ਕਿ ਨਿਰੀਖਣ ਰਿਪੋਰਟਾਂ ਨੂੰ ਸੰਕਲਿਤ ਕੀਤਾ ਜਾਵੇਗਾ ਅਤੇ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪੱਧਰੀ ਵਿਆਪਕ ਰਿਪੋਰਟ ਤਿਆਰ ਕਰਨ ਲਈ ਇਨ੍ਹਾਂ ਦੀ ਸਮੀਖਿਆ ਕੀਤੀ ਜਾਵੇਗੀ।

ਡਾ. ਅਗਰਵਾਲ ਨੇ ਸਪੱਸ਼ਟ ਕਿਹਾ ਕਿ ਜਿੱਥੇ ਵੀ ਕੋਈ ਊਣਤਾਈ ਪਾਈ ਗਈ, ਉਸ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਗੁਣਵੱਤਾ ਅਤੇ ਮਿਆਰਾਂ ਨਾਲ ਸਮਝੌਤਾ ਕਰਨ ਵਾਲੇ ਕਿਸੇ ਵੀ ਅਧਿਕਾਰੀ ਜਾਂ ਏਜੰਸੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਨਿਰਦੇਸ਼ ਪੰਜਾਬ ਭਰ ਵਿੱਚ ਵਿਕਾਸ ਪਹਿਲਕਦਮੀਆਂ ਵਿੱਚ ਪਾਰਦਰਸ਼ਤਾ ਨੂੰ ਹੋਰ ਵਧਾਉਣ ਲਈ ਰਾਜ ਸਰਕਾਰ ਵੱਲੋਂ ਹਾਲ ਹੀ ਵਿੱਚ ਜਾਰੀ ਵਿਸਥਾਰਤ ਦਿ਼ਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ।

Leave a Comment

Your email address will not be published. Required fields are marked *

Scroll to Top