ਚੰਡੀਗੜ੍ਹ, 19 ਨਵੰਬਰ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਅੰਦਰ ਮਿੱਥ ਕੇ ਕੀਤੇ ਜਾ ਰਹੇ ਹਮਲਿਆਂ ਅਤੇ ਕਤਲਾਂ ਪਿੱਛੇ ਕਿਸੇ ਖਤਰਨਾਕ ਸਾਜਿਸ਼ ਦੀ ਬਦਬੂ ਆਉਣ ਦਾ ਖ਼ਦਸ਼ਾ ਪ੍ਰਗਟਾਉਂਦੇ ਹੋਏ, ਚੇਤਾਵਨੀ ਦਿੱਤੀ ਹੈ ਕਿ ਇਸਦਾ ਉਦੇਸ਼ ਸੰਵੇਦਨਸ਼ੀਲ ਸਰਹੱਦੀ ਸੂਬੇ ਵਿੱਚ ਲੋਕਾਂ ਨੂੰ ਵੰਡਣਾ ਹੈ।
ਉਨ੍ਹਾਂ ਕਿਹਾ ਕਿ ਗੈਂਗਸਟਰਾਂ ਦਾ “ਮਿੱਥ ਕੇ ਕੀਤੀਆਂ ਜਾ ਰਹੀਆਂ ਹੱਤਿਆਵਾਂ” ਵਿੱਚ ਸ਼ਾਮਲ ਹੋਣਾ ਅਤੇ ਫਿਰ ਇਨ੍ਹਾਂ ਨੂੰ ਜਾਇਜ਼ ਠਹਿਰਾਉਣ ਦੀ ਕੋਸ਼ਿਸ਼ ਕਰਨਾ ਬਹੁਤ ਹੀ ਖ਼ਤਰਨਾਕ ਹੈ ਅਤੇ ਇਸਦੇ ਭਿਆਨਕ ਨਤੀਜੇ ਸਾਹਮਣੇ ਆ ਸਕਦੇ ਹਨ। ਜਿਸ ਬੁਰਾਈ ਨੂੰ ਉਨ੍ਹਾਂ ਨੇ ਮੁੱਢੋਂ ਹੀ ਨਸ਼ਟ ਕਰਨ ਸਬੰਧੀ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਅਪੀਲ ਕੀਤੀ ਹੈ।
ਇੱਥੇ ਜਾਰੀ ਇੱਕ ਬਿਆਨ ਵਿੱਚ ਸੂਬਾ ਕਾਂਗਰਸ ਪ੍ਰਧਾਨ ਨੇ ਧਰਮ ਦਾ ਆਸਰਾ ਲੈਣ ਵਾਲੇ ਅਪਰਾਧੀਆਂ ਅਤੇ ਗੈਂਗਸਟਰਾਂ ਵਿਰੁੱਧ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਅਜਿਹੀ ਸਾਜ਼ਿਸ਼ ਉਦੋਂ ਵਧੇਰੇ ਘਾਤਕ ਹੁੰਦੀ ਹੈ, ਜਦੋਂ ਅਪਰਾਧੀ ਆਪਣੀਆਂ ਹੱਤਿਆਵਾਂ ਨੂੰ ਜਾਇਜ਼ ਠਹਿਰਾਉਣ ਅਤੇ ਕਿਸੇ ਧਾਰਮਿਕ ਕਾਰਨ ਹੇਠ ਛੁਪਣ ਦੀ ਕੋਸ਼ਿਸ਼ ਕਰਦੇ ਹਨ। ਇਸ ਸਬੰਧ ਵਿੱਚ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਫਿਰੋਜ਼ਪੁਰ ਵਿੱਚ ਆਰ.ਐਸ.ਐਸ. ਦੇ ਵਲੰਟੀਅਰ ਨਵੀਨ ਅਰੋੜਾ ਦੀ ਹੱਤਿਆ ਦੀ ਜ਼ਿੰਮੇਵਾਰੀ ਲੈਣ ਵਾਲੇ ਇੱਕ ਸਵੈ-ਭੂ ਗਰੁੱਪ ਦਾ ਹਵਾਲਾ ਦਿੱਤਾ।
ਇਸੇ ਤਰ੍ਹਾਂ, ਉਨ੍ਹਾਂ ਨੇ ਇੱਕ ਸ਼ਿਵ ਸੈਨਾ ਆਗੂ ਉੱਪਰ ਵੀ ਹਮਲੇ ਦਾ ਜ਼ਿਕਰ ਕੀਤਾ।
ਉਨ੍ਹਾਂ ਨੇ ਭਰੋਸਾ ਪ੍ਰਗਟਾਇਆ ਕਿ ਪੰਜਾਬ ਦੇ ਲੋਕ ਹਮੇਸ਼ਾ ਫਿਰਕੂ ਸਦਭਾਵਨਾ ਅਤੇ ਭਾਈਚਾਰੇ ਦੇ ਨਾਲ ਖੜ੍ਹੇ ਰਹੇ ਹਨ। ਹਾਲਾਂਕਿ ਵੜਿੰਗ ਨੇ ਸਰਕਾਰ ਨੂੰ ਇਨ੍ਹਾਂ ਘਟਨਾਵਾਂ ਨੂੰ ਹਲਕੇ ਵਿੱਚ ਨਾ ਲੈਣ ਦੀ ਚੇਤਾਵਨੀ ਦਿੱਤੀ। ਉਨ੍ਹਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਦੇ ਕਾਬੂ ਤੋਂ ਬਾਹਰ ਹੋਣ ਦੀ ਖ਼ਤਰਨਾਕ ਸੰਭਾਵਨਾ ਹੈ। ਇਨ੍ਹਾਂ ਹਾਲਾਤਾਂ ਵਿੱਚ ਪੰਜਾਬ ਕਤਲਾਂ ਅਤੇ ਖੂਨ-ਖਰਾਬੇ ਦੇ ਇੱਕ ਹੋਰ ਯੁੱਗ ਨੂੰ ਬਰਦਾਸ਼ਤ ਨਹੀਂ ਕਰ ਸਕਦਾ।
ਸੂਬਾ ਕਾਂਗਰਸ ਪ੍ਰਧਾਨ ਨੇ ਹੈਰਾਨੀ ਪ੍ਰਗਟ ਕੀਤੀ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਨਿਰਦੋਸ਼ ਲੋਕਾਂ ਦੀਆਂ ਹੱਤਿਆਵਾਂ ਅਤੇ ਗੈਂਗਸਟਰਾਂ ਦੁਆਰਾ ਵਧ ਰਹੇ ਅਪਰਾਧਾਂ ‘ਤੇ ਪੱਥਰ ਵਾਂਗ ਚੁੱਪੀ ਧਾਰ ਲਈ ਹੈ।

















































