ਜਲੰਧਰ, 12 ਨਵੰਬਰ : ਖੇਤਰੀ ਪਾਸਪੋਰਟ ਦਫ਼ਤਰ (ਆਰ.ਪੀ.ਓ.), ਜਲੰਧਰ ਵੱਲੋਂ ਬੁੱਧਵਾਰ ਨੂੰ ਇੱਕ ਪਾਸਪੋਰਟ ਅਦਾਲਤ ਲਗਾਈ ਗਈ, ਜਿਸ ਵਿੱਚ ਪਾਸਪੋਰਟ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਦੇ ਹੱਲ ਲਈ ਲਗਭਗ 350 ਬਿਨੈਕਾਰਾਂ ਨੇ ਹਿੱਸਾ ਲਿਆ। ਇਸ ਪਹਿਲਕਦਮੀ ਦਾ ਉਦੇਸ਼ ਲੰਬਿਤ ਮਾਮਲਿਆਂ ਵਿੱਚ ਤੇਜ਼ੀ ਲਿਆਉਣਾ ਅਤੇ ਨਾਗਰਿਕਾਂ ਨੂੰ ਸੁਚਾਰੂ ਸੇਵਾਵਾਂ ਪ੍ਰਦਾਨ ਕਰਨਾ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤਰੀ ਪਾਸਪੋਰਟ ਅਫ਼ਸਰ ਸ਼੍ਰੀ ਯਸ਼ਪਾਲ ਨੇ ਦੱਸਿਆ ਕਿ ਪਾਸਪੋਰਟ ਜਾਰੀ ਕਰਨ ਲਈ 250 ਤੋਂ ਵੱਧ ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਦਕਿ ਬਾਕੀ ਮਾਮਲਿਆਂ ‘ਤੇ ਜ਼ਰੂਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਅਦਾਲਤ ਦੌਰਾਨ ਅਧਿਕਾਰੀਆਂ ਵੱਲੋਂ 350 ਤੋਂ ਵੱਧ ਮਾਮਲਿਆਂ ਦੀ ਸੁਣਵਾਈ ਕੀਤੀ ਗਈ, ਜਿਨ੍ਹਾਂ ਵਿੱਚੋਂ 250 ਨੂੰ ਮੌਕੇ ‘ਤੇ ਹੀ ਪ੍ਰਵਾਨਗੀ ਦਿੱਤੀ ਗਈ। ਆਰ.ਪੀ.ਓ. ਨੇ ਕਿਹਾ ਕਿ ਬਿਨੈਕਾਰਾਂ ਦੀ ਸਹੂਲਤ ਅਤੇ ਪਾਸਪੋਰਟ ਸੇਵਾਵਾਂ ਦੀ ਤੇਜ਼ੀ ਨਾਲ ਸਪੁਰਦਗੀ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਅਦਾਲਤਾਂ ਅਤੇ ਵਿਸ਼ੇਸ਼ ਕੈਂਪ ਨਿਯਮਿਤ ਤੌਰ ‘ਤੇ ਲਗਾਏ ਜਾਣਗੇ।
ਉਨ੍ਹਾਂ ਅੱਗੇ ਦੱਸਿਆ ਕਿ ਪੈਂਡਿੰਗ ਫਾਈਲਾਂ ਵਾਲੇ ਬਿਨੈਕਾਰ ਕਿਸੇ ਵੀ ਕੰਮਕਾਜ ਵਾਲੇ ਦਿਨ ਸਵੇਰੇ 9:30 ਵਜੇ ਤੋਂ ਦੁਪਹਿਰ 12:30 ਵਜੇ ਦਰਮਿਆਨ, ਪੂਰਵ ਆਨਲਾਈਨ ਅਪਾਇੰਟਮੈਂਟ ਦੇ ਨਾਲ ਜਾਂ ਬਿਨਾਂ, ਸਾਰੇ ਸਬੰਧਿਤ ਦਸਤਾਵੇਜ਼ ਲੈ ਕੇ ਦਫ਼ਤਰ ਆ ਸਕਦੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਇਸੇ ਤਰ੍ਹਾਂ ਦੇ ਆਊਟਰੀਚ ਯਤਨਾਂ ਤਹਿਤ 10 ਤੋਂ 12 ਨਵੰਬਰ ਤੱਕ ਤਹਿਸੀਲ ਕੰਪਲੈਕਸ, ਐਸ.ਬੀ.ਐਸ. ਨਗਰ ਵਿਖੇ ਤਾਇਨਾਤ ਆਰ.ਪੀ.ਓ. ਦੀ ਮੋਬਾਈਲ ਵੈਨ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ। ਇਸ ਦੀ ਸਫ਼ਲਤਾ ਤੋਂ ਉਤਸ਼ਾਹਿਤ ਹੋ ਕੇ ਖੇਤਰੀ ਪਾਸਪੋਰਟ ਦਫ਼ਤਰ ਨੇ ਆਪਣੇ ਅਧਿਕਾਰ ਖੇਤਰ ਅਧੀਨ ਹੋਰ ਥਾਵਾਂ ‘ਤੇ ਮੋਬਾਈਲ ਵੈਨ ਸਹੂਲਤ ਦਾ ਵਿਸਥਾਰ ਕਰਨ ਦੀ ਯੋਜਨਾ ਦਾ ਐਲਾਨ ਕੀਤਾ ਹੈ, ਜਿਸ ਨਾਲ ਪੂਰੇ ਖੇਤਰ ਵਿੱਚ ਪਾਸਪੋਰਟ ਸੇਵਾਵਾਂ ਤੱਕ ਪਹੁੰਚ ਹੋਰ ਬਿਹਤਰ ਹੋਵੇਗੀ।

















































